ਫੂਸ ਮੰਡੀ ਦਾ ਕਿਸਾਨ ਪਰਮਜੀਤ ਸਿੰਘ ਹੋਰਨਾਂ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ ਫੂਸ ਮੰਡੀ ਦਾ ਕਿਸਾਨ ਪਰਮਜੀਤ ਸਿੰਘ ਹੋਰਨਾਂ ਕਿਸਾਨਾਂ ਲਈ ਬਣਿਆ ਪ੍ਰੇਰਨਾ ਸਰੋਤ
Publish Date: Sat, 24 Oct 2026 04:34 PM (IST)
Updated Date: Sat, 24 Oct 2026 04:37 PM (IST)
ਕਿਸਾਨ ਨੇ ਸੁਪਰ ਸੀਡਰ ਨਾਲ ਪਰਾਲੀ ਖੇਤ ’ਚ ਮਿਲਾ ਕੇ ਕੀਤੀ ਕਣਕ ਦੀ ਬਿਜਾਈ 12 ਏਕੜ ਵਿੱਚੋਂ ਤਿੰਨ ਏਕੜ ਰਕਬੇ ਵਿੱਚ ਮਸ਼ੀਨਾਂ ਨਾਲ ਬਿਜਾਈ, ਬਾਕੀ ਰਕਬੇ ਵਿਚ ਵੀ ਇਸੇ ਤਕਨੀਕ ਦੀ ਵਰਤੋਂ ਕਰਨਗੇ ਪਰਮਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਖੇਤੀ ਮਸ਼ੀਨਾਂ ਦੀ ਵਰਤੋਂ ਕਰਨ ਦੀ ਅਪੀਲ ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਹੀ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਵਾਲੇ ਅਗਾਂਹਵਧੂ ਕਿਸਾਨ ਦੂਜੇ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣ ਰਹੇ ਹਨ। ਇਸੇ ਲੜੀ ਤਹਿਤ ਪਿੰਡ ਫੂਸ ਮੰਡੀ ਦੇ ਕਿਸਾਨ ਪਰਮਜੀਤ ਸਿੰਘ ਪੁੱਤਰ ਮਹਿਮਾ ਸਿੰਘ ਨੇ ਸੁਪਰ ਸੀਡਰ ਮਸ਼ੀਨ ਦੀ ਵਰਤੋਂ ਕਰਦਿਆਂ ਤਿੰਨ ਏਕੜ ਰਕਬੇ ਵਿੱਚ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਹੀ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਹੈ। ਕਿਸਾਨ ਦੇ ਇਸ ਉਪਰਾਲੇ ਦੀ ਖੇਤੀਬਾੜੀ ਵਿਭਾਗ ਵੱਲੋਂ ਸ਼ਲਾਘਾ ਕੀਤੀ ਗਈ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਤਕਨੀਕ ਨੂੰ ਅਪਣਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਡਾ. ਹਰਪ੍ਰੀਤ ਪਾਲ ਕੌਰ, ਮੁੱਖ ਖੇਤੀਬਾੜੀ ਅਫ਼ਸਰ, ਬਠਿੰਡਾ ਨੇ ਕਿਸਾਨ ਪਰਮਜੀਤ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨਾ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਖੇਤੀਬਾੜੀ ਲਈ ਵੀ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਰਵਾਇਤ ਛੱਡ ਕੇ ਆਧੁਨਿਕ ਖੇਤੀ ਮਸ਼ੀਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਤਾਂ ਜੋ ਹਵਾ ਪ੍ਰਦੂਸ਼ਣ ਨੂੰ ਘਟਾਇਆ ਜਾ ਸਕੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕੇ। 