ਵੱਡਾ ਹੰਗਾਮਾ : ਜ਼ਮੀਨੀ ਵਿਵਾਦ ਕਾਰਨ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਇੱਕ ਦਰਜਨ ਤੋਂ ਵੱਧ ਲੋਕ; ਮਰਦਾਂ, ਔਰਤਾਂ ਤੇ ਬੱਚਿਆਂ ਵੱਲੋਂ ਖ਼ੁਦਕੁਸ਼ੀ ਦੀ ਚਿਤਾਵਨੀ ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਉਸ ਸਮੇਂ ਤਣਾਅਪੂਰਨ ਸਥਿਤੀ ਪੈਦਾ ਹੋ ਗਈ, ਜਦੋਂ ਇੱਕ ਦਰਜਨ ਤੋਂ ਵੱਧ ਮਰਦ, ਔਰਤਾਂ ਅਤੇ ਬੱਚੇ ਪਿੰਡ ਦੇ ਵਾਟਰ ਵਰਕਸ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ। ਟੈਂਕੀ ’ਤੇ ਚੜ੍ਹੇ ਪਿੰਡ ਵਾਸੀਆਂ ਨੇ ਕੁਝ ਵਿਅਕਤੀਆਂ ’ਤੇ ਉਨ੍ਹਾਂ ਦੀ ਜ਼ਮੀਨ ਉੱਪਰ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਜ਼ਮੀਨ ਸੁਰੱਖਿਅਤ ਨਾ ਕੀਤੀ ਗਈ ਤਾਂ ਉਹ ਟੈਂਕੀ ਤੋਂ ਛਾਲ ਮਾਰ ਕੇ ਆਪਣੀ ਜਾਨ ਦੇ ਦੇਣਗੇ।
Publish Date: Sun, 15 Nov 2026 11:24 AM (IST)
Updated Date: Sun, 15 Nov 2026 11:25 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ - ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਉਸ ਸਮੇਂ ਤਣਾਅਪੂਰਨ ਸਥਿਤੀ ਪੈਦਾ ਹੋ ਗਈ, ਜਦੋਂ ਇੱਕ ਦਰਜਨ ਤੋਂ ਵੱਧ ਮਰਦ, ਔਰਤਾਂ ਅਤੇ ਬੱਚੇ ਪਿੰਡ ਦੇ ਵਾਟਰ ਵਰਕਸ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ। ਟੈਂਕੀ ’ਤੇ ਚੜ੍ਹੇ ਪਿੰਡ ਵਾਸੀਆਂ ਨੇ ਕੁਝ ਵਿਅਕਤੀਆਂ ’ਤੇ ਉਨ੍ਹਾਂ ਦੀ ਜ਼ਮੀਨ ਉੱਪਰ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਜ਼ਮੀਨ ਸੁਰੱਖਿਅਤ ਨਾ ਕੀਤੀ ਗਈ ਤਾਂ ਉਹ ਟੈਂਕੀ ਤੋਂ ਛਾਲ ਮਾਰ ਕੇ ਆਪਣੀ ਜਾਨ ਦੇ ਦੇਣਗੇ।
ਟੈਂਕੀ ’ਤੇ ਚੜ੍ਹੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੇ ਸਰਦਾਰਾਂ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਇਹ ਜ਼ਮੀਨ ਦਾਨ ਵਜੋਂ ਦਿੱਤੀ ਗਈ ਸੀ। ਉਨ੍ਹਾਂ ਦੇ ਪਰਿਵਾਰ ਪੀੜ੍ਹੀ-ਦਰ-ਪੀੜ੍ਹੀ ਇਸ ਜ਼ਮੀਨ ’ਤੇ ਖੇਤੀਬਾੜੀ ਕਰਦੇ ਆ ਰਹੇ ਹਨ ਅਤੇ ਇਸੇ ਜ਼ਮੀਨ ਤੋਂ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਚੱਲਦਾ ਹੈ। ਪਰ ਹੁਣ ਕੁਝ ਵਿਅਕਤੀਆਂ ਵੱਲੋਂ ਸਰਕਾਰੀ ਸ਼ਹਿ ਅਤੇ ਅਧਿਕਾਰੀਆਂ ਨਾਲ ਕਥਿਤ ਮਿਲੀਭੁਗਤ ਕਰਕੇ ਇਸ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਆਪਣੀ ਜ਼ਮੀਨ ਬਚਾਉਣ ਲਈ ਉਹ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇਸੇ ਰੋਸ ਵਜੋਂ ਉਨ੍ਹਾਂ ਨੂੰ ਮਜਬੂਰਨ ਪਾਣੀ ਵਾਲੀ ਟੈਂਕੀ ’ਤੇ ਚੜ੍ਹਨਾ ਪਿਆ ਹੈ। ਟੈਂਕੀ ’ਤੇ ਚੜ੍ਹੇ ਲੋਕਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਨੂੰ ਜ਼ਮੀਨ ਦੀ ਸੁਰੱਖਿਆ ਸਬੰਧੀ ਭਰੋਸਾ ਨਹੀਂ ਮਿਲਦਾ, ਉਦੋਂ ਤੱਕ ਉਹ ਹੇਠਾਂ ਨਹੀਂ ਉਤਰਨਗੇ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਰਕਤ ਵਿੱਚ ਆ ਗਏ। ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਹੇਠ ਰੱਖਣ ਅਤੇ ਟੈਂਕੀ ’ਤੇ ਚੜ੍ਹੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਹੇਠਾਂ ਉਤਾਰਨ ਦੇ ਯਤਨ ਕੀਤੇ ਜਾ ਰਹੇ ਹਨ।