ਪਰਾਲੀ ਨੂੰ ਅੱਗ ਲਾਏ ਬਿਨਾਂ 50 ਏਕੜ ’ਚ ਕਣਕ ਦੀ ਬਿਜਾਈ ਕਰ ਰਿਹਾ ਜੱਸੀ ਬਾਗ ਵਾਲੀ ਦਾ ਕਿਸਾਨ 50 ਏਕੜ ਵਿੱਚ ਪਰਾਲੀ ਨੂੰ ਅੱਗ ਲਾਏ ਬਿਨਾਂ ਕਣਕ ਦੀ ਬਿਜਾਈ ਕਰ ਰਿਹਾ ਜੱਸੀ ਬਾਗ ਵਾਲੀ ਦਾ ਕਿਸਾਨ
Publish Date: Fri, 20 Nov 2026 03:43 PM (IST)
Updated Date: Fri, 20 Nov 2026 03:46 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਵਿੱਚ ਪਿੰਡ ਜੱਸੀ ਬਾਗ ਵਾਲੀ ਦੇ ਕਿਸਾਨ ਗੁਰਤੇਜ ਸਿੰਘ ਨੇ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ। ਕਿਸਾਨ ਗੁਰਤੇਜ ਸਿੰਘ ਪੁੱਤਰ ਬਲਵੰਤ ਸਿੰਘ ਆਪਣੇ ਲਗਭਗ 50 ਏਕੜ ਰਕਬੇ ਵਿੱਚ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਦਿਆਂ ਵਾਤਾਵਰਨ ਦੀ ਸੁਰੱਖਿਆ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਵਿੱਚ ਯੋਗਦਾਨ ਪਾ ਰਹੇ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਬਠਿੰਡਾ ਵੱਲੋਂ ਕਿਸਾਨ ਦੇ ਖੇਤਾਂ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਕਿਸਾਨ ਗੁਰਤੇਜ ਸਿੰਘ ਨੇ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਕੇਵੀਕੇ ਬਠਿੰਡਾ ਦੇ ਖੇਤੀ ਮਾਹਿਰਾਂ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਦੀ ਸਲਾਹ ਨਾਲ ਆਧੁਨਿਕ ਖੇਤੀ ਤਕਨੀਕਾਂ ਅਪਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਉਨ੍ਹਾਂ ਨੇ ਕਰੀਬ 28 ਏਕੜ ਰਕਬੇ ਵਿੱਚ ਮਲਚਰ ਨਾਲ ਪਰਾਲੀ ਦਾ ਪ੍ਰਬੰਧਨ ਕਰਨ ਤੋਂ ਬਾਅਦ ਹੈਪੀ ਸੀਡਰ ਰਾਹੀਂ ਕਣਕ ਦੀ ਬਿਜਾਈ ਕੀਤੀ ਹੈ। ਇਸੇ ਤਰ੍ਹਾਂ ਬਾਕੀ 22 ਏਕੜ ਰਕਬੇ ’ਚ ਤਵੀਆਂ ਨਾਲ ਵਹਾਈ ਕਰਨ ਤੋਂ ਬਾਅਦ ਸੁਪਰ ਸੀਡਰ ਦੀ ਵਰਤੋਂ ਕਰਕੇ ਕਣਕ ਬੀਜੀ ਹੈ। ਇਸ ਲਈ ਉਨ੍ਹਾਂ ਨੇ ਕੇਵੀਕੇ ਤੋਂ ਮਸ਼ੀਨਰੀ ਕਿਰਾਏ ’ਤੇ ਪ੍ਰਾਪਤ ਕੀਤੀ। ਕਿਸਾਨ ਨੇ ਦੱਸਿਆ ਕਿ ਮਲਚਿੰਗ ਵਿਧੀ ਰਾਹੀਂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਦੇ ਕਈ ਲਾਭ ਹਨ। ਇਸ ਤਕਨੀਕ ਨਾਲ ਖੇਤ ਵਿੱਚ ਨਦੀਨਾਂ ਦੀ ਸਮੱਸਿਆ ਘੱਟ ਆਉਂਦੀ ਹੈ ਅਤੇ ਪਾਣੀ ਦਾ ਪ੍ਰਬੰਧਨ ਵੀ ਵਧੀਆ ਢੰਗ ਨਾਲ ਕੀਤਾ ਜਾ ਸਕਦਾ ਹੈ। ਪਰਾਲੀ ਖੇਤ ਵਿੱਚ ਹੀ ਗਲ-ਸੜ ਕੇ ਮਿੱਟੀ ਵਿੱਚ ਮਿਲ ਜਾਂਦੀ ਹੈ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਹੁੰਦਾ ਹੈ। ਇਸ ਤੋਂ ਇਲਾਵਾ ਫ਼ਸਲ ਦਾ ਚੰਗਾ ਝਾੜ ਲੈਣ ਵਿੱਚ ਮਦਦ ਮਿਲਦੀ ਹੈ ਅਤੇ ਖਾਦਾਂ ਦੀ ਲੋੜ ਘਟਣ ਕਾਰਨ ਖੇਤੀ ਲਾਗਤ ਵੀ ਘੱਟ ਹੁੰਦੀ ਹੈ। -- ਕਿਸਾਨਾਂ ਨੂੰ ਪ੍ਰਬੰਧਨ ਲਈ ਮਸ਼ੀਨਰੀ ਕਰਵਾਈ ਜਾ ਰਹੀ ਮੁਹੱਈਆ ਇਸ ਦੌਰਾਨ ਡਾ. ਗੁਰਦੀਪ ਸਿੰਘ, ਡਿਪਟੀ ਡਾਇਰੈਕਟਰ ਕੇ.ਵੀ.ਕੇ. ਬਠਿੰਡਾ ਅਤੇ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਪੀ.ਐੱਫ.ਈ.) ਨੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਦੀਆਂ ਵੱਖ-ਵੱਖ ਤਕਨੀਕਾਂ ਅਤੇ ਉਨ੍ਹਾਂ ਦੇ ਵਿਗਿਆਨਕ ਪੱਖਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਸੰਭਾਲਣਾ ਵਾਤਾਵਰਨ ਦੀ ਸੁਰੱਖਿਆ, ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਟਿਕਾਊ ਖੇਤੀ ਲਈ ਬੇਹੱਦ ਜ਼ਰੂਰੀ ਹੈ। ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਕੇਵੀਕੇ. ਬਠਿੰਡਾ ਵੱਲੋਂ ਕਿਸਾਨਾਂ ਨੂੰ ਲੋੜ ਅਨੁਸਾਰ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਕਿਰਾਏ ’ਤੇ ਵੀ ਮੁਹੱਈਆ ਕਰਵਾਈ ਜਾਂਦੀ ਹੈ, ਤਾਂ ਜੋ ਕਿਸਾਨ ਘੱਟ ਖਰਚੇ ਨਾਲ ਆਧੁਨਿਕ ਤਕਨੀਕਾਂ ਅਪਣਾ ਸਕਣ। ਉਨ੍ਹਾਂ ਕਿਹਾ ਕਿ ਗੁਰਤੇਜ ਸਿੰਘ ਵਰਗੇ ਕਿਸਾਨਾਂ ਦੇ ਯਤਨ ਹੋਰਨਾਂ ਕਿਸਾਨਾਂ ਲਈ ਵੀ ਪ੍ਰੇਰਨਾ ਸਰੋਤ ਹਨ।