ਐਨਐਚਐਮ ਮੁਲਾਜ਼ਮਾਂ ਦਾ ਬਠਿੰਡਾ ’ਚ ਧਰਨਾ, ਮੰਗਾਂ ਨੂੰ ਲੈ ਕੇ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ ਐਨਐਚਐਮ ਮੁਲਾਜ਼ਮਾਂ ਦਾ ਬਠਿੰਡਾ ’ਚ ਧਰਨਾ, ਮੰਗਾਂ ਨੂੰ ਲੈ ਕੇ ਸਿਵਲ ਸਰਜਨ ਨੂੰ ਸੌਂਪਿਆ ਮੰਗ ਪੱਤਰ
Publish Date: Mon, 28 Sep 2026 04:49 PM (IST)
Updated Date: Mon, 28 Sep 2026 04:51 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਇਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਸੋਮਵਾਰ ਨੂੰ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਧਰਨਾ-ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸਿਵਲ ਸਰਜਨ ਬਠਿੰਡਾ ਨੂੰ ਸੌਂਪਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਇਹ ਮੰਗ ਪੱਤਰ ਉਚਿਤ ਮਾਧਿਅਮ ਰਾਹੀਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਤੱਕ ਭੇਜ ਕੇ ਮੰਗਾਂ ਦਾ ਜਲਦ ਨਿਪਟਾਰਾ ਕਰਵਾਇਆ ਜਾਵੇ। ਯੂਨੀਅਨ ਆਗੂਆਂ ਅਨੁਸਾਰ ਐਨਐਚਐਮ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। 28 ਸਤੰਬਰ ਦੇ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਤੋਂ ਬਾਅਦ 1 ਅਕਤੂਬਰ ਨੂੰ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਪ੍ਰਦਰਸ਼ਨ ਅਤੇ 9 ਅਕਤੂਬਰ ਨੂੰ ਧੂਰੀ ਵਿਖੇ ਸੂਬਾ ਪੱਧਰੀ ਮਹਾਰੈਲੀ ਦਾ ਪ੍ਰੋਗਰਾਮ ਐਲਾਨਿਆ ਗਿਆ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਸਬੰਧੀ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। 15 ਸਤੰਬਰ ਨੂੰ ਬਣੀ ਸੀ ਸਾਂਝੀ ਕਮੇਟੀ ਦੀ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ 15 ਸਤੰਬਰ ਨੂੰ ਐਨਐਚਐਮ ਮੁਲਾਜ਼ਮਾਂ ਦੇ ਮੁੱਦਿਆਂ ਸਬੰਧੀ ਸਿਹਤ, ਵਿੱਤ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਵਾਲੀ ਸਾਂਝੀ ਕਮੇਟੀ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਸਰਕਾਰ ਵੱਲੋਂ ਮੰਗਾਂ ਦੇ ਵਿੱਤੀ ਅਤੇ ਕਾਨੂੰਨੀ ਪੱਖਾਂ ਦੀ ਸਮੀਖਿਆ ਕਰਨ ਤੋਂ ਬਾਅਦ ਪ੍ਰਸਤਾਵ ਕੈਬਨਿਟ ਸਬ-ਕਮੇਟੀ ਅੱਗੇ ਰੱਖਣ ਦੀ ਗੱਲ ਕਹੀ ਗਈ ਸੀ। ਐਨਐਚਐਮ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਅਗਸਤ ਤੋਂ ਸੂਬੇ ਵਿੱਚ ਹੜਤਾਲ ਸ਼ੁਰੂ ਕੀਤੀ ਗਈ ਸੀ। 