ਬਠਿੰਡਾ ਦੀ ਸਪੈਸ਼ਲ ਲੋਕ ਅਦਾਲਤ ’ਚ 110 ਕੇਸਾਂ ਦਾ ਨਿਪਟਾਰਾ ਬਠਿੰਡਾ ਦੀ ਸਪੈਸ਼ਲ ਲੋਕ ਅਦਾਲਤ ’ਚ 110 ਕੇਸਾਂ ਦਾ ਨਿਪਟਾਰਾ
Publish Date: Sat, 21 Nov 2026 06:15 PM (IST)
Updated Date: Sat, 21 Nov 2026 06:16 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਸ਼ਨ ਡਵੀਜ਼ਨ ਬਠਿੰਡਾ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ ਵੱਖ-ਵੱਖ ਅਦਾਲਤਾਂ ਵਿਚ ਕੁੱਲ 881 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿਚੋਂ 110 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ। ਇਨ੍ਹਾਂ ਕੇਸਾਂ ਦੇ ਨਿਪਟਾਰੇ ਦੌਰਾਨ ਕੁੱਲ 2,86,03,045 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਹ ਲੋਕ ਅਦਾਲਤ ਮਾਣਯੋਗ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੈਂਬਰ ਸਕੱਤਰ ਦੇ ਸਹਿਯੋਗ ਨਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸ੍ਰੀ ਕਰੁਨੇਸ਼ ਕੁਮਾਰ ਦੀ ਅਗਵਾਈ ਹੇਠ ਲਗਾਈ ਗਈ। ਇਸ ਦੇ ਪ੍ਰਬੰਧਾਂ ਵਿਚ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀਜੇਐੱਮ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਮਿਸ ਬਲਜਿੰਦਰ ਕੌਰ ਮਾਨ ਵੱਲੋਂ ਵਿਸ਼ੇਸ਼ ਯਤਨ ਕੀਤੇ ਗਏ। ਸਪੈਸ਼ਲ ਲੋਕ ਅਦਾਲਤ ਦੌਰਾਨ ਬਠਿੰਡਾ ਵਿਖੇ ਛੇ ਬੈਂਚ, ਸਬ ਡਵੀਜ਼ਨ ਫੂਲ ਵਿਖੇ ਤਿੰਨ ਬੈਂਚ ਅਤੇ ਸਬ ਡਵੀਜ਼ਨ ਤਲਵੰਡੀ ਸਾਬੋ ਵਿਖੇ ਚਾਰ ਬੈਂਚ ਸਥਾਪਤ ਕੀਤੇ ਗਏ। ਇਨ੍ਹਾਂ ਬੈਂਚਾਂ ਵਿੱਚ ਮੁੱਖ ਤੌਰ ’ਤੇ ਧਾਰਾ 138 ਐੱਨਆਈ ਐਕਟ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕੀਤੀ ਗਈ। ਵੱਖ-ਵੱਖ ਬੈਂਚਾਂ ਵਿੱਚ ਜੱਜ ਸਾਹਿਬਾਨ ਦੇ ਨਾਲ ਵਕੀਲਾਂ ਤੇ ਸਮਾਜ ਸੇਵੀਆਂ ਨੂੰ ਮੈਂਬਰ ਵਜੋਂ ਵੀ ਸ਼ਾਮਲ ਕੀਤਾ ਗਿਆ। ਲੋਕ ਅਦਾਲਤ ਦੌਰਾਨ ਕਾਫ਼ੀ ਸਮੇਂ ਤੋਂ ਅਦਾਲਤਾਂ ਵਿੱਚ ਵਿਚਾਰ ਅਧੀਨ ਚੱਲ ਰਹੇ ਕੇਸਾਂ ਦਾ ਵੀ ਨਿਪਟਾਰਾ ਕੀਤਾ ਗਿਆ। ਅਥਾਰਟੀ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤਾਂ ਵਿਚ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਵਿਵਾਦਾਂ ਦਾ ਹੱਲ ਕਰਵਾਇਆ ਜਾਂਦਾ ਹੈ, ਜਿਸ ਨਾਲ ਲੋਕਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੁੰਦੀ ਹੈ ਅਤੇ ਲੰਬੇ ਸਮੇਂ ਤੋਂ ਚੱਲ ਰਹੇ ਕਾਨੂੰਨੀ ਵਿਵਾਦਾਂ ਦਾ ਨਿਪਟਾਰਾ ਸੰਭਵ ਹੁੰਦਾ ਹੈ। ਇਸ ਮੌਕੇ ਦੱਸਿਆ ਗਿਆ ਕਿ ਲੋਕ ਅਦਾਲਤ ਵੱਲੋਂ ਪਾਸ ਕੀਤੇ ਗਏ ਅਵਾਰਡ ਨੂੰ ਸਿਵਲ ਅਦਾਲਤ ਦੀ ਡਿਕਰੀ ਦੇ ਬਰਾਬਰ ਕਾਨੂੰਨੀ ਮਾਨਤਾ ਪ੍ਰਾਪਤ ਹੈ ਤੇ ਇਸ ਵਿਰੁੱਧ ਅਪੀਲ ਵੀ ਨਹੀਂ ਕੀਤੀ ਜਾ ਸਕਦੀ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ 12 ਦਸੰਬਰ 2026 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਵਾਏ ਜਾਣ, ਤਾਂ ਜੋ ਆਪਸੀ ਸਹਿਮਤੀ ਨਾਲ ਵੱਧ ਤੋਂ ਵੱਧ ਵਿਵਾਦਾਂ ਦਾ ਨਿਪਟਾਰਾ ਕੀਤਾ ਜਾ ਸਕੇ। ਕਾਨੂੰਨੀ ਸੇਵਾਵਾਂ ਸਬੰਧੀ ਵਧੇਰੇ ਜਾਣਕਾਰੀ ਜਾਂ ਸਹਾਇਤਾ ਲਈ ਟੋਲ ਫ੍ਰੀ ਹੈਲਪਲਾਈਨ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।