ਕਾਂਗਰਸ ਦਾ 2027 ਦਾ ਚੋਣ ਮਨੋਰਥ ਪੱਤਰ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ ’ਤੇ ਲਿਜਾਣ ਦਾ ਠੋਸ ਸੰਕਲਪ ਹੋਵੇਗਾ : ਰਣਬੀਰ ਸਿੰਘ ਸ਼ੇਖਪੁਰਾ ਕਾਂਗਰਸ ਦਾ 2027 ਦਾ ਚੋਣ ਮਨੋਰਥ ਪੱਤਰ ਪੰਜਾਬ ਨੂੰ ਮੁੜ ਤਰੱਕੀ ਦੀ ਰਾਹ ’ਤੇ ਲਿਜਾਣ ਦਾ ਠੋਸ ਸੰਕਲਪ ਹੋਵੇਗਾ
Publish Date: Thu, 12 Nov 2026 04:42 PM (IST)
Updated Date: Thu, 12 Nov 2026 04:45 PM (IST)
ਡਾ. ਅਮਰ ਸਿੰਘ ਦੀ ਅਗਵਾਈ ਹੇਠ ਬਠਿੰਡਾ ਵਿਖੇ ਹੋਈ ਚੋਣ ਮਨੋਰਥ ਪੱਤਰ ਕਮੇਟੀ ਦੀ ਮੀਟਿੰਗ ਵਿੱਚ ਸ਼ੇਖਪੁਰਾ ਨੇ ਰੱਖੇ ਵੱਖ-ਵੱਖ ਵਰਗਾਂ ਨਾਲ ਸਬੰਧਤ ਅਹਿਮ ਸੁਝਾਅ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਨੂੰ ਅੰਤਿਮ ਰੂਪ ਦੇਣ ਵਾਸਤੇ ਬਠਿੰਡਾ ਵਿਖੇ ਅਹਿਮ ਮੀਟਿੰਗ ਕੀਤੀ ਗਈ। ਚੋਣ ਮਨੋਰਥ ਪੱਤਰ ਕਮੇਟੀ ਦੇ ਚੇਅਰਮੈਨ ਅਤੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਸਹਿ-ਚੇਅਰਮੈਨ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਸੁਖਬਿੰਦਰ ਸਿੰਘ ਸਰਕਾਰੀਆ, ਹਰਦਿਆਲ ਸਿੰਘ ਕੰਬੋਜ, ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਅਤੇ ਸ਼ਹਿਰੀ ਪ੍ਰਧਾਨ ਐਡਵੋਕੇਟ ਰਾਜਨ ਗਰਗ ਸਮੇਤ ਕਈ ਆਗੂ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਬਠਿੰਡਾ ਦੇ ਵਾਈਸ ਪ੍ਰਧਾਨ ਰਣਬੀਰ ਸਿੰਘ ਸ਼ੇਖਪੁਰਾ ਨੇ ਪੰਜਾਬ ਦੇ ਵੱਖ-ਵੱਖ ਵਰਗਾਂ ਦੀਆਂ ਸਮੱਸਿਆਵਾਂ ਅਤੇ ਸੂਬੇ ਦੇ ਭਵਿੱਖ ਨਾਲ ਸਬੰਧਤ ਅਹਿਮ ਸੁਝਾਅ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ, ਬੇਰੁਜ਼ਗਾਰੀ, ਮਹਿੰਗਾਈ ਅਤੇ ਕਿਸਾਨੀ ਸੰਕਟ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਇਸ ਲਈ ਚੋਣ ਮਨੋਰਥ ਪੱਤਰ ਸਿਰਫ਼ ਵਾਅਦਿਆਂ ਦਾ ਦਸਤਾਵੇਜ਼ ਨਾ ਹੋ ਕੇ ਪੰਜਾਬ ਦੀ ਤਰੱਕੀ ਲਈ ਠੋਸ ਰੋਡਮੈਪ ਹੋਣਾ ਚਾਹੀਦਾ ਹੈ। ਸ਼ੇਖਪੁਰਾ ਨੇ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਸਖ਼ਤ ਕਾਰਵਾਈ, ਲੋਕਾਂ ਦੀ ਸੁਰੱਖਿਆ, ਕਿਸਾਨਾਂ ਦੀ ਆਮਦਨ ਵਿੱਚ ਵਾਧਾ, ਔਰਤਾਂ ਦੀ ਸੁਰੱਖਿਆ, ਨੌਜਵਾਨਾਂ ਲਈ ਰੁਜ਼ਗਾਰ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਰਾਖੀ, ਮਜ਼ਦੂਰਾਂ ਦੀ ਭਲਾਈ ਅਤੇ ਮਾਲਵਾ ਖੇਤਰ ਦੇ ਵਿਸ਼ੇਸ਼ ਵਿਕਾਸ ਨੂੰ ਮੁੱਖ ਤਰਜੀਹਾਂ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਸਾਨੀ ਸੰਕਟ ਦੇ ਹੱਲ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੋਸਤ ਸਮੇਤ ਰਵਾਇਤੀ ਔਸ਼ਧੀ ਫ਼ਸਲਾਂ ਦੀ ਕਾਨੂੰਨੀ ਖੇਤੀ ਦੀ ਸੰਭਾਵਨਾ ਬਾਰੇ ਵਿਗਿਆਨਕ ਅਤੇ ਆਰਥਿਕ ਅਧਿਐਨ ਕਰਵਾਉਣ ਦਾ ਸੁਝਾਅ ਵੀ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਚੋਣ ਮਨੋਰਥ ਪੱਤਰ ਵਿੱਚ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਸਮਾਂ-ਸੀਮਾ, ਲੋੜੀਂਦਾ ਬਜਟ ਅਤੇ ਸਬੰਧਤ ਵਿਭਾਗ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਲੋਕ ਹੁਣ ਸਿਰਫ਼ ਐਲਾਨ ਨਹੀਂ, ਸਗੋਂ ਉਨ੍ਹਾਂ ਦਾ ਅਮਲੀ ਨਤੀਜਾ ਚਾਹੁੰਦੇ ਹਨ। ਅੰਤ ਵਿੱਚ ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ, ਮੁਲਾਜ਼ਮਾਂ, ਵਪਾਰੀਆਂ ਅਤੇ ਆਮ ਪਰਿਵਾਰਾਂ ਦੇ ਮੁੱਦਿਆਂ ਨੂੰ ਤਰਜੀਹ ਦੇ ਕੇ ਤਿਆਰ ਕੀਤਾ ਜਾਣ ਵਾਲਾ ਚੋਣ ਮਨੋਰਥ ਪੱਤਰ ਪੰਜਾਬ ਵਿੱਚ ਨਵੀਂ ਉਮੀਦ ਅਤੇ ਬਿਹਤਰ ਭਵਿੱਖ ਦੀ ਨੀਂਹ ਰੱਖੇਗਾ।