ਸੁਰੱਖਿਆ ਨੂੰ ਲੈ ਕੇ ਵਿਭਾਗ ਸਖ਼ਤ, ਪੰਜ ਸਕੂਲੀ ਬੱਸਾਂ ਦੇ ਕੀਤੇ ਚਲਾਨ ਸੁਰੱਖਿਆ ਨੂੰ ਲੈ ਕੇ ਵਿਭਾਗ ਸਖ਼ਤ, ਪੰਜ ਸਕੂਲੀ ਬੱਸਾਂ ਦੇ ਕੀਤੇ ਚਲਾਨ
Publish Date: Tue, 24 Nov 2026 06:29 PM (IST)
Updated Date: Tue, 24 Nov 2026 06:31 PM (IST)
ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ ਦੀਆਂ ਬੱਸਾਂ ਵਿੱਚ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਕਾਰਵਾਈ ਅਗਲੇ ਦਿਨ੍ਹਾਂ ਵਿਚ ਵੀ ਮੁਹਿੰਮ ਰਹੇਗੀ ਜਾਰੀ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਵੱਲੋਂ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। ਇਸੇ ਤਹਿਤ ਖੇਤਰੀ ਟਰਾਂਸਪੋਰਟ ਦਫ਼ਤਰ (ਆਰਟੀਓ) ਬਠਿੰਡਾ ਦੀ ਟੀਮ ਵੱਲੋਂ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਕਲੇਅ ਇੰਡੀਆ ਇੰਟਰਨੈਸ਼ਨਲ ਸਕੂਲ, ਸੰਗਤ ਕਲਾਂ ਦੀਆਂ ਪੰਜ ਬੱਸਾਂ ਵਿੱਚ ਨਿਰਧਾਰਤ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਉਨ੍ਹਾਂ ਦੇ ਚਲਾਨ ਕੀਤੇ ਗਏ। ਵਿਭਾਗ ਅਨੁਸਾਰ ਜੁਰਮਾਨੇ ਦੀ ਰਕਮ ਵੀ ਜਮ੍ਹਾਂ ਕਰਵਾ ਲਈ ਗਈ ਹੈ। ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਰਟੀਓ ਅਮਰਿੰਦਰ ਪਾਲ ਸਿੰਘ ਚੌਹਾਨ ਨੇ ਆਪਣੀ ਟੀਮ ਸਮੇਤ ਸਵੇਰੇ ਸਕੂਲੀ ਬੱਸਾਂ ਦੀ ਜਾਂਚ ਕੀਤੀ। ਇਸ ਮੁਹਿੰਮ ਦੌਰਾਨ ਬੱਸਾਂ ਵਿੱਚ ਬੱਚਿਆਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਅਤੇ ਸਰਕਾਰ ਵੱਲੋਂ ਨਿਰਧਾਰਤ ਟਰਾਂਸਪੋਰਟ ਨਿਯਮਾਂ ਦੀ ਪਾਲਣਾ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਦਸਤਾਵੇਜ਼ਾਂ ਅਤੇ ਲਾਜ਼ਮੀ ਸੁਰੱਖਿਆ ਮਾਪਦੰਡਾਂ ਦੀ ਪੜਤਾਲ ਕਰਦਿਆਂ ਪੰਜ ਬੱਸਾਂ ਵਿਚ ਨਿਯਮਾਂ ਦੀ ਉਲੰਘਣਾ ਸਾਹਮਣੇ ਆਈ, ਜਿਸ ਤੋਂ ਬਾਅਦ ਵਿਭਾਗ ਨੇ ਚਲਾਨ ਦੀ ਕਾਰਵਾਈ ਕੀਤੀ। ਆਰਟੀਓ ਅਮਰਿੰਦਰ ਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਇਹ ਮੁਹਿੰਮ ਸਰਕਾਰ ਦੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਚਲਾਈ ਜਾ ਰਹੀ ਹੈ। ਇਸ ਪਾਲਿਸੀ ਦਾ ਮੁੱਖ ਉਦੇਸ਼ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਤੇ ਭਰੋਸੇਯੋਗ ਆਵਾਜਾਈ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਕੂਲੀ ਵਾਹਨਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ ਸਰਟੀਫਿਕੇਟ, ਸੁਰੱਖਿਆ ਉਪਕਰਨ ਤੇ ਹੋਰ ਲਾਜ਼ਮੀ ਪ੍ਰਬੰਧ ਪੂਰੇ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਬੱਸਾਂ ਵਿਚ ਸਿਖਲਾਈ ਪ੍ਰਾਪਤ ਡਰਾਈਵਰਾਂ ਅਤੇ ਸਹਾਇਕਾਂ ਦੀ ਮੌਜੂਦਗੀ ਵੀ ਯਕੀਨੀ ਬਣਾਈ ਜਾਣੀ ਲਾਜ਼ਮੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਨੂੰ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਆਰਟੀਓ ਨੇ ਸਮੂਹ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲਾਂ ਅਤੇ ਬੱਸ ਆਪਰੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਾਹਨਾਂ ਦੇ ਦਸਤਾਵੇਜ਼ ਅਤੇ ਸੁਰੱਖਿਆ ਪ੍ਰਬੰਧ ਮੁਕੰਮਲ ਰੱਖਣ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਸਕੂਲੀ ਆਵਾਜਾਈ ਪ੍ਰਤੀ ਸੁਚੇਤ ਰਹਿਣ ਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਸਬੰਧਤ ਵਿਭਾਗ ਨੂੰ ਸੂਚਿਤ ਕਰਨ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਭਵਿੱਖ ਵਿਚ ਵੀ ਅਜਿਹੀਆਂ ਚੈਕਿੰਗ ਤੇ ਇਨਫੋਰਸਮੈਂਟ ਮੁਹਿੰਮਾਂ ਜਾਰੀ ਰਹਿਣਗੀਆਂ। ਇਨ੍ਹਾਂ ਦਾ ਮਕਸਦ ਸਿਰਫ਼ ਚਲਾਨ ਕਰਨਾ ਨਹੀਂ, ਸਗੋਂ ਸਕੂਲੀ ਆਵਾਜਾਈ ਪ੍ਰਣਾਲੀ ਵਿਚ ਜਵਾਬਦੇਹੀ ਵਧਾਉਣਾ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਹਰ ਪੱਧਰ ’ਤੇ ਯਕੀਨੀ ਬਣਾਉਣਾ ਹੈ।