ਪਰਾਲੀ ਸਾੜਨ ਦੇ 528 ਮਾਮਲੇ ਆਏ ਸਾਹਮਣੇ, ਬਠਿੰਡਾ ਦਾ ਏਕਿਊਆਈ 258 ’ਤੇ ਪਹੁੰਚਿਆ ਪਰਾਲੀ ਸਾੜਨ ਦੇ 528 ਮਾਮਲੇ ਆਏ ਸਾਹਮਣੇ, ਬਠਿੰਡਾ ਦਾ ਏਕਿਊਆਈ 258 ’ਤੇ ਪਹੁੰਚਿਆ
Publish Date: Mon, 16 Nov 2026 06:07 PM (IST)
Updated Date: Mon, 16 Nov 2026 06:09 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਐਤਵਾਰ ਸ਼ਾਮ ਤੱਕ ਬਠਿੰਡਾ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੇ 528 ਅਤੇ ਮਾਨਸਾ ਜ਼ਿਲ੍ਹੇ ਵਿਚ 219 ਮਾਮਲੇ ਸਾਹਮਣੇ ਆ ਚੁੱਕੇ ਹਨ। ਪਰਾਲੀ ਨੂੰ ਅੱਗ ਲਗਾਉਣ ਕਾਰਨ ਵਾਤਾਵਰਨ ਵਿੱਚ ਪ੍ਰਦੂਸ਼ਣ ਦਾ ਪੱਧਰ ਵੀ ਲਗਾਤਾਰ ਵਧ ਰਿਹਾ ਹੈ। ਸੋਮਵਾਰ ਨੂੰ ਬਠਿੰਡਾ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 258 ਦਰਜ ਕੀਤਾ ਗਿਆ। ਹਾਲਾਂਕਿ ਸੋਮਵਾਰ ਨੂੰ ਦਿਨ ਭਰ ਧੁੱਪ ਨਿਕਲੀ, ਪਰ ਇਸ ਦੇ ਬਾਵਜੂਦ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਨਹੀਂ ਮਿਲੀ। ਇਸ ਤੋਂ ਪਹਿਲਾਂ ਲਗਾਤਾਰ ਚਾਰ ਦਿਨ ਅਸਮਾਨ ਵਿਚ ਧੂੰਏਂ ਦੀ ਚਾਦਰ ਛਾਈ ਰਹੀ ਅਤੇ ਸੂਰਜ ਦੇ ਦਰਸ਼ਨ ਵੀ ਨਹੀਂ ਹੋਏ। ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੀਆਂ ਹਨ। ਇਸ ਦੇ ਬਾਵਜੂਦ ਖੇਤਾਂ ਵਿਚ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਦੂਜੇ ਪਾਸੇ ਜ਼ਿਲ੍ਹੇ ਦੇ ਕਈ ਕਿਸਾਨ ਆਧੁਨਿਕ ਖੇਤੀ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਹੋਰਨਾਂ ਲਈ ਮਿਸਾਲ ਵੀ ਪੇਸ਼ ਕਰ ਰਹੇ ਹਨ। ਕੋਟਸ਼ਮੀਰ ਦੇ ਕਿਸਾਨਾਂ ਨੇ 9 ਹਜ਼ਾਰ ਮੀਟ੍ਰਿਕ ਟਨ ਪਰਾਲੀ ਦੀ ਕੀਤੀ ਸੰਭਾਲ ਪਿੰਡ ਕੋਟਸ਼ਮੀਰ ਦੇ ਕਿਸਾਨਾਂ ਨੇ ਪਰਾਲੀ ਦੀਆਂ ਗੱਠਾਂ ਤਿਆਰ ਕਰਕੇ ਇਸ ਨੂੰ ਆਮਦਨ ਦਾ ਸਾਧਨ ਬਣਾਇਆ ਹੈ। ਪਿੰਡ ਦੇ ਕਿਸਾਨਾਂ ਵੱਲੋਂ ਹੁਣ ਤੱਕ ਕਰੀਬ 9 ਹਜ਼ਾਰ ਮੀਟ੍ਰਿਕ ਟਨ ਪਰਾਲੀ ਦੀ ਸੰਭਾਲ ਕੀਤੀ ਜਾ ਚੁੱਕੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਪਿੰਡ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪਿੰਡ ਦੇ ਕਿਸਾਨ ਮਨਜੀਤ ਸਿੰਘ ਅਤੇ ਬਲਰਾਜ ਸਿੰਘ ਨੇ ਦੋ ਆਧੁਨਿਕ ਬੇਲਰ ਮਸ਼ੀਨਾਂ ਖਰੀਦੀਆਂ ਹਨ। ਇਨ੍ਹਾਂ ਮਸ਼ੀਨਾਂ ਰਾਹੀਂ ਰੋਜ਼ਾਨਾ ਹਰੇਕ ਮਸ਼ੀਨ ਨਾਲ ਕਰੀਬ 80 ਤੋਂ 90 ਏਕੜ ਰਕਬੇ ਵਿੱਚ ਪਈ ਪਰਾਲੀ ਦੀਆਂ ਗੱਠਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਦੋਵਾਂ ਕਿਸਾਨਾਂ ਵੱਲੋਂ ਹੁਣ ਤੱਕ ਲਗਭਗ 9 ਹਜ਼ਾਰ ਮੀਟ੍ਰਿਕ ਟਨ ਪਰਾਲੀ ਦੀ ਸੰਭਾਲ ਕੀਤੀ ਜਾ ਚੁੱਕੀ ਹੈ ਅਤੇ ਇਹ ਕੰਮ ਲਗਾਤਾਰ ਜਾਰੀ ਹੈ। ਪਿੰਡ ਦੇ ਸੁਖਵਿੰਦਰ ਸਿੰਘ, ਅਜੈਬ ਸਿੰਘ, ਪਾਲ ਸਿੰਘ ਅਤੇ ਸੁਖਪ੍ਰੀਤ ਸਿੰਘ ਸਮੇਤ ਹੋਰ ਕਿਸਾਨ ਵੀ ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦਾ ਪ੍ਰਬੰਧਨ ਕਰ ਰਹੇ ਹਨ। ਡਾ. ਹਰਪ੍ਰੀਤ ਪਾਲ ਕੌਰ ਨੇ ਕਿਹਾ ਕਿ ਪਰਾਲੀ ਦੀਆਂ ਗੱਠਾਂ ਤਿਆਰ ਕਰਨਾ ਕਿਸਾਨਾਂ ਲਈ ਆਮਦਨ ਦਾ ਨਵਾਂ ਅਤੇ ਲਾਹੇਵੰਦ ਸਾਧਨ ਬਣ ਰਿਹਾ ਹੈ। ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਉਸ ਦੀਆਂ ਗੱਠਾਂ ਤਿਆਰ ਕਰਕੇ ਉਚਿਤ ਵਰਤੋਂ ਲਈ ਭੇਜਣਾ ਵਾਤਾਵਰਨ ਦੀ ਸੰਭਾਲ ਵੱਲ ਇੱਕ ਵਧੀਆ ਕਦਮ ਹੈ। ਇਸ ਨਾਲ ਪ੍ਰਦੂਸ਼ਣ ਘਟਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਆਰਥਿਕ ਲਾਭ ਵੀ ਮਿਲ ਰਿਹਾ ਹੈ। ਡੀਸੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਝੋਨੇ ਦੀ ਕਟਾਈ ਦੇ ਸੀਜ਼ਨ ਨੂੰ ਦੇਖਦਿਆਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਵੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਸਿੱਧਾ ਸੰਪਰਕ ਕਰ ਰਹੀਆਂ ਹਨ। ਡੀਸੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਆਧੁਨਿਕ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਬਸਿਡੀ ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਪਰ ਸੀਡਰ, ਹੈਪੀ ਸੀਡਰ, ਬੇਲਰ ਅਤੇ ਮਲਚਰ ਵਰਗੀਆਂ ਮਸ਼ੀਨਾਂ ਦੀ ਕਿਸਾਨ ਵਰਤੋਂ ਕਰ ਰਹੇ ਹਨ। ਇਨ੍ਹਾਂ ਦੀ ਮਦਦ ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹ ਕੇ ਮਿੱਟੀ ਵਿੱਚ ਮਿਲਾਇਆ ਜਾ ਸਕਦਾ ਹੈ ਜਾਂ ਉਸ ਦੀਆਂ ਗੱਠਾਂ ਤਿਆਰ ਕੀਤੀਆਂ ਜਾ ਸਕਦੀਆਂ ਹਨ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪਿੰਡ ਗੁਰਥੜੀ, ਸ਼ੇਰਗੜ੍ਹ, ਗਿਆਣਾ, ਭਾਗੀ ਬਾਂਦਰ, ਗਾਟਵਾਲੀ, ਚਨਾਰਥਲ, ਰਾਮਨਗਰ, ਸਵੈਚ ਅਤੇ ਗੋਬਿੰਦਪੁਰਾ ਦੇ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਵਾਹ ਕੇ ਮਿੱਟੀ ਵਿੱਚ ਮਿਲਾਉਣ ਜਾਂ ਇਸ ਦੀਆਂ ਗੱਠਾਂ ਤਿਆਰ ਕਰਵਾਉਣ ਤੋਂ ਬਾਅਦ ਹੀ ਕਣਕ ਦੀ ਬਿਜਾਈ ਕਰਨ।