ਨਸ਼ਾ ਤਸਕਰਾਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਵਜਾਇਆ ਬਿਗਲ ਨਸ਼ਾ ਤਸਕਰਾਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਵਜਾਇਆ ਬਿਗੁਲ
Publish Date: Sat, 26 Sep 2026 05:34 PM (IST)
Updated Date: Sat, 26 Sep 2026 05:36 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਸਰਕਾਰ ਵੱਲੋਂ ਪਵਿੱਤਰ ਸ਼ਹਿਰ ਐਲਾਨੇ ਗਏ ਤਲਵੰਡੀ ਸਾਬੋ ਵਿਚ ਨਸ਼ਿਆਂ ਦੇ ਕਾਰੋਬਾਰ ਖ਼ਿਲਾਫ਼ ਹੁਣ ਤਰਨਾ ਦਲ ਦੇ ਨਿਹੰਗ ਸਿੰਘ ਵੀ ਮੈਦਾਨ ਵਿਚ ਉਤਰ ਆਏ ਹਨ। ਤਰਨਾ ਦਲ ਦੇ ਜਥੇਦਾਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਵੱਲੋਂ ਸ਼ਹਿਰ ਵਿਚ ਮਾਰਚ ਕੱਢ ਕੇ ਨਸ਼ਾ ਵੇਚਣ ਵਾਲਿਆਂ ਨੂੰ ਆਪਣਾ ਕਾਰੋਬਾਰ ਬੰਦ ਕਰਨ ਦਾ ਸੁਨੇਹਾ ਦਿੱਤਾ ਗਿਆ। ਮਾਰਚ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਨਿਹੰਗ ਸਿੰਘਾਂ ਨੇ ਕਿਹਾ ਕਿ ਪਵਿੱਤਰ ਸ਼ਹਿਰ ਤਲਵੰਡੀ ਸਾਬੋ ਵਿਚ ਨਸ਼ਿਆਂ ਦਾ ਕਾਰੋਬਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ਾ ਵੇਚਣਾ ਬੰਦ ਕਰ ਦੇਣ, ਨਹੀਂ ਤਾਂ ਤਰਨਾ ਦਲ ਦੇ ਨਿਹੰਗ ਸਿੰਘ ਆਪਣੇ ਪੱਧਰ ’ਤੇ ਇਸ ਨੂੰ ਰੋਕਣ ਲਈ ਕਦਮ ਚੁੱਕਣਗੇ। ਹੋਟਲਾਂ ਤੇ ਘਰਾਂ ’ਚ ਚੱਲ ਰਹੇ ਦੇਹ ਵਪਾਰ ’ਤੇ ਵੀ ਨਾਰਾਜ਼ਗੀ ਮਾਰਚ ਦੌਰਾਨ ਨਿਹੰਗ ਸਿੰਘਾਂ ਨੇ ਪਵਿੱਤਰ ਸ਼ਹਿਰ ਵਿਚ ਨਸ਼ਿਆਂ ਦੇ ਨਾਲ-ਨਾਲ ਕੁਝ ਹੋਟਲਾਂ ਅਤੇ ਕਥਿਤ ਤੌਰ ’ਤੇ ਕੁਝ ਘਰਾਂ ਵਿਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਨੂੰ ਲੈ ਕੇ ਵੀ ਸਖ਼ਤ ਰੁਖ ਅਪਣਾਇਆ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਇਤਿਹਾਸਕ ਮਹੱਤਵ ਵਾਲੇ ਤਲਵੰਡੀ ਸਾਬੋ ਦੀ ਪਛਾਣ ਨੂੰ ਖ਼ਰਾਬ ਕਰਨ ਵਾਲੀ ਕਿਸੇ ਵੀ ਗਤੀਵਿਧੀ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਤੋਂ ਵੀ ਅਜਿਹੇ ਮਾਮਲਿਆਂ ’ਤੇ ਗੰਭੀਰਤਾ ਨਾਲ ਕਾਰਵਾਈ ਕਰਨ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਪਵਿੱਤਰ ਕਰਾਰ ਦਿੱਤੇ ਗਏ ਤਲਵੰਡੀ ਸਾਬੋ ਸ਼ਹਿਰ ਵਿਚ ਕੋਈ ਵੀ ਗੈਰਕਾਨੂੰਨੀ ਗਤੀਵਿਧੀ ਨਹੀਂ ਚੱਲਣ ਦਿੱਤੀ ਜਾਵੇਗੀ। ਨਸ਼ਿਆਂ ਖ਼ਿਲਾਫ਼ ਮੁਹਿੰਮ ’ਚ ਲੋਕਾਂ ਤੋਂ ਸਹਿਯੋਗ ਦੀ ਅਪੀਲ ਤਰਨਾ ਦਲ ਦੇ ਜਥੇਦਾਰ ਸਰਬਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦਾ ਭਵਿੱਖ ਬਰਬਾਦ ਹੋ ਰਿਹਾ ਹੈ। ਇਸ ਨੂੰ ਰੋਕਣ ਲਈ ਪ੍ਰਸ਼ਾਸਨ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿਚ ਸਹਿਯੋਗ ਦੇਣ ਅਤੇ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਸਬੰਧਤ ਵਿਭਾਗਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਤਲਵੰਡੀ ਸਾਬੋ ਵਿਚ ਨਸ਼ਿਆਂ ਖ਼ਿਲਾਫ਼ ਨਿਹੰਗ ਸਿੰਘਾਂ ਦੇ ਇਸ ਮਾਰਚ ਤੋਂ ਬਾਅਦ ਹੁਣ ਪ੍ਰਸ਼ਾਸਨ ਦੀ ਕਾਰਵਾਈ ’ਤੇ ਵੀ ਨਜ਼ਰਾਂ ਟਿਕ ਗਈਆਂ ਹਨ। ਨਿਹੰਗ ਸਿੰਘਾਂ ਨੇ ਜਿੱਥੇ ਨਸ਼ਾ ਤਸਕਰਾਂ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ, ਉੱਥੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਵੀ ਸ਼ਹਿਰ ਵਿਚ ਨਸ਼ਿਆਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਦੀ ਉਮੀਦ ਜਤਾਈ ਹੈ।