10 ਨਵੰਬਰ ਨੂੰ ਸ਼ੁਰੂ ਹੋਵੇਗੀ ਸੁਖਬੀਰ ਬਾਦਲ ਦੀ ‘ਪੰਜਾਬ ਬਚਾਓ ਯਾਤਰਾ’ 10 ਨਵੰਬਰ ਨੂੰ ਸ਼ੁਰੂ ਹੋਵੇਗੀ ਸੁਖਬੀਰ ਬਾਦਲ ਦੀ ‘ਪੰਜਾਬ ਬਚਾਓ ਯਾਤਰਾ’,
Publish Date: Wed, 21 Oct 2026 04:27 PM (IST)
Updated Date: Wed, 21 Oct 2026 04:30 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ: ਸ਼ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪੰਜਾਬ ਦੀ ਸਿਆਸਤ ਵਿਚ ਸਰਗਰਮੀਆਂ ਤੇਜ਼ ਕਰਦਿਆਂ 10 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਸ਼ੁਰੂ ਹੋਣ ਵਾਲੀ ‘ਪੰਜਾਬ ਬਚਾਓ ਯਾਤਰਾ’ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਸਬੰਧੀ ਹਲਕਾ ਤਲਵੰਡੀ ਸਾਬੋ ਦੇ ਪੰਜਾਬ ਪੈਲੇਸ ਵਿਖੇ ਹਲਕਾ ਇੰਚਾਰਜ ਅਤੇ ਪਾਰਟੀ ਦੇ ਉਮੀਦਵਾਰ ਰਵੀ ਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਪੰਜਾਬ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਜਿੱਥੇ ਨੌਜਵਾਨਾਂ ਨੂੰ ਸਿੱਖੀ ਤੇ ਸਮਾਜਿਕ ਜ਼ਿੰਮੇਵਾਰੀਆਂ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ, ਉੱਥੇ ਹੀ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਵੀ ਕੀਤੇ ਗਏ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਮੌਕੇ ਹਾਜ਼ਰ ਆਗੂਆਂ ਅਤੇ ਨੌਜਵਾਨਾਂ ਨੇ ਮੂਲ ਮੰਤਰ ਦਾ ਜਾਪ ਕੀਤਾ ਅਤੇ ਮੌਨ ਧਾਰ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਹਲਕਾ ਇੰਚਾਰਜ ਰਵੀ ਪ੍ਰੀਤ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸਿੱਖੀ ਸਰੂਪ ਅਪਣਾਉਣ, ਕੇਸ ਰੱਖਣ ਅਤੇ ਦਸਤਾਰ ਸਜਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਨੂੰ ਸਮਾਜ ਅਤੇ ਪੰਜਾਬ ਦੀ ਬਿਹਤਰੀ ਲਈ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨੌਜਵਾਨਾਂ ਨੂੰ ਸਿੱਖੀ, ਚੰਗੇ ਸੰਸਕਾਰਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਸਿੱਧੂ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ 10 ਨਵੰਬਰ ਦੀ ‘ਪੰਜਾਬ ਬਚਾਓ ਯਾਤਰਾ’ ਨੂੰ ਸਫਲ ਬਣਾਉਣ ਲਈ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਸਰਕਲ ਪੱਧਰੀ ਆਗੂਆਂ ਦੀਆਂ ਡਿਊਟੀਆਂ ਲਗਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਬਾਕਸ ਸਰਬਜੀਤ ਸਿੰਘ ਝਿੰਜਰ ਨੇ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ਉਨ੍ਹਾਂ ਇਸ ਸਥਿਤੀ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੇ ਖਾਤਮੇ ਦੇ ਮਾਮਲੇ ਵਿੱਚ ਉਮੀਦਾਂ ’ਤੇ ਖਰੀ ਨਹੀਂ ਉਤਰੀ। ਝਿੰਜਰ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਖ਼ਤਮ ਹੁੰਦੀ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਦੌਰਾਨ ਵੀ ਚਾਰ ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਸਮੱਸਿਆ ਜਿਉਂ ਦੀ ਤਿਉਂ ਬਣੀ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਝੋਟਾ ਦੀ ਕੁਰਬਾਨੀ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ।ਮੀਡੀਆ ਨਾਲ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਭਾਜਪਾ ਵੱਲੋਂ ਨਸ਼ਿਆਂ ਦੇ ਮੁੱਦੇ ’ਤੇ ਕੱਢੀ ਗਈ ਯਾਤਰਾ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਇਸ ਨੂੰ ਸਿਆਸੀ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮੱਸਿਆ ਦੇ ਹੱਲ ਲਈ ਸਿਰਫ਼ ਯਾਤਰਾਵਾਂ ਕੱਢਣ ਜਾਂ ਦਿਖਾਵੇ ਵਾਲੀਆਂ ਕਾਰਵਾਈਆਂ ਕਰਨ ਦੀ ਬਜਾਏ ਠੋਸ ਕਦਮ ਚੁੱਕਣ ਦੀ ਲੋੜ ਹੈ ਇਸ ਮੌਕੇ ਆਕਾਸ਼ਦੀਪ ਸਿੰਘ ਮਿੱਡੂ ਖੇੜਾ, ਹਰਤਬਾਲ ਸਿੰਘ ਸੁੱਖੀ ਨਿੱਜੀ ਸਹਾਇਕ ਸਿੱਧੂ,ਸਾਬਕਾ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਮਾਨਸਾਹੀਆ, ਦਵਿੰਦਰ ਸਿੰਘ ਕੋਟਬਖਤੂ, ਬੂਟਾ ਸਿੰਘ ਸਰਪੰਚ ਲਾਲੇਆਣਾ, ਐਡਵੋਕੇਟ ਸਤਿੰਦਰ ਸਿੱਧੂ ਸਰਕਲ ਪ੍ਰਧਾਨ, ਜਸਵਿੰਦਰ ਸਿੰਘ ਜੈਲਦਾਰ ਜਗਾ ਰਾਮ ਤੀਰਥ, ਅਮਨਦੀਪ ਸਿੰਘ ਟਾਂਡੀਆਂ, ਮਨਜੀਤ ਸਿੰਘ ਭਾਗੀਵਾਂਦਰ, ਅਰਸ਼ਦੀਪ ਸਿੰਘ ਸਿੱਧੂ ਮਲਕਾਣਾ, ਹਰਮੋਹਿੰਦਰ ਸਿੰਘ ਸਿੱਧੂ, ਨਿੰਮਾ ਬਰਾੜ, ਨਿੱਕਾ ਧਾਲੀਵਾਲ, ਲਾਲੀ ਧਾਲੀਵਾਲ, ਜਿੰਮੀ ਸਿੱਧੂ ਕੌਰੇਆਣਾ ਅਤੇ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਚਰਨਾਂ ਸਿੰਘ ਭਾਗੀਵਾਂਦਰ ਸਮੇਤ ਹਲਕਾ ਤਲਵੰਡੀ ਸਾਬੋ ਦੀ ਯੂਥ ਅਕਾਲੀ ਦਲ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।