ਜੱਸੀ ਬਾਗਵਾਲੀ ਕਤਲ ਕਾਂਡ: ਪਤੀ ਦੀ ਗ੍ਰਿਫ਼ਤਾਰੀ ਨਾ ਹੋਣ ''ਤੇ ਪਰਿਵਾਰ ਦਾ ਧਰਨਾ, ਅੰਤਿਮ ਸੰਸਕਾਰ ਕਰਨ ਤੋਂ ਇਨਕਾਰ news from Bathinda news from Bathinda
Publish Date: Sun, 05 Jul 2026 04:26 PM (IST)
Updated Date: Sun, 05 Jul 2026 04:27 PM (IST)
ਗੁਰਤੇਜ ਸਿੰਘ ਸਿੱਧੂ ਪੰਜਾਬੀ ਜਾਗਰਣ ਬਠਿੰਡਾ ਥਾਣਾ ਸੰਗਤ ਅਧੀਨ ਪੈਂਦੇ ਪਿੰਡ ਜੱਸੀ ਬਾਗਵਾਲੀ ਵਿਚ ਵਿਆਹੁਤਾ ਗੁਰਮੀਤ ਕੌਰ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਮਾਮਲੇ ਵਿਚ ਮੁੱਖ ਮੁਲਜ਼ਮ ਪਤੀ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਨਾਰਾਜ਼ ਪਰਿਵਾਰਕ ਮੈਂਬਰਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਐਤਵਾਰ ਨੂੰ ਭਗਵਾਨ ਵਾਲਮੀਕਿ ਚੌਕ ਵਿਚ ਧਰਨਾ ਲਾ ਕੇ ਸੜਕ ਜਾਮ ਕਰ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਘਟਨਾ ਨੂੰ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਮੁੱਖ ਮੁਲਜ਼ਮ ਖੁੱਲ੍ਹੇਆਮ ਘੁੰਮ ਰਿਹਾ ਹੈ, ਜਦਕਿ ਪਰਿਵਾਰ ਦੇ ਹੋਰ ਮੈਂਬਰਾਂ ਦੀ ਜਾਨ ਨੂੰ ਵੀ ਖ਼ਤਰਾ ਬਣਿਆ ਹੋਇਆ ਹੈ। ਧਰਨੇ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ, ਸ਼ਿਵ ਸੈਨਾ ਅਤੇ ਹੋਰ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਦੋਂ ਤੱਕ ਗੁਰਮੀਤ ਕੌਰ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਇਸ ਵੇਲੇ ਲਾਸ਼ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖੀ ਗਈ ਹੈ। ਮ੍ਰਿਤਕਾ ਦੀ ਮਾਤਾ ਰਾਣੀ ਕੌਰ ਨੇ ਦੋਸ਼ ਲਾਇਆ ਕਿ ਪੁਲਿਸ ਪਿਛਲੇ ਚਾਰ ਦਿਨਾਂ ਤੋਂ ਸਿਰਫ਼ ਭਰੋਸੇ ਹੀ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਧੀ ਨੇ ਕਰੀਬ 15 ਦਿਨ ਪਹਿਲਾਂ ਸੀਨੀਅਰ ਪੁਲਿਸ ਕਪਤਾਨ (ਐੱਸਐੱਸਪੀ) ਨੂੰ ਲਿਖਤੀ ਸ਼ਿਕਾਇਤ ਦੇ ਕੇ ਆਪਣੇ ਪਤੀ ਤੋਂ ਜਾਨ ਦਾ ਖ਼ਤਰਾ ਹੋਣ ਦਾ ਖ਼ਦਸ਼ਾ ਜਤਾਇਆ ਸੀ। ਇਹ ਸ਼ਿਕਾਇਤ ਜਾਂਚ ਲਈ ਸਬੰਧਤ ਥਾਣੇ ਨੂੰ ਭੇਜੀ ਗਈ ਸੀ, ਪਰ ਸਮੇਂ ਸਿਰ ਕੋਈ ਕਾਰਵਾਈ ਨਹੀਂ ਕੀਤੀ ਗਈ। ਰਾਣੀ ਕੌਰ ਨੇ ਦੱਸਿਆ ਕਿ ਘਟਨਾ ਵਾਲੇ ਦਿਨ ਵੀ ਗੁਰਮੀਤ ਕੌਰ ਨੂੰ ਪੁਲਿਸ ਚੌਕੀ ਤੋਂ ਬਿਆਨ ਦਰਜ ਕਰਵਾਉਣ ਲਈ ਫ਼ੋਨ ਆਇਆ ਸੀ। ਉਹ ਉਸ ਸਮੇਂ ਸਖੀ ਯੋਜਨਾ ਤਹਿਤ ਲੋਕਾਂ ਦੇ ਫਾਰਮ ਭਰਨ ਦਾ ਕੰਮ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਪਹਿਲਾਂ ਹੀ ਢੁੱਕਵੀਂ ਕਾਰਵਾਈ ਕੀਤੀ ਹੁੰਦੀ ਤਾਂ ਉਨ੍ਹਾਂ ਦੀ ਧੀ ਦੀ ਜਾਨ ਬਚ ਸਕਦੀ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮੁਲਜ਼ਮ ਮਨਜੀਤ ਸਿੰਘ ਨਸ਼ੇ ਦਾ ਆਦੀ ਹੈ ਅਤੇ ਨਸ਼ੇ ਲਈ ਗੁਰਮੀਤ ਕੌਰ ਤੋਂ ਪੈਸਿਆਂ ਦੀ ਮੰਗ ਕਰਦਾ ਸੀ। ਪੈਸੇ ਨਾ ਦੇਣ ਤੇ ਉਹ ਉਸ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ। ਪਰਿਵਾਰ ਨੇ ਖ਼ਦਸ਼ਾ ਜਤਾਇਆ ਕਿ ਮੁਲਜ਼ਮ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ, ਇਸ ਲਈ ਉਸ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ ਮੁੱਖ ਮੁਲਜ਼ਮ ਅਜੇ ਵੀ ਹਥਿਆਰ ਸਮੇਤ ਫ਼ਰਾਰ ਹੈ। ਇਸ ਕਾਰਨ ਮ੍ਰਿਤਕਾ ਦੇ 12 ਅਤੇ 5 ਸਾਲ ਦੇ ਬੱਚਿਆਂ ਸਮੇਤ ਪੂਰੇ ਪਰਿਵਾਰ ਦੀ ਸੁਰੱਖਿਆ ਨੂੰ ਗੰਭੀਰ ਖ਼ਤਰਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਧਰਨਾ ਜਾਰੀ ਰਹੇਗਾ। ਛੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ, ਸਾਰੇ ਫ਼ਰਾਰ ਥਾਣਾ ਸੰਗਤ ਪੁਲਿਸ ਨੇ ਮ੍ਰਿਤਕਾ ਦੀ ਮਾਤਾ ਰਾਣੀ ਕੌਰ ਦੇ ਬਿਆਨਾਂ ਦੇ ਆਧਾਰ ਤੇ ਪਤੀ ਮਨਜੀਤ ਸਿੰਘ, ਸੁਖਦੇਵ ਸਿੰਘ, ਸੁਖਪਾਲ ਸਿੰਘ, ਸੁਖਬੀਰ ਕੌਰ, ਅਵਤਾਰ ਸਿੰਘ ਅਤੇ ਦਲਜੀਤ ਸਿੰਘ ਖ਼ਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਮੁਤਾਬਕ ਸਾਰੇ ਨਾਮਜ਼ਦ ਮੁਲਜ਼ਮ ਘਟਨਾ ਤੋਂ ਬਾਅਦ ਤੋਂ ਹੀ ਫ਼ਰਾਰ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਸੰਭਾਵਿਤ ਟਿਕਾਣਿਆਂ ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਅਤੇ ਹੋਰ ਤਕਨੀਕੀ ਸਬੂਤ ਵੀ ਇਕੱਠੇ ਕੀਤੇ ਜਾ ਰਹੇ ਹਨ। ਘਰੇਲੂ ਵਿਵਾਦ ਦੇ ਚੱਲਦਿਆਂ ਵਾਪਰੀ ਵਾਰਦਾਤ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਮਾਮਲਾ ਲੰਬੇ ਸਮੇਂ ਤੋਂ ਚੱਲ ਰਹੇ ਘਰੇਲੂ ਵਿਵਾਦ ਨਾਲ ਜੁੜਿਆ ਹੋਇਆ ਹੈ। ਪੁਲਿਸ ਅਨੁਸਾਰ ਗੁਰਮੀਤ ਕੌਰ ਦਾ ਕਰੀਬ 14 ਸਾਲ ਪਹਿਲਾਂ ਪਿੰਡ ਜੱਸੀ ਬਾਗਵਾਲੀ ਦੇ ਰਹਿਣ ਵਾਲੇ ਮਨਜੀਤ ਸਿੰਘ ਨਾਲ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਦੋਵਾਂ ਵਿਚਾਲੇ ਵਿਵਾਦ ਰਹਿਣ ਲੱਗਾ, ਜਿਸ ਕਾਰਨ ਗੁਰਮੀਤ ਕੌਰ ਕੁਝ ਸਮੇਂ ਤੋਂ ਆਪਣੇ ਪਤੀ ਤੋਂ ਵੱਖ ਰਹਿ ਰਹੀ ਸੀ। ਘਟਨਾ ਵਾਲੇ ਦਿਨ ਜਦੋਂ ਗੁਰਮੀਤ ਕੌਰ ਆਪਣੀ ਮਾਤਾ ਨਾਲ ਸਕੂਟੀ ਤੇ ਜਾ ਰਹੀ ਸੀ ਤਾਂ ਪਿੰਡ ਜੱਸੀ ਬਾਗਵਾਲੀ ਨੇੜੇ ਮੋਟਰਸਾਈਕਲ ਸਵਾਰ ਮੁਲਜ਼ਮਾਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ। ਦੋਸ਼ ਹੈ ਕਿ ਮਨਜੀਤ ਸਿੰਘ ਨੇ ਪਿਸਤੌਲ ਨਾਲ ਗੁਰਮੀਤ ਕੌਰ ਤੇ ਕਈ ਗੋਲੀਆਂ ਚਲਾਈਆਂ, ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸਾਰੇ ਮੁਲਜ਼ਮ ਫ਼ਰਾਰ ਹੋ ਗਏ। ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਅਵਤਾਰ ਸਿੰਘ ਅਤੇ ਦਲਜੀਤ ਸਿੰਘ ਨੇ ਵਾਰਦਾਤ ਲਈ ਹਥਿਆਰ ਮੁਹੱਈਆ ਕਰਵਾਏ, ਜਦਕਿ ਹੋਰ ਮੁਲਜ਼ਮ ਵੀ ਮੌਕੇ ਤੇ ਮੌਜੂਦ ਸਨ। ਪੁਲਿਸ ਵੱਲੋਂ ਇਨ੍ਹਾਂ ਸਾਰੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।