4 ਕੁਇੰਟਲ ਭੁੱਕੀ ਚੂਰਾ-ਪੋਸਤ ਸਮੇਤ ਇਕ ਵਿਅਕਤੀ ਕਾਬੂ 4 ਕੁਇੰਟਲ ਭੁੱਕੀ ਚੂਰਾ-ਪੋਸਤ ਸਮੇਤ ਇਕ ਵਿਅਕਤੀ ਕਾਬੂ
Publish Date: Fri, 21 Aug 2026 04:50 PM (IST)
Updated Date: Fri, 21 Aug 2026 04:51 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 4 ਕੁਇੰਟਲ ਭੁੱਕੀ ਚੂਰਾ-ਪੋਸਤ ਸਮੇਤ ਕਾਬੂ ਕੀਤਾ ਗਿਆ ਹੈ, ਜਦੋਂ ਕਿ ਉਸਦੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਭਗਤਾ ਭਾਈਕਾ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਐਸਪੀ ਇਨਵੈਸਟੀਗੇਸ਼ਨ ਮਨੋਜ ਗੋਰਸੀ ਨੇ ਦੱਸਿਆ ਕਿ ਪੁਲਿਸ ਟੀਮ ਨੇ ਮੁਖ਼ਬਰੀ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 4 ਕੁਇੰਟਲ ਭੁੱਕੀ ਚੂਰਾ-ਪੋਸਤ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਜਗਸੀਰ ਸਿੰਘ ਚੂਰਾ ਪੋਸਤ ਵੇਚਣ ਦਾ ਆਦੀ ਹੈ ਅਤੇ ਜੇਕਰ ਉਨ੍ਹਾਂ ਖਿਲਾਫ਼ ਕੇਸ ਦਰਜ ਕਰਕੇ ਪੁਛਗਿੱਛ ਕੀਤੀ ਜਾਵੇ ਤਾਂ ਵੱਡਾ ਖੁਲਾਸਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਉਕਤ ਭੁੱਕੀ ਆਪਣੇ ਖੇਤਾਂ ਵਿਚ ਮੋਟਰ ਵਾਲੇ ਕਮਰੇ ਵਿਚ ਲੁਕਾ ਕੇ ਰੱਖੀ ਹੋਈ ਸੀ। ਪੁਲਿਸ ਵੱਲੋਂ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਜਗਸੀਰ ਸਿੰਘ ਪੁੱਤਰ ਰੂਪ ਸਿੰਘ ਵਾਸੀ ਅਕਲੀਆ ਜਲਾਲ, ਜ਼ਿਲ੍ਹਾ ਬਠਿੰਡਾ, ਉਮਰ ਕਰੀਬ 48 ਸਾਲ ਵਜੋਂ ਹੋਈ ਹੈ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਸਦੇ ਫਰਾਰ ਚੱਲ ਰਹੇ ਸਾਥੀ ਦੀ ਪਛਾਣ ਗੁਰਚਰਨ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਪਿੰਡ ਪੱਖਰਵੱਡ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੂਜੇ ਮੁਲਜ਼ਮ ਗੁਰਚਰਨ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।