
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐਨਐਚਐਮ ਮੁਲਾਜ਼ਮ ਯੂਨੀਅਨ ਅਤੇ ਆਮ ਆਦਮੀ ਕਲੀਨਿਕ ਸਟਾਫ ਵੱਲੋਂ ਬੱਸ ਅੱਡੇ ਅੱਗੇ ਜਾਮ

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ
ਬਠਿੰਡਾ
ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਐਨਐਚਐਮ ਮੁਲਾਜ਼ਮ ਯੂਨੀਅਨ ਅਤੇ ਆਮ ਆਦਮੀ ਕਲੀਨਿਕਾਂ ਦੇ ਸਟਾਫ ਵੱਲੋਂ ਬੁੱਧਵਾਰ ਨੂੰ ਬਠਿੰਡਾ ਦੇ ਬੱਸ ਅੱਡੇ ਦੇ ਸਾਹਮਣੇ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਸਰਕਾਰ ਅਤੇ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ। ਮੁਲਾਜ਼ਮਾਂ ਵੱਲੋਂ ਬੱਸ ਅੱਡੇ ਦੇ ਸਾਹਮਣੇ ਧਰਨਾ ਲਗਾ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਗਈ। ਇਸ ਦੌਰਾਨ ਕੁਝ ਪ੍ਰਾਈਵੇਟ ਬੱਸ ਆਪਰੇਟਰਾਂ ਵੱਲੋਂ ਬੱਸਾਂ ਨੂੰ ਬੱਸ ਅੱਡੇ ਵਿੱਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਪਰ ਪ੍ਰਦਰਸ਼ਨਕਾਰੀ ਮੁਲਾਜ਼ਮ ਬੱਸਾਂ ਦੇ ਅੱਗੇ ਲੇਟ ਗਏ। ਇਸ ਕਾਰਨ ਬੱਸਾਂ ਨੂੰ ਅੱਗੇ ਲਿਜਾਣਾ ਸੰਭਵ ਨਹੀਂ ਹੋਇਆ ਅਤੇ ਬੱਸ ਅੱਡੇ ਦੇ ਆਲੇ-ਦੁਆਲੇ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ। ਪ੍ਰਦਰਸ਼ਨ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਵੱਡੀ ਗਿਣਤੀ ਵਿੱਚ ਫੋਰਸ ਮੌਕੇ ’ਤੇ ਤਾਇਨਾਤ ਕੀਤੀ ਗਈ। ਪੁਲਿਸ ਵੱਲੋਂ ਸਥਿਤੀ ਨੂੰ ਕਾਬੂ ਵਿੱਚ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੁਰੱਖਿਆ ਪ੍ਰਬੰਧ ਕੀਤੇ ਗਏ। ਮੁਲਾਜ਼ਮਾਂ ਵੱਲੋਂ ਬੱਸ ਅੱਡੇ ਦੇ ਦੋਵੇਂ ਪਾਸਿਆਂ ਨੂੰ ਜਾਮ ਕਰਨ ਕਾਰਨ ਸੜਕ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।
ਬੱਸਾਂ ਨੂੰ ਬਾਹਰੋਂ ਹੀ ਮੋੜਨਾ ਪਿਆ
ਚੱਕਾ ਜਾਮ ਕਾਰਨ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਨੂੰ ਬੱਸ ਅੱਡੇ ਵਿੱਚ ਦਾਖਲ ਹੋਣ ਦੀ ਬਜਾਏ ਬਾਹਰੋਂ ਹੀ ਮੋੜ ਕੇ ਹੋਰ ਰਸਤਿਆਂ ਵੱਲ ਭੇਜਣਾ ਪਿਆ। ਇਸ ਕਾਰਨ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਸਮੇਤ ਆਮ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਈ ਵਾਹਨ ਚਾਲਕ ਟਰੈਫਿਕ ਜਾਮ ਵਿੱਚ ਫਸੇ ਰਹੇ ਅਤੇ ਉਨ੍ਹਾਂ ਨੂੰ ਆਪਣੀ ਮੰਜ਼ਿਲ ਤਕ ਪਹੁੰਚਣ ਲਈ ਲੰਮਾ ਸਮਾਂ ਉਡੀਕ ਕਰਨੀ ਪਈ। ਕਰੀਬ ਪੌਣੇ ਘੰਟੇ ਤਕ ਮੁਲਾਜ਼ਮਾਂ ਵੱਲੋਂ ਬੱਸ ਅੱਡੇ ਅਤੇ ਦੋਵੇਂ ਪਾਸਿਆਂ ਦੀਆਂ ਸੜਕਾਂ ’ਤੇ ਆਵਾਜਾਈ ਰੋਕੀ ਰੱਖੀ ਗਈ। ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਤੋਂ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ।
‘ਬਰਾਬਰ ਕੰਮ ਬਰਾਬਰ ਤਨਖਾਹ’ ਦੀ ਮੰਗ
ਪ੍ਰਦਰਸ਼ਨਕਾਰੀ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਗ ‘ਬਰਾਬਰ ਕੰਮ, ਬਰਾਬਰ ਤਨਖਾਹ’ ਲਾਗੂ ਕਰਨਾ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਵੀ ਇਸ ਸਬੰਧੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ, ਪਰ ਇਸ ਦੇ ਬਾਵਜੂਦ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਯੂਨੀਅਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਸਰਕਾਰ ਕੋਲ ਲਟਕ ਰਹੀਆਂ ਹਨ। ਵਾਰ-ਵਾਰ ਮੰਗ ਪੱਤਰ ਦੇਣ ਅਤੇ ਸਰਕਾਰ ਦੇ ਧਿਆਨ ਵਿੱਚ ਮਾਮਲਾ ਲਿਆਉਣ ਦੇ ਬਾਵਜੂਦ ਕੋਈ ਠੋਸ ਹੱਲ ਨਾ ਨਿਕਲਣ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਯੂਨੀਅਨ ਆਗੂਆਂ ਮੁਤਾਬਕ ਉਨ੍ਹਾਂ ਦੀਆਂ ਪ੍ਰਮੁੱਖ ਮੰਗਾਂ ਵਿੱਚ ਤਨਖਾਹ ਵਿੱਚ ਇਨਸੈਂਟਿਵ, ਸਾਲਾਨਾ ਵਾਧਾ, ਕੈਜ਼ੂਅਲ ਅਤੇ ਮੈਡੀਕਲ ਛੁੱਟੀ ਦੀ ਸਹੂਲਤ, ਨੌਕਰੀ ਦੀ ਸੁਰੱਖਿਆ, ਸੇਵਾ ਸ਼ਰਤਾਂ ਵਿੱਚ ਸੁਧਾਰ ਅਤੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨਾ ਸ਼ਾਮਲ ਹੈ।
53 ਆਮ ਆਦਮੀ ਕਲੀਨਿਕਾਂ ਰਹੀਆਂ ਬੰਦ
ਮੁਲਾਜ਼ਮਾਂ ਦੀ ਹੜਤਾਲ ਦਾ ਸਿੱਧਾ ਅਸਰ ਜ਼ਿਲ੍ਹੇ ਦੀਆਂ ਸਿਹਤ ਸੇਵਾਵਾਂ ’ਤੇ ਵੀ ਪਿਆ। ਹੜਤਾਲ ਕਾਰਨ ਬਠਿੰਡਾ ਜ਼ਿਲ੍ਹੇ ਦੀਆਂ 53 ਆਮ ਆਦਮੀ ਕਲੀਨਿਕਾਂ ਬੰਦ ਰਹੀਆਂ। ਇਸ ਕਾਰਨ ਇਨ੍ਹਾਂ ਕਲੀਨਿਕਾਂ ਤੋਂ ਸਿਹਤ ਸਹੂਲਤਾਂ ਲੈਣ ਲਈ ਆਉਣ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮਰੀਜ਼ਾਂ ਨੂੰ ਇਲਾਜ ਅਤੇ ਹੋਰ ਸਿਹਤ ਸੇਵਾਵਾਂ ਲਈ ਵਿਕਲਪਿਕ ਪ੍ਰਬੰਧਾਂ ’ਤੇ ਨਿਰਭਰ ਕਰਨਾ ਪਿਆ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ ਅਤੇ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਐਲਾਨ ਕੀਤਾ ਕਿ ਉਹ ਵੀਰਵਾਰ ਨੂੰ ਹੋਣ ਵਾਲੇ ਮਹਾਂਬੰਦ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਗੇ।