- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਸੀਨੀਅਰ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ : ਸਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਬੁਰਜ ਮਹਿਮਾ ਵਿਖੇ ਸੀਨੀਅਰ ਵਿਦਿਆਰਥੀਆਂ ਦੀ ਵਿਦਾਇਗੀ ਨੂੰ ਸਮਰਪਿਤ ਫੇਅਰਵੈੱਲ ਪਾਰਟੀ ਉਤਸ਼ਾਹ ਅਤੇ ਭਾਵਨਾਤਮਕ ਮਾਹੌਲ ਵਿੱਚ ਕਰਵਾਈ ਗਈ। ਸਮਾਗਮ ਦੌਰਾਨ ਜੂਨੀਅਰ ਵਿਦਿਆਰਥੀਆਂ ਨੇ ਆਪਣੇ ਸੀਨੀਅਰਾਂ ਨੂੰ ਯਾਦਗਾਰੀ ਪਲਾਂ ਦੀ ਸੌਗਾਤ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਸੰਸਥਾ ਦੇ ਵਾਈਸ ਚੇਅਰਮੈਨ ਡਾ. ਬੀਰ ਜਤਿੰਦਰ, ਜੋ ਵਿਸ਼ੇਸ਼ ਤੌਰ ’ਤੇ ਅਮਰੀਕਾ ਤੋਂ ਪਹੁੰਚੇ ਸਨ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਗੀਤਾਂ, ਨਾਚ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਖ਼ੂਬ ਰੰਗ ਬੰਨ੍ਹਿਆ ਗਿਆ। ਸਮਾਗਮ ਦਾ ਮੁੱਖ ਆਕਰਸ਼ਣ ਸੀਨੀਅਰ ਵਿਦਿਆਰਥਣਾਂ ਦਾ ਮਾਡਲਿੰਗ ਮੁਕਾਬਲਾ ਰਿਹਾ। ਇਸ ਵਿੱਚ ਪਲਕ ਨੂੰ ਮਿਸ ਫੇਅਰਵੈੱਲ, ਦਮਨਪ੍ਰੀਤ ਕੌਰ ਨੂੰ ਪਹਿਲੀ ਰਨਰਅੱਪ ਅਤੇ ਡਾਇਨਮ ਭਾਰਤੀ ਨੂੰ ਦੂਜੀ ਰਨਰਅੱਪ ਚੁਣਿਆ ਗਿਆ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਡਾ. ਰਵਜੋਤ ਕੌਰ, ਡਾਇਰੈਕਟਰ ਭਰਤ ਸ਼ਰਮਾ ਅਤੇ ਪ੍ਰਿੰਸੀਪਲ ਪਰਮਿੰਦਰ ਕੌਰ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇਮਾਨਦਾਰੀ, ਲਗਨ ਅਤੇ ਮਿਹਨਤ ਨਾਲ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਅਖੀਰ ਵਿੱਚ ਚੇਅਰਮੈਨ ਪ੍ਰੋ. ਡਾ. ਡੀਐੱਸ ਮਸਤਾਨਾ ਨੇ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਜੇਤੂਆਂ ਨੂੰ ਇਨਾਮ ਵੰਡੇ। ਉਨ੍ਹਾਂ ਵਿਦਿਆਰਥੀਆਂ ਨੂੰ ਫਲੋਰੈਂਸ ਨਾਈਟਿੰਗੇਲ ਦੇ ਆਦਰਸ਼ਾਂ ’ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੱਤਾ। ਸਮਾਗਮ ਯਾਦਗਾਰੀ ਪਲਾਂ ਅਤੇ ਭਾਵੁਕ ਵਿਦਾਇਗੀ ਨਾਲ ਸੰਪੰਨ ਹੋਇਆ।