ਘੁੰਮਣ ਕਲਾਂ ’ਚ ‘ਆਪ’ ਸਰਕਾਰ ਦਾ ਪੁਤਲਾ ਤੇ ਝਾੜੂ ਫੂਕ ਰੋਸ ਪ੍ਰਦਰਸ਼ਨ ਕੀਤਾ ਘੁੰਮਣ ਕਲਾਂ ’ਚ ‘ਆਪ’ ਸਰਕਾਰ ਦਾ ਪੁਤਲਾ ਤੇ ਝਾੜੂ ਫੂਕ ਰੋਸ ਪ੍ਰਦਰਸ਼ਨ ਕੀਤਾ
Publish Date: Sun, 25 Oct 2026 04:49 PM (IST)
Updated Date: Sun, 25 Oct 2026 04:52 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਬਣੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਮੌੜ ਹਲਕੇ ਦੇ ਪਿੰਡ ਘੁੰਮਣ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਸਿਕੰਦਰ ਸਿੰਘ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਅਤੇ ਝਾੜੂ ਫੂਕ ਕੇ ਆਪਣਾ ਰੋਸ ਜ਼ਾਹਰ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਿਕੰਦਰ ਸਿੰਘ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਿੱਜੀ ਹਿੱਤਾਂ ਲਈ ਨਹੀਂ, ਸਗੋਂ ਸਮਾਜ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਸੰਘਰਸ਼ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਉਸ ਨੇ ਨਸ਼ਾ ਤਸਕਰੀ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਲਾਮਬੰਦ ਕਰਨ ਲਈ ਮੁਹਿੰਮ ਚਲਾਈ ਸੀ। ਕਿਸਾਨ ਆਗੂ ਨੇ ਕਿਹਾ ਕਿ ਐਕਸ਼ਨ ਕਮੇਟੀ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਸਰਕਾਰ ਨੂੰ ਮਾਮਲੇ ਵਿਚ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਡੀਜੀਪੀ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਤਲ ਮਾਮਲੇ ਦੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਭੋਲਾ ਸਿੰਘ, ਪਿੰਡ ਇਕਾਈ ਦੇ ਪ੍ਰਧਾਨ ਚਰਨੀ ਸਿੰਘ, ਖ਼ਜ਼ਾਨਚੀ ਜਗਦੀਪ ਸਿੰਘ, ਸਕੱਤਰ ਸ਼ੇਰਾ ਸਿੰਘ, ਜੱਗਾ ਸਿੰਘ, ਮਹਿਲਾ ਵਿੰਗ ਦੀ ਪ੍ਰਧਾਨ ਅਮਰਜੀਤ ਕੌਰ ਅਤੇ ਖੇਤ ਮਜ਼ਦੂਰ ਆਗੂ ਸਾਗਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਵਰਕਰ ਮੌਜੂਦ ਸਨ।