ਸਕੂਲ ’ਚੋਂ ਮਿਲਿਆ ਡੇਂਗੂ ਦਾ ਲਾਰਵਾ ਤਾਂ ਸਕੂਲ ਮੁਖੀ ਨੂੰ ਹੋਵੇਗਾ ਜੁਰਮਾਨਾ ਸਿੱਖਿਆ ਵਿਭਾਗ ਦਾ ਮੰਨਣਾ ਹੈ ਕਿ ਡੇਂਗੂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਜਾਗਰੂਕਤਾ ਅਤੇ ਸਾਵਧਾਨੀ ਹੈ। ਇਸ ਲਈ ਸਕੂਲਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਗਿਆ ਹੈ, ਤਾਂ ਜੋ ਵਿਦਿਆਰਥੀਆਂ ਰਾਹੀਂ ਸਮਾਜ ਵਿੱਚ ਵੀ ਡੇਂਗੂ ਰੋਕਥਾਮ ਦਾ ਸੰਦੇਸ਼ ਪਹੁੰਚਾਇਆ ਜਾ ਸਕੇ ਅਤੇ ਬਰਸਾਤੀ ਮੌਸਮ ਦੌਰਾਨ ਇਸ ਖਤਰਨਾਕ ਬਿਮਾਰੀ ਦੇ ਫੈਲਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ।
Publish Date: Thu, 02 Jul 2026 06:56 PM (IST)
Updated Date: Fri, 03 Jul 2026 12:44 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਡੇਂਗੂ ਦੇ ਵੱਧ ਰਹੇ ਖਤਰੇ ਤੋਂ ਬਚਾਅ ਲਈ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਨਾਲ ਹੀ ਸਿੱਖਿਆ ਵਿਭਾਗ ਨੇ ਇਹ ਵੀ ਆਦੇਸ਼ ਦਿੱਤੇ ਹਨ ਕਿ ਜਿਹੜੇ ਸਕੂਲ ਵਿੱਚੋਂ ਡੇਂਗੂ ਦਾ ਲਾਰਵਾ ਮਿਲਿਆ ਉਸ ਦੇ ਮੁਖੀ ਨੂੰ 11000 ਰੁਪਏ ਜੁਰਮਾਨਾ ਆਪਣੀ ਜੇਬ ਵਿੱਚੋਂ ਦੇਣਾ ਪਵੇਗਾ। ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡੇਂਗੂ ਦੇ ਕਾਰਨਾਂ, ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਜਾਵੇ, ਤਾਂ ਜੋ ਬਿਮਾਰੀ ਦੇ ਫੈਲਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ। ਨਿਰਦੇਸ਼ਾਂ ਅਨੁਸਾਰ ਸਕੂਲਾਂ ਦੀ ਸਵੇਰ ਦੀ ਸਭਾ (ਮੌਰਨਿੰਗ ਅਸੈਂਬਲੀ) ਦੌਰਾਨ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਹਰ ਹਫ਼ਤੇ ਇੱਕ ਦਿਨ ਨੂੰ ‘ਡਰਾਈ ਡੇ’ ਵਜੋਂ ਮਨਾਇਆ ਜਾਵੇ। ਇਸ ਦਿਨ ਸਕੂਲ ਦੇ ਆਲੇ-ਦੁਆਲੇ ਅਤੇ ਘਰਾਂ ਵਿੱਚ ਪਏ ਕੂਲਰਾਂ, ਗਮਲਿਆਂ, ਟਾਇਰਾਂ, ਪਾਣੀ ਦੀਆਂ ਟੈਂਕੀਆਂ ਅਤੇ ਹੋਰ ਭਾਂਡਿਆਂ ਵਿੱਚ ਖੜ੍ਹੇ ਪਾਣੀ ਨੂੰ ਪੂਰੀ ਤਰ੍ਹਾਂ ਖਾਲੀ ਕਰ ਕੇ ਸੁੱਕਾ ਰੱਖਿਆ ਜਾਵੇ ਤਾਂ ਜੋ ਮੱਛਰਾਂ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ। ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਸਿਹਤ ਵਿਭਾਗ ਦੀਆਂ ਟੀਮਾਂ ਸਮੇਂ-ਸਮੇਂ ਤੇ ਸਕੂਲਾਂ ਦਾ ਦੌਰਾ ਕਰਕੇ ਡੇਂਗੂ ਲਾਰਵੇ ਦੀ ਜਾਂਚ ਕਰਨਗੀਆਂ। ਜੇਕਰ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਸਕੂਲ ਦੇ ਅੰਦਰ ਜਾਂ ਆਲੇ-ਦੁਆਲੇ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਸ ਸਕੂਲ ਦੇ ਮੁਖੀ, ਅਰਥਾਤ ਪ੍ਰਿੰਸੀਪਲ ਜਾਂ ਹੈੱਡਮਾਸਟਰ ਨੂੰ ਇਸ ਲਈ ਜ਼ਿੰਮੇਵਾਰ ਮੰਨਿਆ ਜਾਵੇਗਾ। ਵਿਭਾਗੀ ਹਦਾਇਤਾਂ ਮੁਤਾਬਕ ਜੇਕਰ ਕਿਸੇ ਸਕੂਲ ਵਿੱਚ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਸਬੰਧਤ ਸਕੂਲ ਮੁਖੀ ਤੇ 11 ਹਜ਼ਾਰ ਰੁਪਏ ਤਕ ਦਾ ਜੁਰਮਾਨਾ ਨਿੱਜੀ ਹੈਸੀਅਤ (ਪਰਸਨਲ ਕੈਪੇਸਿਟੀ) ਵਿੱਚ ਲਗਾਇਆ ਜਾ ਸਕਦਾ ਹੈ। ਇਹ ਜੁਰਮਾਨਾ ਸਰਕਾਰੀ ਫੰਡ ਵਿੱਚੋਂ ਨਹੀਂ, ਸਗੋਂ ਸਬੰਧਤ ਅਧਿਕਾਰੀ ਨੂੰ ਆਪਣੇ ਪੱਧਰ ਤੇ ਅਦਾ ਕਰਨਾ ਪਵੇਗਾ। ਇਸ ਸਬੰਧੀ ਸਕੂਲ ਮੁਖੀਆਂ ਨੂੰ ਲਾਪਰਵਾਹੀ ਨਾ ਵਰਤਣ ਅਤੇ ਸਕੂਲ ਕੈਂਪਸ ਦੀ ਨਿਯਮਤ ਸਫ਼ਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਸਕੂਲਾਂ ਵਿੱਚ ਤਿੰਨ ਮੈਂਬਰੀ ਕਮੇਟੀ ਬਣਾਉਣ ਦੇ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਕਮੇਟੀ ਸਕੂਲ ਕੰਪਲੈਕਸ ਦੀ ਨਿਯਮਿਤ ਜਾਂਚ ਕਰੇਗੀ, ਸਫ਼ਾਈ ਦੀ ਨਿਗਰਾਨੀ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਕਿਤੇ ਵੀ ਪਾਣੀ ਖੜ੍ਹਾ ਨਾ ਰਹੇ। ਕਮੇਟੀ ਵਿਦਿਆਰਥੀਆਂ ਨੂੰ ਵੀ ਆਪਣੇ ਘਰਾਂ ਅਤੇ ਆਸ-ਪਾਸ ਸਫ਼ਾਈ ਰੱਖਣ ਲਈ ਪ੍ਰੇਰਿਤ ਕਰੇਗੀ। ਸਿੱਖਿਆ ਵਿਭਾਗ ਦਾ ਮੰਨਣਾ ਹੈ ਕਿ ਡੇਂਗੂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਜਾਗਰੂਕਤਾ ਅਤੇ ਸਾਵਧਾਨੀ ਹੈ। ਇਸ ਲਈ ਸਕੂਲਾਂ ਨੂੰ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਗਿਆ ਹੈ, ਤਾਂ ਜੋ ਵਿਦਿਆਰਥੀਆਂ ਰਾਹੀਂ ਸਮਾਜ ਵਿੱਚ ਵੀ ਡੇਂਗੂ ਰੋਕਥਾਮ ਦਾ ਸੰਦੇਸ਼ ਪਹੁੰਚਾਇਆ ਜਾ ਸਕੇ ਅਤੇ ਬਰਸਾਤੀ ਮੌਸਮ ਦੌਰਾਨ ਇਸ ਖਤਰਨਾਕ ਬਿਮਾਰੀ ਦੇ ਫੈਲਾਅ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ।