ਹਰਸਿਮਰਤ ਕੌਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ ਭਰ ਦੀਆਂ ਬੀਬੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਬੀਬੀ ਬਾਦਲ: ਗਿਆਨੀ ਟੇਕ ਸਿੰਘ
Publish Date: Fri, 30 Oct 2026 06:03 PM (IST)
Updated Date: Sat, 31 Oct 2026 04:02 AM (IST)
ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ ਭਰ ਦੀਆਂ ਬੀਬੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਬੀਬੀ ਬਾਦਲ: ਗਿਆਨੀ ਟੇਕ ਸਿੰਘ 3 ਨਵੰਬਰ ਨੂੰ ਮਨਾਇਆ ਜਾਵੇਗਾ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਲੋਕ ਸਭਾ ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਤਖ਼ਤ ਸਾਹਿਬ ਵਿਖੇ ਗੁਰੂ ਚਰਨਾਂ ਵਿੱਚ ਸੀਸ ਨਿਵਾਇਆ, ਗੁਰਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਉਪਰੰਤ ਉਨ੍ਹਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪੰਥਕ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਗਿਆਨੀ ਟੇਕ ਸਿੰਘ ਨੇ ਦੱਸਿਆ ਕਿ 3 ਨਵੰਬਰ ਨੂੰ ਖ਼ਾਲਸੇ ਦੀ ਮਾਤਾ ਮਾਤਾ ਸਾਹਿਬ ਕੌਰ ਜੀ ਦਾ ਪਾਵਨ ਜਨਮ ਦਿਹਾੜਾ ਤਖ਼ਤ ਸਾਹਿਬ ਵਿਖੇ ਪੂਰਨ ਅਦਬ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਜਥੇਦਾਰ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਇਹ ਗੁਰਮਤਿ ਸਮਾਗਮ ਸਿੱਖ ਇਤਿਹਾਸ ਵਿੱਚ ਮਹਿਲਾ ਸ਼ਕਤੀ ਦੇ ਮਾਣਮੱਤੇ ਯੋਗਦਾਨ ਨੂੰ ਸਮਰਪਿਤ ਹੋਵੇਗਾ। ਸਮਾਗਮ ਦੌਰਾਨ ਕੀਰਤਨ, ਕਥਾ-ਵਿਚਾਰ ਅਤੇ ਸਟੇਜ ਸੰਚਾਲਨ ਦੀਆਂ ਸੇਵਾਵਾਂ ਪੰਥ ਪ੍ਰਸਿੱਧ ਬੀਬੀਆਂ ਦੇ ਜਥਿਆਂ ਵੱਲੋਂ ਨਿਭਾਈਆਂ ਜਾਣਗੀਆਂ। ਉਨ੍ਹਾਂ ਹਰਸਿਮਰਤ ਕੌਰ ਬਾਦਲ ਨੂੰ ਅਪੀਲ ਕੀਤੀ ਕਿ ਉਹ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੇ ਨਾਲ-ਨਾਲ ਪੰਜਾਬ ਭਰ ਵਿੱਚੋਂ ਬੀਬੀਆਂ ਨੂੰ ਵੱਡੀ ਗਿਣਤੀ ਵਿੱਚ ਲਾਮਬੰਦ ਕਰਕੇ ਸਮਾਗਮ ਵਿੱਚ ਪਹੁੰਚਾਉਣ ਦੀ ਜ਼ਿੰਮੇਵਾਰੀ ਵੀ ਸੰਭਾਲਣ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਮਹਿਲਾ ਸ਼ਕਤੀ ਨੂੰ ਦਿੱਤਾ ਗਿਆ ਸਤਿਕਾਰ ਸਮੁੱਚੇ ਵਿਸ਼ਵ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਪੰਥਕ ਸੇਵਾਵਾਂ ਅਤੇ ਸਮਾਜ ਸੁਧਾਰ ਵਿੱਚ ਮਾਈ ਭਾਗੋ ਅਤੇ ਮਾਤਾ ਸਾਹਿਬ ਕੌਰ ਜੀ ਦਾ ਜੀਵਨ ਹਰ ਸਿੱਖ ਲਈ ਪ੍ਰੇਰਨਾ ਦਾ ਸੋਮਾ ਹੈ। ਉਨ੍ਹਾਂ ਜਥੇਦਾਰ ਗਿਆਨੀ ਟੇਕ ਸਿੰਘ ਨੂੰ ਭਰੋਸਾ ਦਿਵਾਇਆ ਕਿ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੀਬੀਆਂ ਦੀ ਵੱਡੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਰਾਹੀਂ ਨਵੀਂ ਪੀੜ੍ਹੀ, ਖ਼ਾਸ ਕਰਕੇ ਬੱਚੀਆਂ ਨੂੰ ਸਿੱਖ ਇਤਿਹਾਸ ਅਤੇ ਮਾਤਾ ਸਾਹਿਬ ਕੌਰ ਜੀ ਦੇ ਉੱਚੇ-ਸੁੱਚੇ ਆਦਰਸ਼ਾਂ ਤੋਂ ਸੇਧ ਲੈਣ ਦਾ ਮੌਕਾ ਮਿਲੇਗਾ।