ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਨੂੰ ਘੇਰਿਆ ਆਕਸਫ਼ੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ
Publish Date: Fri, 30 Oct 2026 08:04 PM (IST)
Updated Date: Sat, 31 Oct 2026 04:05 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਅਤੇ ਪੀੜਤ ਪਰਿਵਾਰਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਹ ਤਲਵੰਡੀ ਸਾਬੋ ਦੇ ਪੰਜਾਬ ਪੈਲਸ ਵਿਖੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਮਾਵਾਂ ਧੀਆਂ ਦੀ ਲਲਕਾਰ ਇਨਸਾਫ਼ ਮੁਹਿੰਮ ਤਹਿਤ ਕਰਵਾਏ ਗਏ ਵਿਸ਼ਾਲ ਮਹਿਲਾ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ ਦੀ ਧਰਮ ਪਤਨੀ ਰਿਤਿਕਾ ਸਿੱਧੂ ਵੀ ਮੌਜੂਦ ਸਨ। ਬੀਬਾ ਬਾਦਲ ਨੇ ਮਾਨਸਾ ਦੇ ਪਿੰਡ ਭਾਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ ਦਾ ਜ਼ਿਕਰ ਕਰਦਿਆਂ ਦੋਸ਼ ਲਾਇਆ ਕਿ ਜਦੋਂ ਪਰਿਵਾਰ ਮ੍ਰਿਤਕ ਦੇਹ ਨੂੰ ਇਨਸਾਫ਼ ਦੀ ਮੰਗ ਲਈ ਧਰਨੇ ਵਾਲੀ ਥਾਂ ਲਿਜਾ ਰਿਹਾ ਸੀ ਤਾਂ ਪੁਲਿਸ ਨੇ ਉਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦਾ ਹਵਾਲਾ ਦਿੰਦਿਆਂ ਵੀ ਪੁਲਿਸ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ, ਨਾ ਕਿ ਉਨ੍ਹਾਂ ਨੂੰ ਦਬਾਇਆ ਜਾਣਾ ਚਾਹੀਦਾ ਹੈ। ਮਹਿਲਾਵਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਆਪਣੇ ਹੱਥਾਂ ਵਿੱਚ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਮਾਈ ਭਾਗੋ ਦੀ ਫੌਜ ਨਾਲ ਔਰਤਾਂ ਦਾ ਜੁੜਨਾ ਸ਼ਲਾਘਾਯੋਗ ਹੈ। ਉਨ੍ਹਾਂ ਅਪੀਲ ਕੀਤੀ ਕਿ ਪਿੰਡਾਂ ਵਿੱਚ ਨਸ਼ਾ ਵੇਚਣ ਵਾਲਿਆਂ ਅਤੇ ਉਨ੍ਹਾਂ ਨੂੰ ਕਥਿਤ ਸਰਪ੍ਰਸਤੀ ਦੇਣ ਵਾਲਿਆਂ ਬਾਰੇ ਸਬੂਤ ਇਕੱਠੇ ਕੀਤੇ ਜਾਣ। ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਸਰਕਾਰ ਬਣਨ ਤੇ ਮਹਿਲਾ ਡੀਜੀਪੀ ਦੀ ਅਗਵਾਈ ਹੇਠ ਵਿਸ਼ੇਸ਼ ਟਾਸਕ ਫੋਰਸ ਬਣਾਈ ਜਾਵੇਗੀ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਖ਼ਿਲਾਫ਼ ਅਜਿਹਾ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ, ਜਿਸ ਤਹਿਤ ਉਨ੍ਹਾਂ ਨੂੰ 10 ਸਾਲ ਤੱਕ ਬਿਨਾਂ ਜ਼ਮਾਨਤ ਜੇਲ੍ਹ ਵਿੱਚ ਰੱਖਣ ਦੀ ਵਿਵਸਥਾ ਹੋਵੇਗੀ। ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਕੇ ਉਸ ਰਕਮ ਨੂੰ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵਰਤਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਸ਼ਿਆਂ ਕਾਰਨ ਪੁੱਤਰ ਗੁਆ ਚੁੱਕੀ ਮਾਂ ਪੁਸ਼ਪਾ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਮੋਹਨਜੀਤ ਸਿੰਘ ਅਤੇ ਦਿੜ੍ਹਬਾ ਦੇ ਗੁਲਜ਼ਾਰ ਸਿੰਘ ਦੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਪੁਲਿਸ ਕਾਰਵਾਈ ਤੇ ਸਵਾਲ ਉਠਾਏ ਅਤੇ ਦੋਸ਼ ਲਾਇਆ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਡਰਾਇਆ ਜਾ ਰਿਹਾ ਹੈ। ਇਸ ਮੌਕੇ ਰਵੀਪ੍ਰੀਤ ਸਿੰਘ ਸਿੱਧੂ ਅਤੇ ਰਿਤਿਕਾ ਸਿੱਧੂ ਨੇ ਵੀ ਸੰਬੋਧਨ ਕੀਤਾ। ਰਵੀਪ੍ਰੀਤ ਸਿੰਘ ਸਿੱਧੂ ਨੇ ਨਸ਼ਿਆਂ ਵਿਰੁੱਧ ਸੰਘਰਸ਼ ਵਿੱਚ ਮਹਿਲਾਵਾਂ ਦੀ ਸ਼ਮੂਲੀਅਤ ਨੂੰ ਅਹਿਮ ਦੱਸਦਿਆਂ ਵੱਡੀ ਗਿਣਤੀ ਵਿੱਚ ਪਹੁੰਚੀਆਂ ਮਾਵਾਂ ਅਤੇ ਭੈਣਾਂ ਦਾ ਧੰਨਵਾਦ ਕੀਤਾ।