ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗ੍ਰਿਫਤਾਰ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗ੍ਰਿਫਤਾਰ
Publish Date: Sat, 06 Dec 2025 04:18 PM (IST)
Updated Date: Sat, 06 Dec 2025 04:21 PM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 9 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 53.25 ਗ੍ਰਾਮ ਹੈਰੋਇਨ ਸਾਢੇ ਅੱਠ ਕਿਲੋ ਭੁੱਕੀ ,60 ਪਾਬੰਦੀਸ਼ੁਦਾ ਕੈਪਸੂਲ ਅਤੇ 80 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪ੍ਰਾਪਤੀ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੇ ਸੰਤਪੁਰਾ ਰੋਡ ’ਤੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 7 ਕਿਲੋ ਭੁੱਕੀ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਪਰਮਿੰਦਰ ਸਿੰਘ ਵਾਸੀ ਪਰਸਰਾਮ ਨਗਰ ਬਠਿੰਡਾ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਥਾਣਾ ਥਰਮਲ ਦੀ ਪੁਲਿਸ ਨੇ ਟਰਾਂਸਪੋਰਟ ਨਗਰ ਵਿਚ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 60 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਸੁਖਪਾਲ ਸਿੰਘ ਵਾਸੀ ਪਿੰਡ ਕੋਟਲੀ ਅਬਲੂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਬਹਿਮਣ ਦੀਵਾਨਾਂ ਦੇ ਅੱਡੇ ਤੋਂ ਸੁਖਮੰਦਰ ਸਿੰਘ ਵਾਸੀ ਪਿੰਡ ਤਿਓਣਾ ਨੂੰ ਦੋ ਗ੍ਰਾਮ ਹੈਰੋਇਨ ਸਮੇਤ ਫੜਿਆ ਹੈ। ਜਦੋਂ ਕਿ ਸੀਆਈਏ ਸਟਾਫ ਦੋ ਦੀ ਪੁਲਿਸ ਨੇ ਪਿੰਡ ਜੀਦਾ ਨੇੜੇ ਇਕ ਹੌਂਡਾ ਇਮੇਜ ਕਾਰ ਨੰਬਰ ਪੀਬੀ 03 ਬੀਪੀ 3598 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ 1 ਕਿਲੋ 500 ਗ੍ਰਾਮ ਭੁੱਕੀ ਬਰਾਮਦ ਹੋਈ। ਪੁਲਿਸ ਪਾਰਟੀ ਨੇ ਕਾਰ ਵਿਚ ਸਵਾਰ ਮੁਲਜ਼ਮਾਂ ਸੰਦੀਪ ਸਿੰਘ ਵਾਸੀ ਮੁਲਤਾਨੀਆ ਰੋਡ ਬਠਿੰਡਾ ਅਤੇ ਮਨਪ੍ਰੀਤ ਸਿੰਘ ਵਾਸੀ ਹਾਜੀ ਰਤਨ ਬਠਿੰਡਾ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਇਸ ਮਾਮਲੇ ਵਿਚ ਥਾਣਾ ਨਹੀਆਂ ਵਾਲਾ ਵਿਖੇ ਦੋਵਾਂ ਮੁਲਜ਼ਮਾਂ ਖਿਲਾਫ ਕੇਸ ਦਰਜ ਕੀਤਾ ਹੈ। ਥਾਣਾ ਭਗਤਾ ਭਾਈ ਕਾ ਦੀ ਪੁਲਿਸ ਨੇ ਵੀ ਪਿੰਡ ਸਰੀਏਵਾਲਾ ਤੋਂ ਲਵਜੋਤ ਸਿੰਘ ਵਾਸੀ ਪਿੰਡ ਸੈਦੋਕੇ ਜ਼ਿਲ੍ਹਾ ਮੋਗਾ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਦੋਂ ਕਿ ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਬੇਅੰਤ ਸਿੰਘ ਵਾਸੀ ਮੰਡੀ ਕਲਾਂ ਨੂੰ 50 ਗ੍ਰਾਮ ਹੈਰੋਇਨ ਸਮੇਤ ਰਾਮਪੁਰਾ ਮੰਡੀ ਵਿਖੇ ਗ੍ਰਿਫਤਾਰ ਕੀਤਾ ਹੈ। ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਪਿੰਡ ਬੰਗੀ ਦੀਪਾ ਵਿਚ ਛਾਪੇਮਾਰੀ ਕਰਦਿਆਂ ਸ਼ਮਿੰਦਰ ਸਿੰਘ ਨੂੰ 2.25 ਗ੍ਰਾਮ ਹੈਰੋਇਨ ਅਤੇ ਸੰਗਤ ਪੁਲਿਸ ਨੇ ਜਗਨੰਦਨ ਸਿੰਘ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਨਰਸਿੰਗ ਕਾਲੋਨੀ ਤੋਂ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਸਾਰੇ ਮੁਲਜ਼ਮਾਂ ਖਿਲਾਫ ਨਸ਼ਾ ਰੋਕੂ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।