- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਆਪ’ ਦੇ ਸਾਬਕਾ ਲੋਕ ਸਭਾ ਇੰਚਾਰਜ ਦੀਪਕ ਬਾਂਸਲ ਕਾਂਗਰਸ ਵਿੱਚ ਸ਼ਾਮਲ

ਪ੍ਰਗਟ ਸਿੰਘ, ਸੁਖਪਾਲ ਸਿੰਘ ਖਹਿਰਾ ਤੇ ਪ੍ਰਤਾਪ ਬਾਜਵਾ ਦੀ ਹਾਜ਼ਰੀ ’ਚ ਫੜਿਆ ਕਾਂਗਰਸ ਦਾ ਹੱਥ
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ
2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਠਿੰਡਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਤੇ ਪਾਰਟੀ ਦੇ ਸਾਬਕਾ ਲੋਕ ਸਭਾ ਇੰਚਾਰਜ ਦੀਪਕ ਬਾਂਸਲ ਦੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਨਾਲ ਬਠਿੰਡਾ ਦੀ ਸਿਆਸਤ ਵਿਚ ਨਵੀਂ ਚਰਚਾ ਛਿੜ ਗਈ ਹੈ। ਦੀਪਕ ਬਾਂਸਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਸੁਖਪਾਲ ਸਿੰਘ ਖਹਿਰਾ ਤੇ ਪ੍ਰਤਾਪ ਸਿੰਘ ਬਾਜਵਾ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਦੀਪਕ ਬਾਂਸਲ ਨੇ ਦੱਸਿਆ ਕਿ ਉਹ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਿਚੋਂ ਸਨ ਤੇ ਉਨ੍ਹਾਂ ਨੇ ਬਠਿੰਡਾ ਲੋਕ ਸਭਾ ਹਲਕੇ ਦੇ ਇੰਚਾਰਜ ਵਜੋਂ ਵੀ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਨੇ ਬਠਿੰਡਾ ਲੋਕ ਸਭਾ ਹਲਕੇ ਅਧੀਨ ਪੈਂਦੀਆਂ ਪੰਜ ਵਿਧਾਨ ਸਭਾ ਸੀਟਾਂ ਜਿੱਤੀਆਂ ਸਨ। ਉਹ ਖ਼ੁਦ ਬਠਿੰਡਾ ਸ਼ਹਿਰੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੇ ਮੁਕਾਬਲੇ ਥੋੜ੍ਹੀਆਂ ਵੋਟਾਂ ਦੇ ਫ਼ਰਕ ਨਾਲ ਚੋਣ ਹਾਰ ਗਏ ਸਨ। ਦੀਪਕ ਬਾਂਸਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿਸ ਵਿਚਾਰਧਾਰਾ ਤੇ ਉਦੇਸ਼ਾਂ ਨੂੰ ਲੈ ਕੇ ਹੋਂਦ ਵਿਚ ਆਈ ਸੀ, ਸਮੇਂ ਦੇ ਨਾਲ ਪਾਰਟੀ ਆਪਣੇ ਉਨ੍ਹਾਂ ਵਿਚਾਰਾਂ ਤੋਂ ਦੂਰ ਹੁੰਦੀ ਮਹਿਸੂਸ ਹੋਣ ਕਾਰਨ ਉਨ੍ਹਾਂ ਨੇ ਪਾਰਟੀ ਤੋਂ ਕਿਨਾਰਾ ਕਰਨ ਦਾ ਫ਼ੈਸਲਾ ਲਿਆ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਵੀ ਇਸੇ ਵਿਚਾਰਧਾਰਕ ਵਖਰੇਵੇਂ ਦੇ ਮੱਦੇਨਜ਼ਰ ਲਿਆ ਹੈ। ਜ਼ਿਕਰਯੋਗ ਹੈ ਕਿ ਦੀਪਕ ਬਾਂਸਲ ਇਕ ਪੜ੍ਹੇ-ਲਿਖੇ ਨੌਜਵਾਨ ਆਗੂ ਵਜੋਂ ਬਠਿੰਡਾ ਸ਼ਹਿਰੀ ਹਲਕੇ ਵਿਚ ਸਰਗਰਮ ਰਹੇ ਹਨ।