ਮੋਗਾ ਦੀ ਰੈਲੀ ਨੇ ਮੁੜ ‘ਆਪ’ ਸਰਕਾਰ ਦਾ ਮੁੱਢ ਬੰਨ੍ਹਿਆ : ਭੱਲਾ ਮੋਗਾ ਦੀ ਰੈਲੀ ਨੇ ਮੁੜ ‘ਆਪ’ ਸਰਕਾਰ ਦਾ ਮੁੱਢ ਬੰਨ੍ਹਿਆ-ਭੱਲਾ
Publish Date: Thu, 26 Nov 2026 05:14 PM (IST)
Updated Date: Thu, 26 Nov 2026 05:16 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ ਮੋਗਾ ਵਿਖੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਈ ਗਈ ‘ਖੁਸ਼ਹਾਲ ਪੰਜਾਬ ਰੈਲੀ’ ਨੇ ਪੰਜਾਬ ਦੀ ਸਿਆਸਤ ਵਿਚ ਨਵਾਂ ਜੋਸ਼ ਭਰ ਦਿੱਤਾ ਹੈ। ਇਸ ਰੈਲੀ ਵਿਚ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਮੁੜ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਲਈ ਤਿਆਰ ਹਨ। ਇਹ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਕੀਤਾ। ਉਨ੍ਹਾਂ ਮੋਗਾ ਰੈਲੀ ਵਿਚ ਬਠਿੰਡਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਪਾਰਟੀ ਆਗੂਆਂ, ਵਲੰਟੀਅਰਾਂ, ਵਰਕਰਾਂ ਅਤੇ ਆਮ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਉਤਸ਼ਾਹ ਨਾਲ ਜ਼ਿਲ੍ਹਾ ਵਾਸੀਆਂ ਨੇ ਰੈਲੀ ਵਿਚ ਸ਼ਮੂਲੀਅਤ ਕੀਤੀ ਹੈ, ਉਹ ਪਾਰਟੀ ਲਈ ਹੌਸਲਾ ਵਧਾਉਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਪਾਰਟੀ ਦੇ ਹਰ ਵਰਗ ਦੇ ਆਗੂਆਂ ਅਤੇ ਵਰਕਰਾਂ ਨੇ ਪੂਰੀ ਮਿਹਨਤ ਕੀਤੀ ਅਤੇ ਲੋਕਾਂ ਨੇ ਵੀ ਇਸ ਨੂੰ ਭਰਵਾਂ ਹੁੰਗਾਰਾ ਦਿੱਤਾ। ਭੱਲਾ ਨੇ ਕਿਹਾ ਕਿ ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਇਕੱਠ ਦੇ ਪੱਖੋਂ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਸਿਆਸੀ ਰੈਲੀਆਂ ਵਿਚੋਂ ਇਕ ਸਾਬਤ ਹੋਈ ਹੈ। ਇਸ ਵਿਚ ਸਿਰਫ਼ ਪਾਰਟੀ ਦੇ ਆਗੂਆਂ ਅਤੇ ਸਰਗਰਮ ਵਰਕਰਾਂ ਨੇ ਹੀ ਹਿੱਸਾ ਨਹੀਂ ਲਿਆ, ਸਗੋਂ ਵੱਡੀ ਗਿਣਤੀ ਵਿਚ ਆਮ ਲੋਕ ਵੀ ਆਪਣੇ ਪਰਿਵਾਰਾਂ ਅਤੇ ਸਾਥੀਆਂ ਸਮੇਤ ਉਤਸ਼ਾਹ ਨਾਲ ਪਹੁੰਚੇ। ਉਨ੍ਹਾਂ ਅਨੁਸਾਰ ਲੋਕਾਂ ਦੀ ਇਹ ਸ਼ਮੂਲੀਅਤ ਆਮ ਆਦਮੀ ਪਾਰਟੀ ਪ੍ਰਤੀ ਵਧ ਰਹੇ ਭਰੋਸੇ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ, ਬਿਜਲੀ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੇ ਖੇਤਰਾਂ ਵਿਚ ਕਈ ਅਹਿਮ ਕਦਮ ਚੁੱਕੇ ਹਨ। ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪੰਜਾਬ ਦੇ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਪਾਰਟੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੋਗਾ ਰੈਲੀ ਨੇ ਪਾਰਟੀ ਦੇ ਆਗੂਆਂ ਅਤੇ ਵਲੰਟੀਅਰਾਂ ਵਿਚ ਨਵਾਂ ਉਤਸ਼ਾਹ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਆਪਣੇ ਪੰਜ ਸਾਲਾਂ ਦੇ ਕੰਮਾਂ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਆਧਾਰ ’ਤੇ ਚੋਣ ਮੈਦਾਨ ਵਿਚ ਉਤਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਮੋਗਾ ਦੀ ਰੈਲੀ ਨੇ ਪੰਜਾਬ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮੁੱਢ ਬੰਨ੍ਹ ਦਿੱਤਾ ਹੈ। ਉਨ੍ਹਾਂ ਬਠਿੰਡਾ ਜ਼ਿਲ੍ਹੇ ਦੇ ਸਮੂਹ ਪਾਰਟੀ ਆਗੂਆਂ, ਅਹੁਦੇਦਾਰਾਂ, ਵਲੰਟੀਅਰਾਂ ਅਤੇ ਆਮ ਲੋਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦਾ ਇਹ ਸਾਥ ਅਤੇ ਵਿਸ਼ਵਾਸ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ।