ਕੰਪਨੀਆਂ ਦੇ ਚੁੰਗਲ ’ਚੋਂ ਆਜ਼ਾਦ ਨਾ ਕੀਤਾ ਤਾਂ ਐਨਐਸਕਿਊਐਫ ਅਧਿਆਪਕ ਕਰਨਗੇ ਆਰ-ਪਾਰ ਦਾ ਸੰਘਰਸ਼
ਕੰਪਨੀਆਂ ਦੇ ਚੁੰਗਲ ’ਚੋਂ ਆਜ਼ਾਦ ਨਾ ਕੀਤਾ ਤਾਂ ਐਨਐਸਕਿਊਐਫ ਅਧਿਆਪਕ ਕਰਨਗੇ ਆਰ-ਪਾਰ ਦਾ ਸੰਘਰਸ਼
Publish Date: Sat, 26 Sep 2026 04:37 PM (IST)
Updated Date: Sat, 26 Sep 2026 04:39 PM (IST)
ਸੀਨੀਅਰ ਸਟਾਫ਼ ਰਿਪੋਰਟਰ ਬਠਿੰਡਾ ਐਨਐਸਕਿਊਐਫ ਵੋਕੇਸ਼ਨਲ ਟੀਚਰ ਫਰੰਟ ਬਠਿੰਡਾ ਦੇ ਮੁੱਖ ਆਗੂਆਂ ਦੀ ਹੰਗਾਮੀ ਮੀਟਿੰਗ ਅੱਜ ਟੀਚਰ ਹੋਮ ਬਠਿੰਡਾ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵੱਲੋਂ ਵੋਕੇਸ਼ਨਲ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਕੀਤੀ ਜਾ ਰਹੀ ਟਾਲਮਟੋਲ ਨੂੰ ਲੈ ਕੇ ਤਿੱਖਾ ਰੋਸ ਪ੍ਰਗਟ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਨੇ ਕਿਹਾ ਕਿ ਵੋਕੇਸ਼ਨਲ ਅਧਿਆਪਕਾਂ ਨੂੰ ਕੰਪਨੀਆਂ ਦੇ ਚੁੰਗਲ ’ਚੋਂ ਕੱਢ ਕੇ ਸਿੱਧੇ ਸਿੱਖਿਆ ਵਿਭਾਗ ਵਿਚ ਮਰਜ ਕਰਨ, ਤਨਖਾਹਾਂ ਵਿੱਚ ਵਾਧਾ, ਬਦਲੀਆਂ ਦੀ ਨੀਤੀ ਲਾਗੂ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ। ਇਸ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਰਵੱਈਏ ਕਾਰਨ ਵੋਕੇਸ਼ਨਲ ਅਧਿਆਪਕਾਂ ਦੇ ਪੂਰੇ ਕਾਡਰ ਵਿੱਚ ਭਾਰੀ ਰੋਸ ਹੈ। ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ ਅਧਿਆਪਕ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ। ਮੀਟਿੰਗ ਵਿੱਚ ਕਾਡਰ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸੰਘਰਸ਼ਾਂ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਯਾਦਵਿੰਦਰ ਸਿੰਘ, ਪਿੰਦਰਪਾਲ ਕੌਰ, ਜਸਪ੍ਰੀਤ ਸਿੰਘ, ਮਨਦੀਪ ਸਿੰਘ, ਗੁਰਵਿੰਦਰ ਸਿੰਘ, ਸੋਮਾ ਸਿੰਘ, ਸਰਬਜੀਤ ਕੌਰ ਅਤੇ ਸੰਦੀਪ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।