- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਰੈਲੀ ਵਿਚ ਲੋਕਾਂ ਦੇ ਭਾਰੀ ਇਕੱਠ ਨੇ ਸਰਕਾਰ ਦੇ ਕੰਮਾਂ ’ਤੇ ਲਾਈ ਮੋਹਰ : ਪਰਮਜੀਤ ਕੋਟ ਫੱਤਾ

ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ
ਕੋਟ ਫੱਤਾ : ਮੋਗਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਈ ਗਈ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਦੌਰਾਨ ਪੰਜਾਬ ਭਰ ਤੋਂ ਪਹੁੰਚੇ ਲੋਕਾਂ ਦੇ ਭਾਰੀ ਇਕੱਠ ਅਤੇ ਪਾਰਟੀ ਵਰਕਰਾਂ ਦੇ ਉਤਸ਼ਾਹ ਨੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਇਸ ਰੈਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਲੋਕਾਂ ਸਾਹਮਣੇ ਰੱਖਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਰਮਜੀਤ ਸਿੰਘ ਪੰਮਾ ਕੋਟਫੱਤਾ, ਸੂਬਾ ਸਕੱਤਰ ਕਿਸਾਨ ਵਿੰਗ ਆਮ ਆਦਮੀ ਪਾਰਟੀ ਪੰਜਾਬ ਅਤੇ ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਨੇ ਕੀਤਾ। ਉਨ੍ਹਾਂ ਕਿਹਾ ਕਿ ਮੋਗਾ ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕਾਂ ਦੀ ਸ਼ਮੂਲੀਅਤ ਨੇ ਪਾਰਟੀ ਪ੍ਰਤੀ ਵਰਕਰਾਂ ਦੇ ਉਤਸ਼ਾਹ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਲੋਕਾਂ ਦੀ ਦਿਲਚਸਪੀ ਨੂੰ ਉਜਾਗਰ ਕੀਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਕਿਸਾਨੀ ਵਰਗੇ ਅਹਿਮ ਖੇਤਰਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਆਮ ਪਰਿਵਾਰਾਂ ਨੂੰ ਬਿਜਲੀ ਬਿੱਲਾਂ ਵਿਚ ਰਾਹਤ, ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਅਤੇ ਸਰਕਾਰੀ ਸਕੂਲਾਂ ਤੇ ਸਿਹਤ ਸਹੂਲਤਾਂ ਦੇ ਸੁਧਾਰ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।
ਕਿਸਾਨੀ ਮੁੱਦਿਆਂ ਬਾਰੇ ਗੱਲ ਕਰਦਿਆਂ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿਚ ਖੇਤੀਬਾੜੀ ਦਾ ਅਹਿਮ ਯੋਗਦਾਨ ਹੈ। ਕਿਸਾਨਾਂ ਦੀ ਖੁਸ਼ਹਾਲੀ ਲਈ ਖੇਤੀਬਾੜੀ ਨਾਲ ਜੁੜੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨਹਿਰੀ ਪਾਣੀ ਦੀ ਖੇਤਾਂ ਤੱਕ ਪਹੁੰਚ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਸਰਕਾਰ ਦੇ ਯਤਨ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਰੈਲੀ ਦੌਰਾਨ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਰਕਾਰ ਦੇ ਕੰਮਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਸ਼ੁਰੂਆਤ ਅਤੇ ਲਾਭਪਾਤਰੀਆਂ ਨੂੰ ਰਾਸ਼ਨ ਕਾਰਡ ਵੰਡਣ ਦਾ ਪ੍ਰੋਗਰਾਮ ਵੀ ਕਰਵਾਇਆ ਗਿਆ। ਅਖੀਰ ਵਿਚ ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੀ ਸਫਲਤਾ ਦਾ ਅਸਲ ਮੁਲਾਂਕਣ ਜ਼ਮੀਨੀ ਪੱਧਰ ’ਤੇ ਹੋਣ ਵਾਲੇ ਵਿਕਾਸ ਅਤੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੋਂ ਹੁੰਦਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਵਿਕਾਸ, ਕਿਸਾਨਾਂ ਦੀ ਖੁਸ਼ਹਾਲੀ, ਨੌਜਵਾਨਾਂ ਦੇ ਬਿਹਤਰ ਭਵਿੱਖ ਅਤੇ ਆਮ ਲੋਕਾਂ ਦੀ ਭਲਾਈ ਲਈ ਆਪਣੇ ਯਤਨ ਇਸੇ ਤਰ੍ਹਾਂ ਜਾਰੀ ਰੱਖੇਗੀ।