ਪੁਲਿਸ ਥਾਣਾ ਕੋਟਫੱਤਾ ਅੱਗੇ ਪਿੰਡ ਵਾਸੀਆਂ ਵੱਲੋਂ ਧਰਨਾ ਪੁਲਿਸ ਥਾਣਾ ਕੋਟਫੱਤਾ ਅੱਗੇ ਪਿੰਡ ਵਾਸੀਆਂ ਵੱਲੋਂ ਧਰਨਾ
Publish Date: Sat, 28 Nov 2026 04:32 PM (IST)
Updated Date: Sat, 28 Nov 2026 04:34 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਪਿੰਡ ਕੋਟਫੱਤਾ ਦੇ ਇਕ ਆੜ੍ਹਤੀ ਨਾਲ ਕਥਿਤ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਰਵਾਈ ਨਾ ਕੀਤੇ ਜਾਣ ਦੇ ਦੋਸ਼ ਲਾਉਂਦਿਆਂ ਪਿੰਡ ਵਾਸੀਆਂ ਨੇ ਸ਼ਨੀਵਾਰ ਨੂੰ ਪੁਲਿਸ ਥਾਣਾ ਕੋਟਫੱਤਾ ਦੇ ਸਾਹਮਣੇ ਧਰਨਾ ਲਗਾ ਦਿੱਤਾ। ਧਰਨੇ ਵਿੱਚ ਕਰੀਬ 30 ਤੋਂ 35 ਵਿਅਕਤੀ ਸ਼ਾਮਲ ਹੋਏ। ਧਰਨਾਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਵਿਚ ਨਾਮਜ਼ਦ ਵਿਅਕਤੀ ਅਤੇ ਉਸ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਟਫੱਤਾ ਦੇ ਆੜ੍ਹਤੀ ਰਾਧੇ ਸ਼ਿਆਮ ਪੁੱਤਰ ਦੁਰਗਾ ਦਾਸ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਬੀਤੀ 25 ਨਵੰਬਰ ਨੂੰ ਕੋਟਫੱਤਾ ਦੀ ਅਨਾਜ ਮੰਡੀ ਵਿੱਚ ਪਿੰਡ ਧਨ ਸਿੰਘ ਖਾਨਾ ਦੇ ਇਕ ਵਿਅਕਤੀ ਨੇ ਆਪਣੇ 5-6 ਅਣਪਛਾਤੇ ਸਾਥੀਆਂ ਸਮੇਤ ਉੱਥੇ ਪਹੁੰਚਿਆ ਅਤੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ। ਇਸ ਘਟਨਾ ਤੋਂ ਬਾਅਦ ਰਾਧੇ ਸ਼ਿਆਮ ਵੱਲੋਂ ਪੁਲਿਸ ਥਾਣਾ ਕੋਟਫੱਤਾ ਵਿਖੇ ਕ੍ਰਿਸ਼ਨ ਅਤੇ ਉਸ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਸੀ। ਰਾਧੇ ਸ਼ਿਆਮ ਅਤੇ ਉਸ ਦੇ ਸਮਰਥਕਾਂ ਦਾ ਦੋਸ਼ ਹੈ ਕਿ ਸ਼ਿਕਾਇਤ ਦੇਣ ਦੇ ਬਾਵਜੂਦ ਪੁਲਿਸ ਵੱਲੋਂ ਹਾਲੇ ਤੱਕ ਮੁਲਜ਼ਮਾਂ ਖ਼ਿਲਾਫ਼ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਮਾਮਲੇ ਵਿਚ ਕਾਰਵਾਈ ਦੀ ਮੰਗ ਨੂੰ ਲੈ ਕੇ ਪੁਲਿਸ ਕੋਲ ਪਹੁੰਚ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। ਇਸੇ ਰੋਸ ਵਜੋਂ ਪਿੰਡ ਵਾਸੀਆਂ ਨੇ 28 ਨਵੰਬਰ ਨੂੰ ਸਵੇਰੇ ਕਰੀਬ 11:40 ਵਜੇ ਥਾਣੇ ਦੇ ਸਾਹਮਣੇ ਧਰਨਾ ਸ਼ੁਰੂ ਕਰ ਦਿੱਤਾ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਪੁਲਿਸ ਮਾਮਲੇ ਦੀ ਨਿਰਪੱਖ ਜਾਂਚ ਕਰੇ ਅਤੇ ਕਥਿਤ ਕੁੱਟਮਾਰ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰੇ।