ਕੈਨੇਡਾ 'ਚ ਪਿੰਡ ਬੁਰਜ ਗਿੱਲ ਦੇ ਨੌਜਵਾਨ ਦੀ ਭੇਤਭਰੀ ਹਾਲਤ 'ਚ ਮੌਤ ਕੈਨੇਡਾ 'ਚ ਪਿੰਡ ਬੁਰਜ ਗਿੱਲ ਦੇ ਨੌਜਵਾਨ ਦੀ ਭੇਤਭਰੀ ਹਾਲਤ 'ਚ ਮੌਤ
Publish Date: Thu, 19 Nov 2026 05:52 PM (IST)
Updated Date: Thu, 19 Nov 2026 05:54 PM (IST)
ਸੰਜੀਵ ਸਿੰਗਲਾ, ਪੰਜਾਬੀ ਜਾਗਰਣ ਭਾਈਰੂਪਾ ਨੇੜਲੇ ਪਿੰਡ ਬੁਰਜ ਗਿੱਲ ਦੇ ਇਕ ਨੌਜਵਾਨ ਦੀ ਕੈਨੇਡਾ ਵਿਚ ਭੇਤਭਰੇ ਹਾਲਾਤ ਵਿਚ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਮਨਦੀਪ ਸਿੰਘ ਵਜੋਂ ਹੋਈ ਹੈ, ਜੋ ਆਪਣੇ ਮਾਪਿਆਂ ਦੀ ਇਕਲੌਤੀ ਔਲਾਦ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਅਨੁਸਾਰ ਸੁਖਮਨਦੀਪ ਸਿੰਘ ਕਰੀਬ ਤਿੰਨ ਸਾਲ ਪਹਿਲਾਂ ਚੰਗੇ ਭਵਿੱਖ ਤੇ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਿਆ ਸੀ। ਉਹ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਰਹਿ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ 16 ਨਵੰਬਰ ਨੂੰ ਉਸ ਦੀ ਅਚਾਨਕ ਭੇਤਭਰੇ ਹਾਲਾਤ ਵਿਚ ਮੌਤ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਕੈਨੇਡਾ ਤੋਂ ਮਿਲੀ ਸੂਚਨਾ ਵਿਚ ਉਸ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਗੱਲ ਕਹੀ ਗਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ 15 ਨਵੰਬਰ ਨੂੰ ਸੁਖਮਨਦੀਪ ਸਿੰਘ ਨੇ ਆਪਣੀ ਮਾਤਾ ਨਾਲ ਫ਼ੋਨ ਤੇ ਗੱਲਬਾਤ ਕੀਤੀ ਸੀ। ਉਸ ਸਮੇਂ ਉਹ ਬਿਲਕੁਲ ਠੀਕ ਲੱਗ ਰਿਹਾ ਸੀ ਤੇ ਉਸ ਦੀ ਗੱਲਬਾਤ ਤੋਂ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਅਹਿਸਾਸ ਨਹੀਂ ਹੋਇਆ। ਇਸ ਤੋਂ ਪਹਿਲਾਂ 10 ਨਵੰਬਰ ਨੂੰ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਦੇ ਬੈਂਕ ਖਾਤੇ ਵਿੱਚ ਕਰੀਬ ਢਾਈ ਤੋਂ ਤਿੰਨ ਲੱਖ ਰੁਪਏ ਵੀ ਭੇਜੇ ਸਨ। ਸੂਤਰਾਂ ਦੇ ਹਵਾਲੇ ਨਾਲ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਖਮਨਦੀਪ ਸਿੰਘ ਨੇ ਆਪਣੀ ਮੌਤ ਤੋਂ ਪਹਿਲਾਂ ਆਪਣੇ ਇੱਕ ਦੋਸਤ ਨੂੰ ਵ੍ਹਟਸਐਪ ਰਾਹੀਂ ਸੁਨੇਹਾ ਭੇਜਿਆ ਸੀ। ਹਾਲਾਂਕਿ ਉਸ ਵੱਲੋਂ ਚੁੱਕੇ ਗਏ ਇਸ ਕਦਮ ਪਿੱਛੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਜ਼ਿਕਰਯੋਗ ਹੈ ਕਿ ਸੁਖਮਨਦੀਪ ਸਿੰਘ ਦਾ ਪਰਿਵਾਰ ਛੋਟੀ ਕਿਸਾਨੀ ਨਾਲ ਸਬੰਧ ਰੱਖਦਾ ਹੈ। ਮਾਪਿਆਂ ਨੇ ਆਪਣੇ ਪੁੱਤਰ ਦੇ ਸੁਨਹਿਰੀ ਭਵਿੱਖ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਆਪਣੀ ਜ਼ਮੀਨ ਤੱਕ ਵੇਚ ਦਿੱਤੀ ਸੀ ਅਤੇ ਉਸ ਨੂੰ ਪੜ੍ਹਾਈ ਲਈ ਕੈਨੇਡਾ ਭੇਜਿਆ ਸੀ। ਮਾਪਿਆਂ ਦੀ ਇਕਲੌਤੀ ਔਲਾਦ ਹੋਣ ਕਾਰਨ ਉਸ ਦੀ ਮੌਤ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿਚ ਪਾ ਦਿੱਤਾ ਹੈ। ਇਸ ਸਬੰਧੀ ਥਾਣਾ ਫੂਲ ਦੇ ਐੱਸਐੱਚਓ ਸਤਬੀਰ ਸਿੰਘ ਨੇ ਦੱਸਿਆ ਕਿ ਕੈਨੇਡਾ ਵੱਲੋਂ ਸੂਚਨਾ ਮਿਲੀ ਹੈ ਕਿ ਸੁਖਮਨਦੀਪ ਸਿੰਘ ਨੇ ਖ਼ੁਦਕੁਸ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵੱਲੋਂ ਇਹ ਕਦਮ ਚੁੱਕਣ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਮਾਮਲੇ ਸਬੰਧੀ ਹੋਰ ਜਾਣਕਾਰੀ ਪ੍ਰਾਪਤ ਕੀਤੀ ਜਾ ਰਹੀ ਹੈ।