25 ਅਗਸਤ ਨੂੰ ਜਲੰਧਰ ਵਿਖੇ ਹੜਤਾਲ 12ਵੇਂ ਦਿਨ ਵਿੱਚ ਦਾਖ਼ਲ ਹੋ ਗਈ ਸੀ ਅਤੇ ਮੁਲਾਜ਼ਮਾਂ ਵੱਲੋਂ ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਸੀ। ਇਸ ਤੋਂ ਬਾਅਦ 27 ਅਗਸਤ ਨੂੰ ਵੀ ਜਲੰਧਰ ਵਿਖੇ ਮੁਲਾਜ਼ਮਾਂ ਨੇ ਪ੍ਰਦਰਸ਼ਨ ਅਤੇ ਮਾਰਚ ਕੀਤਾ ਸੀ। ਬਠਿੰਡਾ ਵਿੱਚ 28 ਸਤੰਬਰ ਨੂੰ ਕੀਤਾ ਗਿਆ ਪ੍ਰਦਰਸ਼ਨ ਵੀ ਇਸੇ ਸੰਘਰਸ਼ ਦੀ ਅਗਲੀ ਕੜੀ ਦੱਸਿਆ ਜਾ ਰਿਹਾ ਹੈ। ਬਾਕਸ ਹੜਤਾਲ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦਾ ਖਦਸ਼ਾ ਐਨਐਚਐਮ ਮੁਲਾਜ਼ਮ ਜ਼ਿਲ੍ਹਾ ਹਸਪਤਾਲਾਂ ਤੋਂ ਇਲਾਵਾ ਕਮਿਊਨਿਟੀ ਹੈਲਥ ਸੈਂਟਰਾਂ (ਸੀਐਚਸੀ), ਪ੍ਰਾਇਮਰੀ ਹੈਲਥ ਸੈਂਟਰਾਂ (ਪੀਐਚਸੀ), ਆਯੁਸ਼ਮਾਨ ਆਰੋਗਿਆ ਕੇਂਦਰਾਂ ਅਤੇ ਹੋਰ ਸਰਕਾਰੀ ਸਿਹਤ ਸੇਵਾਵਾਂ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਵਿੱਚ ਮੈਡੀਕਲ ਅਫ਼ਸਰ, ਕਮਿਊਨਿਟੀ ਹੈਲਥ ਅਫ਼ਸਰ, ਏਐਨਐਮ, ਸਟਾਫ਼ ਨਰਸ, ਲੈਬ ਟੈਕਨੀਸ਼ੀਅਨ, ਆਰਬੀਐਸਕੇ ਟੀਮ ਅਤੇ ਜ਼ਿਲ੍ਹਾ ਤੇ ਬਲਾਕ ਪੱਧਰ ’ਤੇ ਪ੍ਰੋਗਰਾਮ ਪ੍ਰਬੰਧਨ ਨਾਲ ਜੁੜੇ ਮੁਲਾਜ਼ਮ ਸ਼ਾਮਲ ਹਨ। ਮੁਲਾਜ਼ਮਾਂ ਦੇ ਕੰਮ ਤੋਂ ਦੂਰ ਰਹਿਣ ਦੀ ਸੂਰਤ ਵਿੱਚ ਨਿਯਮਤ ਓਪੀਡੀ, ਜਾਂਚ, ਮਾਤਾ-ਬੱਚਾ ਸਿਹਤ ਸੇਵਾਵਾਂ, ਟੀਕਾਕਰਨ ਅਤੇ ਹੋਰ ਸਰਕਾਰੀ ਸਿਹਤ ਪ੍ਰੋਗਰਾਮਾਂ ਦਾ ਕੰਮ ਪ੍ਰਭਾਵਿਤ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਕਾਰਨ ਮਰੀਜ਼ਾਂ ਨੂੰ ਉਡੀਕ ਦਾ ਸਮਾਂ ਵਧਣ ਅਤੇ ਵਿਕਲਪਿਕ ਸਿਹਤ ਕੇਂਦਰਾਂ ’ਤੇ ਜਾਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਧਰਨੇ ਦੌਰਾਨ ਰਣਜੀਤ ਕੌਰ, ਅਵਨੀਸ਼ ਕੁਮਾਰ, ਡਾ. ਬਰਜਿੰਦਰ ਸਿੰਘ, ਬਲਵਿੰਦਰ ਕੌਰ, ਹਰਦੀਪ ਚੰਦ, ਅਨੀਤਾ ਰਾਣੀ ਅਤੇ ਦੀਪ ਗਰਗ ਸਮੇਤ ਯੂਨੀਅਨ ਦੇ ਅਹੁਦੇਦਾਰ ਅਤੇ ਮੁਲਾਜ਼ਮ ਮੌਜੂਦ ਰਹੇ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ’ਤੇ ਜਲਦ ਸਕਾਰਾਤਮਕ ਕਾਰਵਾਈ ਨਾ ਕੀਤੀ ਤਾਂ 9 ਅਕਤੂਬਰ ਨੂੰ ਧੂਰੀ ਵਿਖੇ ਪ੍ਰਸਤਾਵਿਤ ਰੈਲੀ ਤੋਂ ਬਾਅਦ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਬਾਕਸ ਇਹ ਹਨ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਐਨਐਚਐਮ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਬਰਾਬਰ ਕੰਮ ਲਈ ਬਰਾਬਰ ਤਨਖਾਹ, ਤਨਖਾਹ ਵਿੱਚ ਢੁਕਵਾਂ ਵਾਧਾ, ਲੰਬੇ ਸਮੇਂ ਤੋਂ ਲੰਬਿਤ ਤਨਖਾਹ ਸਬੰਧੀ ਮਾਮਲਿਆਂ ਦਾ ਨਿਪਟਾਰਾ, ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ, ਗ੍ਰੈਚੁਇਟੀ ਦਾ ਲਾਭ ਅਤੇ ਸੇਵਾਮੁਕਤੀ ਦੀ ਉਮਰ ਨਾਲ ਸਬੰਧਤ ਮਾਮਲਿਆਂ ਦਾ ਹੱਲ ਸ਼ਾਮਲ ਹੈ। ਇਸ ਤੋਂ ਇਲਾਵਾ ਯੂਨੀਅਨ ਵੱਲੋਂ ਸਰਕਾਰ ਅਤੇ ਸਿਹਤ ਵਿਭਾਗ ਨਾਲ ਪਹਿਲਾਂ ਹੋਈਆਂ ਮੀਟਿੰਗਾਂ ਦੌਰਾਨ ਦਿੱਤੇ ਗਏ ਭਰੋਸਿਆਂ ਅਤੇ ਫ਼ੈਸਲਿਆਂ ਨੂੰ ਲਾਗੂ ਕਰਨ ਅਤੇ ਲੰਬਿਤ ਫਾਈਲਾਂ ਦਾ ਨਿਪਟਾਰਾ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ।