ਆਜ਼ਾਦੀ ਦਿਵਸ ਸਮਾਗਮ ਸਬੰਧੀ ਕਰਵਾਈ ਫੁੱਲ ਡਰੈਸ ਰਿਹਰਸਲ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਆਜ਼ਾਦੀ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ
Publish Date: Thu, 13 Aug 2026 03:50 PM (IST)
Updated Date: Fri, 14 Aug 2026 04:02 AM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ : ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ 15 ਅਗਸਤ 2026 ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਕਰਵਾਇਆ ਜਾਵੇਗਾ। ਇਸ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਵੀਰਵਾਰ ਨੂੰ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ। ਫੁੱਲ ਡਰੈੱਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਸ਼ੌਕਤ ਰਾਜੇਸ਼ ਧੀਮਾਨ ਨੇ ਜਾਇਜ਼ਾ ਲਿਆ। ਇਸ ਮੌਕੇ ਐੱਸਐੱਸਪੀ ਡਾ. ਜਯੋਤੀ ਯਾਦਵ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਵੱਖ-ਵੱਖ ਟੁਕੜੀਆਂ ਵੱਲੋਂ ਕੀਤੇ ਗਏ ਮਾਰਚ ਪਾਸਟ ਦੀ ਸਲਾਮੀ ਲਈ। ਪਰੇਡ ਦਾ ਨਿਰੀਖਣ ਡੀਐੱਸਪੀ ਸਰਬਜੀਤ ਬਰਾੜ ਨੇ ਪਰੇਡ ਕਮਾਂਡਰ ਵਜੋਂ ਕੀਤਾ। ਫੁੱਲ ਡਰੈੱਸ ਰਿਹਰਸਲ ਵਿੱਚ ਪੰਜਾਬ ਪੁਲਿਸ, ਪੰਜਾਬ ਪੁਲਿਸ ਦੇ ਮਹਿਲਾ ਵਿੰਗ, ਪੰਜਾਬ ਹੋਮਗਾਰਡਜ਼, ਸਿਵਲ ਡਿਫੈਂਸ ਤੋਂ ਇਲਾਵਾ ਐੱਨਸੀਸੀ, ਸਕਾਊਟ ਐਂਡ ਗਾਈਡਜ਼ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਟੁਕੜੀਆਂ ਨੇ ਭਾਗ ਲਿਆ। ਸਾਰੇ ਜਵਾਨਾਂ ਅਤੇ ਵਿਦਿਆਰਥੀਆਂ ਨੇ ਪੂਰੇ ਅਨੁਸ਼ਾਸਨ ਨਾਲ ਪਰੇਡ ਵਿੱਚ ਹਿੱਸਾ ਲਿਆ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸ਼ਾਨਦਾਰ ਪੀਟੀ ਸ਼ੋਅ ਪੇਸ਼ ਕੀਤਾ ਗਿਆ। ਸਕੂਲੀ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਭਰਪੂਰ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ, ਜਿਨ੍ਹਾਂ ਨੇ ਮੌਜੂਦ ਅਧਿਕਾਰੀਆਂ ਅਤੇ ਦਰਸ਼ਕਾਂ ਦਾ ਧਿਆਨ ਖਿੱਚਿਆ। ਰਿਹਰਸਲ ਦੌਰਾਨ ਆਜ਼ਾਦੀ ਦਿਵਸ ਸਮਾਗਮ ਦੀਆਂ ਹੋਰ ਤਿਆਰੀਆਂ ਦਾ ਵੀ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ। ਫੁੱਲ ਡਰੈੱਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ 15 ਅਗਸਤ ਦੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਰਿਹਰਸਲ ਦੌਰਾਨ ਸਾਹਮਣੇ ਆਈਆਂ ਕਮੀਆਂ ਨੂੰ ਤੁਰੰਤ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਆਪਣੇ-ਆਪਣੇ ਫਰਜ਼ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਤਾਂ ਜੋ ਆਜ਼ਾਦੀ ਦਿਵਸ ਦਾ ਸਮਾਗਮ ਸ਼ਾਨਦਾਰ ਢੰਗ ਨਾਲ ਕਰਵਾਇਆ ਜਾ ਸਕੇ।