ਪੌਣੇ ਪੰਜ ਸਾਲਾਂ ਤੋਂ ਵਿਕਾਸ ਦੀ ਉਡੀਕ ਕਰ ਰਹੇ ਸ਼ਹਿਰ ਵਾਸੀ, ਆਖ਼ਰ ਕਦੋਂ ਬਦਲਣਗੇ ਹਾਲਾਤ? ਪੌਣੇ ਪੰਜ ਸਾਲਾਂ ਤੋਂ ਵਿਕਾਸ ਦੀ ਉਡੀਕ ਕਰ ਰਹੇ ਸ਼ਹਿਰ ਵਾਸੀ, ਆਖ਼ਰ ਕਦੋਂ ਬਦਲਣਗੇ ਹਾਲਾਤ?
Publish Date: Wed, 04 Nov 2026 06:05 PM (IST)
Updated Date: Wed, 04 Nov 2026 06:08 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾਂ ਮੰਡੀ, ਸ਼ਹਿਰ ਦੇ ਲੋਕ ਪਿਛਲੇ ਪੌਣੇ ਪੰਜ ਸਾਲਾਂ ਤੋਂ ਵਿਕਾਸ ਦੀ ਉਡੀਕ ਕਰ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਵੀ ਨਸੀਬ ਨਹੀਂ ਹੋ ਸਕੀਆਂ। ਸ਼ਹਿਰ ਦੀਆਂ ਖਸਤਾ ਹਾਲਤ ਸੜਕਾਂ, ਟੁੱਟੀਆਂ ਗਲੀਆਂ ਅਤੇ ਮੁਹੱਲਿਆਂ ਵਿੱਚ ਘੁੰਮ ਰਹੇ ਸੀਵਰੇਜ ਦੇ ਗੰਦੇ ਪਾਣੀ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਹਾਲਾਤ ਨਰਕ ਤੋਂ ਵੀ ਬਦਤਰ ਬਣੇ ਹੋਏ ਹਨ, ਪਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਸਮੱਸਿਆਵਾਂ ਦਾ ਹੱਲ ਕਰਨ ਵੱਲ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਸ਼ਹਿਰ ਵਾਸੀਆਂ ਅਨੁਸਾਰ ਸ਼ਹਿਰ ਦੀ ਸ਼ਾਇਦ ਹੀ ਕੋਈ ਅਜਿਹੀ ਗਲੀ ਜਾਂ ਸੜਕ ਹੋਵੇ, ਜਿਸ ਦੀ ਹਾਲਤ ਠੀਕ ਹੋਵੇ। ਕਈ ਥਾਵਾਂ ’ਤੇ ਸੜਕਾਂ ਟੁੱਟੀਆਂ ਪਈਆਂ ਹਨ, ਜਦਕਿ ਮੁਹੱਲਿਆਂ ਵਿੱਚ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਵਿੱਚ ਫੈਲਿਆ ਰਹਿੰਦਾ ਹੈ। ਇਸ ਕਾਰਨ ਜਿੱਥੇ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ। ਲੋਕਾਂ ਨੇ ਸਵਾਲ ਉਠਾਇਆ ਕਿ ਜੇਕਰ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰੀਆਂ ਗਲੀਆਂ, ਚੰਗੀਆਂ ਸੜਕਾਂ ਅਤੇ ਸੀਵਰੇਜ ਵਰਗੀਆਂ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਨਹੀਂ ਕਰਵਾਈਆਂ ਜਾ ਸਕਦੀਆਂ ਤਾਂ ਸਰਕਾਰ ਚੁਣਨ ਦਾ ਕੀ ਲਾਭ ਹੈ? ਉਨ੍ਹਾਂ ਕਿਹਾ ਕਿ ਪੰਜ ਸਾਲ ਦਾ ਕਾਰਜਕਾਲ ਪੂਰਾ ਹੋਣ ਦੇ ਨੇੜੇ ਹੈ ਅਤੇ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਦੀ ਬਜਾਏ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਸ਼ਹਿਰ ਵਾਸੀਆਂ ਨੇ ਸਰਕਾਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਚੋਣਾਂ ਦੀਆਂ ਤਿਆਰੀਆਂ ਤੋਂ ਪਹਿਲਾਂ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਧਿਆਨ ਦਿੱਤਾ ਜਾਵੇ ਅਤੇ ਸੜਕਾਂ, ਗਲੀਆਂ ਤੇ ਸੀਵਰੇਜ ਦੀ ਸਮੱਸਿਆ ਦਾ ਤੁਰੰਤ ਹੱਲ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ।