26 ਨੂੰ ਮੋਗਾ ਵਿਖੇ ਹੋਵੇਗੀ ‘ਆਪ’ ਦੀ ਇਤਿਹਾਸਕ ਰੈਲੀ : ਸੇਤੀਆ 26 ਨੂੰ ਮੋਗਾ ਵਿਖੇ ਹੋਵੇਗੀ ‘ਆਪ’ ਦੀ ਇਤਿਹਾਸਕ ਰੈਲੀ-ਸੇਤੀਆ
Publish Date: Fri, 20 Nov 2026 05:26 PM (IST)
Updated Date: Fri, 20 Nov 2026 05:28 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਆਮ ਆਦਮੀ ਪਾਰਟੀ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਆਗੂ ਅਤੇ ਅਰੋੜਾ ਖੱਤਰੀ ਵੈੱਲਫੇਅਰ ਬੋਰਡ ਹਲਕਾ ਰਾਮਪੁਰਾ ਫੂਲ ਦੇ ਚੇਅਰਮੈਨ ਸੁਰੇਸ਼ ਕੁਮਾਰ ਸੇਤੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਨੂੰ ਸਮਰਪਿਤ 26 ਨਵੰਬਰ ਨੂੰ ਮੋਗਾ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਹ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਇੱਕ ਨਵਾਂ ਰਿਕਾਰਡ ਬਣਾਏਗੀ ਅਤੇ ਸੂਬੇ ਦੀ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਰੈਲੀਆਂ ਵਿੱਚੋਂ ਇੱਕ ਸਾਬਿਤ ਹੋਵੇਗੀ। ਆਪ ਆਗੂ ਸੇਤੀਆ ਨੇ ਕਿਹਾ ਕਿ ਇਸ ਰੈਲੀ ਵਿੱਚ ਪੰਜਾਬ ਭਰ ਤੋਂ ਪਾਰਟੀ ਦੇ ਆਗੂ, ਵਰਕਰ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਰੈਲੀ ਦੌਰਾਨ ਆਮ ਆਦਮੀ ਪਾਰਟੀ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਦੇ ਸਿਆਸੀ ਸਫ਼ਰ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਤੇ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ ਸੇਵਾਵਾਂ, ਬਿਜਲੀ, ਰੁਜ਼ਗਾਰ ਅਤੇ ਆਮ ਲੋਕਾਂ ਦੀ ਭਲਾਈ ਨਾਲ ਜੁੜੇ ਖੇਤਰਾਂ ਵਿੱਚ ਕਈ ਅਹਿਮ ਕਦਮ ਚੁੱਕੇ ਹਨ। ਸਰਕਾਰ ਦੀਆਂ ਨੀਤੀਆਂ ਅਤੇ ਲੋਕ-ਪੱਖੀ ਫ਼ੈਸਲਿਆਂ ਬਾਰੇ ਵੀ ਰੈਲੀ ਵਿੱਚ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਚੇਅਰਮੈਨ ਸੇਤੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਅੱਗੇ ਲਿਜਾਣ ਲਈ ਵਚਨਬੱਧ ਹੈ। ਉਨ੍ਹਾਂ ਅਨੁਸਾਰ ਮੋਗਾ ਦੀ ਇਹ ਰੈਲੀ ਪਾਰਟੀ ਦੇ ਵਰਕਰਾਂ ਵਿੱਚ ਨਵਾਂ ਜੋਸ਼ ਭਰੇਗੀ ਅਤੇ ਵਿਰੋਧੀ ਸਿਆਸੀ ਪਾਰਟੀਆਂ ਨੂੰ ਆਪਣੀ ਸਿਆਸੀ ਰਣਨੀਤੀ ’ਤੇ ਮੁੜ ਵਿਚਾਰ ਕਰਨ ਲਈ ਮਜਬੂਰ ਕਰੇਗੀ।