ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਸਜਾਇਆ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਮਹਾਨ ਨਗਰ ਕੀਰਤਨ
Publish Date: Mon, 23 Nov 2026 06:44 PM (IST)
Updated Date: Mon, 23 Nov 2026 06:46 PM (IST)
ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਿਆ ਨਗਰ ਕੀਰਤਨ, ਸੰਗਤਾਂ ਨੇ ਥਾਂ-ਥਾਂ ਕੀਤਾ ਭਰਵਾਂ ਸਵਾਗਤ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ, ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਜੰਟ ਸਿੰਘ ਵੱਲੋਂ ਕੀਤੀ ਗਈ। ਇਸ ਉਪਰੰਤ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਪਣੇ ਸੀਸ ਤੇ ਸੁਸ਼ੋਭਿਤ ਕਰਕੇ ਪਾਲਕੀ ਸਾਹਿਬ ਵਿਚ ਬਿਰਾਜਮਾਨ ਕਰਨ ਦੀ ਸੇਵਾ ਨਿਭਾਈ। ਨਗਰ ਕੀਰਤਨ ਦੇ ਮਾਰਗ ਦੌਰਾਨ ਸ਼ਹਿਰ ਦੀਆਂ ਸੰਗਤਾਂ, ਧਾਰਮਿਕ ਸਭਾ-ਸੁਸਾਇਟੀਆਂ ਤੇ ਬਾਜ਼ਾਰ ਕਮੇਟੀਆਂ ਵੱਲੋਂ ਸਵਾਗਤੀ ਗੇਟ ਲਗਾ ਕੇ, ਫੁੱਲਾਂ ਦੀ ਵਰਖਾ ਕਰਕੇ ਤੇ ਲੰਗਰ ਲਗਾ ਕੇ ਭਰਵਾਂ ਸਵਾਗਤ ਕੀਤਾ ਗਿਆ। ਗੱਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ, ਜਦਕਿ ਰਾਗੀ ਤੇ ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ ਤੇ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸਰਬ-ਸਾਂਝਾ ਉਪਦੇਸ਼ ਦਿੱਤਾ। ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ, ਨਸ਼ਿਆਂ ਵਰਗੀਆਂ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਨ ਤੇ ਵਾਤਾਵਰਣ ਦੀ ਸੰਭਾਲ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਲੋਕਾਈ ਲਈ ਸਰਬੱਤ ਦੇ ਭਲੇ ਦਾ ਸੁਨੇਹਾ ਦਿੰਦੀ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਤੇ ਵਿਰਾਸਤ ਨਾਲ ਜੁੜਨ ਦਾ ਸੱਦਾ ਦਿੱਤਾ। ਅੰਤ੍ਰਿੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਤੇ ਸੰਗਤਾਂ ਦਾ ਵਿਸ਼ਾਲ ਇਕੱਠ ਗੁਰੂ ਸਾਹਿਬ ਪ੍ਰਤੀ ਅਟੁੱਟ ਸ਼ਰਧਾ ਦਾ ਪ੍ਰਤੀਕ ਹੈ। ਉਨ੍ਹਾਂ ਗੁਰੂ ਸਾਹਿਬ ਦੇ ਸੱਚੀ-ਸੁੱਚੀ ਕਿਰਤ ਕਰਨ ਤੇ ਲੋੜਵੰਦਾਂ ਦੀ ਮਦਦ ਕਰਨ ਦੇ ਉਪਦੇਸ਼ ਨੂੰ ਜੀਵਨ ਵਿਚ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਗੁਰਦੇਵ ਸਿੰਘ, ਗੁਰਸੇਵਕ ਸਿੰਘ ਕਿੰਗਰਾ, ਮਨਦੀਪ ਸਿੰਘ ਤਲਵੰਡੀ, ਗੁਰਚਰਨ ਸਿੰਘ ਜੀਦਾ, ਪ੍ਰਿੰਸੀਪਲ ਰਵਿੰਦਰ ਸਿੰਘ, ਭੋਲਾ ਸਿੰਘ ਸਮੇਤ ਪ੍ਰਬੰਧਕੀ ਅਧਿਕਾਰੀ, ਪੰਜ ਪਿਆਰੇ ਸਾਹਿਬਾਨ, ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।