ਭਗਵੰਤ ਮਾਨ ਭ੍ਰਿਸ਼ਟਾਚਾਰੀ ਗਿਰੋਹ ਨੂੰ ਬਚਾ ਰਹੇ ਹਨ : ਸਿੰਗਲਾ ਭਗਵੰਤ ਮਾਨ ਭ੍ਰਿਸ਼ਟਾਚਾਰੀ ਗਿਰੋਹ ਨੂੰ ਬਚਾ ਰਹੇ ਹਨ-ਸਿੰਗਲਾ
Publish Date: Wed, 07 Oct 2026 04:27 PM (IST)
Updated Date: Wed, 07 Oct 2026 04:29 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ, ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੂੰ ਕਥਿਤ ਭ੍ਰਿਸ਼ਟਾਚਾਰ ਦਾ ਅੱਡਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਖ਼ੁਦ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਵਿੱਚ ਲੱਗੇ ਹੋਏ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁੱਖ ਮੰਤਰੀ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਅਤੇ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਕੇਂਦਰੀ ਅੰਵੇਸ਼ਣ ਬਿਊਰੋ (ਸੀਬੀਆਈ) ਨੂੰ ਸੌਂਪਣ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਾ ਇਸ ਦਾ ਪੁਖ਼ਤਾ ਸਬੂਤ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਹਾਈਕੋਰਟ ਵੱਲੋਂ ਜਾਂਚ ਸੀਬੀਆਈ ਨੂੰ ਸੌਂਪੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਫੈਸਲੇ ਨੇ ਸਰਕਾਰ ਦੇ ਕੱਟੜ ਇਮਾਨਦਾਰ ਹੋਣ ਦੇ ਦਾਅਵਿਆਂ ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿਚ ਜੋ “ਇਮਾਨਦਾਰ ਸੀਐਮ” ਦੇ ਬੋਰਡ ਲਗਾਏ ਹਨ, ਉਨ੍ਹਾਂ ਨੂੰ ਹੁਣ ਤੁਰੰਤ ਬੇਈਮਾਨ ਸੀਐਮ ਦੇ ਬੋਰਡਾਂ ਨਾਲ ਬਦਲ ਦੇਣਾ ਚਾਹੀਦਾ ਹੈ। ਸਿੰਗਲਾ ਨੇ ਅੱਗੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਤਿੰਨ ਵਾਰ ਪੱਤਰ ਭੇਜੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਤੱਕ ਦਰਜ ਨਹੀਂ ਕੀਤੀ। ਜੇਕਰ ਪੰਜਾਬ ਸਰਕਾਰ ਸੱਚੀ ਹੁੰਦੀ ਤਾਂ ਉਹ ਇਸ ਜਾਂਚ ਨੂੰ ਹਾਈਕੋਰਟ ਦੀ ਨਿਗਰਾਨੀ ਹੇਠ ਕਰਵਾ ਸਕਦੀ ਸੀ। ਪੰਜਾਬ ਸਰਕਾਰ ਨੇ ਅਜਿਹਾ ਨਹੀਂ ਕੀਤਾ, ਕਿਉਂਕਿ ਦਾਲ ਵਿੱਚ ਕੁਝ ਕਾਲਾ ਹੈ। ਜੇਕਰ ਸਰਕਾਰ ਖ਼ੁਦ ਨੂੰ ਇਮਾਨਦਾਰ ਮੰਨਦੀ ਹੈ ਤਾਂ ਜਾਂਚ ਤੋਂ ਬਚਣ ਲਈ ਦੇਰ ਰਾਤ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਕੀ ਲੋੜ ਸੀ? ਆਪ ਸਰਕਾਰ ਦੇ ਮੰਤਰੀਆਂ ਦਾ ਜ਼ਿਕਰ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ ਇਸ ਸਰਕਾਰ ਦੇ ਤਤਕਾਲੀ ਮੰਤਰੀ ਵਿਜੇ ਸਿੰਗਲਾ, ਫੌਜਾ ਸਿੰਘ ਸਰਾਰੀ, ਸੰਜੀਵ ਅਰੋੜਾ ਅਤੇ ਵਿਧਾਇਕ ਅਮਿਤ ਰਤਨ ਕੋਟਫੱਤਾ ਤੇ ਜਸਵੰਤ ਸਿੰਘ ਗੱਜਣਮਾਜਰਾ ਭ੍ਰਿਸ਼ਟਾਚਾਰ ਜਾਂ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਫਸ ਚੁੱਕੇ ਹਨ। ਜਦਕਿ ਤਤਕਾਲੀ ਮੰਤਰੀ ਲਾਲਜੀਤ ਸਿੰਘ ਭੁੱਲਰ ਇੱਕ ਸਰਕਾਰੀ ਅਧਿਕਾਰੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਜੇਲ੍ਹ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਇਨ੍ਹਾਂ ਦੇ ਅਸਲੀ ਚਿਹਰੇ ਨੂੰ ਪਛਾਣ ਚੁੱਕੀ ਹੈ।