- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਨੇ ਸ਼ੁਰੂ ਕਰਵਾਇਆ ਪ੍ਰੀਮਿਕਸ ਕੰਮ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ‘ਰੰਗਲਾ ਪੰਜਾਬ’ ਮੁਹਿੰਮ ਅਤੇ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਦੀ ‘ਖੱਡਾ ਮੁਕਤ ਬਠਿੰਡਾ’ ਮੁਹਿੰਮ ਤਹਿਤ ਸ਼ਹਿਰ ਵਿੱਚ ਸੜਕਾਂ ਦੇ ਸੁਧਾਰ ਅਤੇ ਨਵੀਨੀਕਰਨ ਦਾ ਕੰਮ ਲਗਾਤਾਰ ਅੱਗੇ ਵਧ ਰਿਹਾ ਹੈ। ਇਸੇ ਲੜੀ ਤਹਿਤ ਸਥਾਨਕ ਨਰੂਆਣਾ ਰੋਡ ਵਿਖੇ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਪ੍ਰਧਾਨ ਅਮਰਜੀਤ ਮਹਿਤਾ ਵੱਲੋਂ ਕਰਵਾਈ ਗਈ। ਇਸ ਮੌਕੇ ਕੌਂਸਲਰ ਸ਼ਾਮ ਲਾਲ ਜੈਨ, ਸੰਜੇ ਬਿਸਵਾਲ, ਕੁਲਵਿੰਦਰ ਮਾਂਕੜ, ਰਾਜਿੰਦਰ ਕੌਰ, ਮਾਤਾ ਸੰਤੋਸ਼ ਮਹੰਤ, ਬਲਦੇਵ ਸਿੰਘ, ਮਲਕੀਤ ਸ਼ਾਰਦਾ, ਗੁਰਪਿਆਰ ਭੁੱਲਰ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ। ਇਸ ਮੌਕੇ ਅਮਰਜੀਤ ਮਹਿਤਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਦਾ ਅਸਲ ਲਾਭ ਉਦੋਂ ਹੀ ਮਿਲਦਾ ਹੈ, ਜਦੋਂ ਹਰ ਇਲਾਕੇ ਦੇ ਲੋਕਾਂ ਨੂੰ ਬਿਹਤਰ ਸੜਕਾਂ, ਸਾਫ਼-ਸੁਥਰਾ ਵਾਤਾਵਰਨ ਅਤੇ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਹੋਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦੇ ਕੇ ਪੰਜਾਬ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨਾ ਹੈ।
ਇਸੇ ਦਿਸ਼ਾ ਵਿੱਚ ਬਠਿੰਡਾ ਵਿਖੇ ਵੀ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਸੜਕਾਂ ਨੂੰ ਖੱਡਾ ਮੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਵੱਖ-ਵੱਖ ਵਾਰਡਾਂ ਅਤੇ ਪ੍ਰਮੁੱਖ ਸੜਕਾਂ ’ਤੇ ਪ੍ਰੀਮਿਕਸ ਨਿਰਮਾਣ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਆਮ ਲੋਕਾਂ ਨੂੰ ਆਵਾਜਾਈ ਵਿੱਚ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਇਲਾਕਾ ਨਿਵਾਸੀਆਂ ਦੀ ਭਾਗੀਦਾਰੀ ਅਤੇ ਉਨ੍ਹਾਂ ਦੇ ਸੁਝਾਅ ਵੀ ਬਹੁਤ ਮਹੱਤਵਪੂਰਨ ਹਨ, ਕਿਉਂਕਿ ਸਥਾਨਕ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਬਿਹਤਰ ਵਿਕਾਸ ਯੋਜਨਾਵਾਂ ਤਿਆਰ ਕੀਤੀਆਂ ਜਾ ਸਕਦੀਆਂ ਹਨ। ਮਹਿਤਾ ਨੇ ਕਿਹਾ ਕਿ ਬਠਿੰਡਾ ਨੂੰ ਆਧੁਨਿਕ ਅਤੇ ਸਹੂਲਤਾਂ ਭਰਪੂਰ ਸ਼ਹਿਰ ਬਣਾਉਣ ਲਈ ਸੜਕ ਨੈੱਟਵਰਕ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ। ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸੜਕਾਂ ਦੀ ਹਾਲਤ ਸੁਧਾਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਵਾਏ ਜਾ ਰਹੇ ਹਨ। ਖੱਡਾ ਮੁਕਤ ਬਠਿੰਡਾ ਦਾ ਟੀਚਾ ਸਿਰਫ਼ ਮੁੱਖ ਸੜਕਾਂ ਤੱਕ ਸੀਮਤ ਨਹੀਂ ਹੈ, ਸਗੋਂ ਸ਼ਹਿਰ ਦੇ ਹਰ ਇਲਾਕੇ ਅਤੇ ਹਰ ਗਲੀ ਤੱਕ ਬਿਹਤਰ ਸੜਕ ਸਹੂਲਤ ਪਹੁੰਚਾਉਣਾ ਹੈ।