ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ 1 ਦਸੰਬਰ ਨੂੰ ਹੋਵੇਗੀ ਰਵਾਨਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਸ਼ੋਭਾ ਯਾਤਰਾ 1 ਦਸੰਬਰ ਨੂੰ ਹੋਵੇਗੀ ਰਵਾਨਾ
Publish Date: Thu, 26 Nov 2026 04:30 PM (IST)
Updated Date: Thu, 26 Nov 2026 04:31 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਸਰਕਾਰ ਦੇ ਸੱਭਿਆਚਾਰ ਵਿਭਾਗ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚਾਰ ਸ਼ੋਭਾ ਯਾਤਰਾਵਾਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ ਤੀਜੀ ਯਾਤਰਾ ਜ਼ਿਲ੍ਹਾ ਬਠਿੰਡਾ ਤੋਂ 1 ਦਸੰਬਰ ਨੂੰ ਸ਼ੁਰੂ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅਮਰਪੁਰਾ ਬਸਤੀ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਬਠਿੰਡਾ ਦੇ ਵੱਖ-ਵੱਖ ਅਹੁਦੇਦਾਰਾਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਦਸੰਬਰ ਨੂੰ ਯਾਤਰਾ ਬਠਿੰਡਾ ਸ਼ਹਿਰ ਵਿਖੇ ਅਮਰਪੁਰਾ ਬਸਤੀ ਤੋਂ ਸਵੇਰੇ 7:30 ਵਜੇ ਸ਼ੁਰੂ ਹੋਵੇਗੀ। ਯਾਤਰਾ ਬਠਿੰਡਾ ਸ਼ਹਿਰ ਵਿਖੇ ਅਮਰਪੁਰਾ ਬਸਤੀ ਤੋਂ ਸ਼ੁਰੂ ਹੋਵੇਗੀ। ਯਾਤਰਾ ਦਾਣਾ ਮੰਡੀ ਤੋਂ ਹੁੰਦੀ ਹੋਈ ਸਬਜ਼ੀ ਮੰਡੀ, ਭਗਵਾਨ ਵਾਲਮੀਕਿ ਚੌਕ, ਫੌਜੀ ਚੌਕ, ਬੀਬੀਵਾਲਾ ਚੌਕ ਵਿਖੇ ਪੁੱਜੇਗੀ। ਅੱਗੇ ਭੁੱਚੋ ਮੰਡੀ ਅਤੇ ਰਾਮਪੁਰਾ ਤੋਂ ਹੁੰਦੀ ਹੋਈ ਇਹ ਯਾਤਰਾ ਜ਼ਿਲ੍ਹਾ ਬਰਨਾਲਾ ਵਿਖੇ ਦਾਖ਼ਲ ਹੋਵੇਗੀ। ਜ਼ਿਲ੍ਹਾ ਬਰਨਾਲਾ, ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ ਤੋਂ ਹੁੰਦਿਆਂ ਅੱਗੇ ਰੂਪਨਗਰ, ਬਲਾਚੌਰ, ਗੜ੍ਹਸ਼ੰਕਰ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਪੁੱਜੇਗੀ। ਇਹ ਸ਼ੋਭਾ ਯਾਤਰਾ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜੇਗੀ ਜਿੱਥੇ 4 ਤੋਂ 6 ਦਸੰਬਰ ਤੱਕ ਪੰਜਾਬ ਸਰਕਾਰ ਵੱਲੋਂ ਉੱਚ ਪੱਧਰੀ ਸਮਾਗਮ ਰੱਖੇ ਗਏ ਹਨ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਵੱਖ-ਵੱਖ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਯਾਤਰਾ ਦੌਰਾਨ ਸਾਰੇ ਰੂਟਾਂ ਦੀ ਸਫ਼ਾਈ, ਲੰਗਰ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ, ਬਿਜਲੀ ਦੀਆਂ ਲਟਕਦੀਆਂ ਤਾਰਾਂ ਦੀ ਮੁਰੰਮਤ, ਰੂਟ ਚ ਪੈਂਦੇ ਦਰਖਤਾਂ ਦੀ ਛੰਗਾਈ ਆਦਿ ਦਾ ਕੰਮ ਸਮੇਂ-ਸਿਰ ਨੇਪਰੇ ਚਾੜ੍ਹ ਲਿਆ ਜਾਵੇ। ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਸ਼ੋਭਾ ਯਾਤਰਾ ਦੇ ਜਾਣ ਵਾਲੇ ਰਸਤੇ ਲਈ ਪੁਲਿਸ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਟ੍ਰੈਫ਼ਿਕ ਆਦਿ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਇਸ ਮੌਕੇ ਪ੍ਰਧਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਮਰਜੀਤ ਮਹਿਤਾ, ਚੇਅਰਮੈਨ ਨਗਰ ਸੁਧਾਰ ਟਰਸਟ ਬਠਿੰਡਾ ਜਤਿੰਦਰ ਸਿੰਘ ਭੱਲਾ, ਚੇਅਰਮੈਨ ਜੰਗਲਾਤ ਵਿਭਾਗ ਰਾਕੇਸ਼ ਪੁਰੀ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਪੂਨਮ ਸਿੰਘ, ਕਮਿਸ਼ਨਰ ਨਗਰ ਨਿਗਮ ਲਵਜੀਤ ਕਲਸੀ, ਉੱਪ ਮੰਡਲ ਮੈਜਿਸਟਰੇਟ ਬਠਿੰਡਾ ਅਮਨਦੀਪ ਸਿੰਘ ਮਾਵੀ, ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਪੰਕਜ਼ ਕੁਮਾਰ, ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ ਬਲਜੀਤ ਬੱਲੀ, ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਬਠਿੰਡਾ ਦੇ ਪ੍ਰਧਾਨ ਗੌਰੀ ਸ਼ੰਕਰ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਮਹਾਂ ਸਭਾ ਬਠਿੰਡਾ ਦੇ ਵੱਖ-ਵੱਖ ਅਹੁਦੇਦਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਆਦਿ ਹਾਜ਼ਰ ਸਨ।