12 ਏਕੜ ’ਚ ਖੇਤੀ ਕਰਦੇ ਹਨ ਪਰਮਜੀਤ ਸਿੰਘ ਕਿਸਾਨ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਕੁੱਲ 12 ਏਕੜ ਖੇਤੀਬਾੜੀ ਵਾਲੀ ਜ਼ਮੀਨ ਹੈ। ਇਸ ਸੀਜ਼ਨ ਦੌਰਾਨ ਉਹ ਹੁਣ ਤੱਕ ਤਿੰਨ ਏਕੜ ਰਕਬੇ ਵਿੱਚ ਹੈਪੀ ਸੀਡਰ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰ ਚੁੱਕੇ ਹਨ। ਇਸ ਤੋਂ ਇਲਾਵਾ, ਸੁਪਰ ਸੀਡਰ ਦੀ ਵਰਤੋਂ ਕਰਕੇ ਵੀ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਦਿਆਂ ਕਣਕ ਬੀਜੀ ਗਈ ਹੈ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਨੌਂ ਏਕੜ ਰਕਬੇ ਵਿੱਚ ਵੀ ਉਹ ਮਸ਼ੀਨਾਂ ਦੀ ਮਦਦ ਨਾਲ ਕਣਕ ਦੀ ਬਿਜਾਈ ਕਰਨਗੇ। ਉਨ੍ਹਾਂ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਸੁਪਰ ਸੀਡਰ ਨਾਲ ਬਿਜਾਈ ਕਰਨ ਤੋਂ ਬਾਅਦ ਕਣਕ ਦਾ ਝਾੜ ਪਹਿਲਾਂ ਵਾਂਗ ਹੀ ਬਰਕਰਾਰ ਰਿਹਾ ਹੈ। ਇਸ ਤਕਨੀਕ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਲੋੜ ਨਹੀਂ ਪੈਂਦੀ ਅਤੇ ਖੇਤ ਵਿੱਚ ਮੌਜੂਦ ਫ਼ਸਲੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਵੀ ਹੋ ਜਾਂਦਾ ਹੈ। ਪਰਾਲੀ ਸਾੜਨ ਨਾਲ ਜ਼ਮੀਨ ਦੇ ਮਿੱਤਰ ਕੀੜੇ ਹੁੰਦੇ ਹਨ ਨਸ਼ਟ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪਰਾਲੀ ਨੂੰ ਖੇਤ ਵਿਚ ਮਿਲਾਉਣ ਨਾਲ ਮਿੱਟੀ ਵਿਚ ਜੈਵਿਕ ਪਦਾਰਥਾਂ ਦੇ ਵਾਧੇ ਤੇ ਪੋਸ਼ਕ ਤੱਤਾਂ ਦੀ ਸੰਭਾਲ ਵਿਚ ਮਦਦ ਮਿਲਦੀ ਹੈ। ਇਸ ਦੇ ਉਲਟ, ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵਾਂ, ਮਿੱਤਰ ਕੀੜਿਆਂ ਅਤੇ ਪੋਸ਼ਕ ਤੱਤਾਂ ਨੂੰ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਜਿਨ੍ਹਾਂ ਕੋਲ ਪਰਾਲੀ ਪ੍ਰਬੰਧਨ ਲਈ ਆਪਣੀਆਂ ਮਸ਼ੀਨਾਂ ਨਹੀਂ ਹਨ, ਉਹ ਸਬੰਧਤ ਸਹਿਕਾਰੀ ਸਭਾਵਾਂ ਤੋਂ ਉਪਲਬਧ ਮਸ਼ੀਨਾਂ ਮੁਫ਼ਤ ਪ੍ਰਾਪਤ ਕਰਕੇ ਇਸ ਦੀ ਵਰਤੋਂ ਕਰਨ। ਉਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਵੀ ਸੱਦਾ ਦਿੱਤਾ ਕਿ ਉਹ ਆਪਣੇ ਤਜਰਬੇ ਦੂਜੇ ਕਿਸਾਨਾਂ ਨਾਲ ਸਾਂਝੇ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ। ਇਸ ਮੌਕੇ ਇੰਜੀਨੀਅਰ ਗੁਰਜੀਤ ਵਿਰਕ, ਡਾ. ਅਸਮਾਨਪ੍ਰੀਤ ਸਿੰਘ, ਡਾ. ਦਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਸੁਖਦੀਪ ਸਿੰਘ ਜੂਨੀਅਰ ਟੈਕਨੀਸ਼ੀਅਨ, ਅਮਨਵੀਰ ਕੌਰ ਏਐੱਸਆਈ, ਗੁਰਮਿਲਾਪ ਬੀਟੀਏ ਅਤੇ ਜਗਪ੍ਰੀਤ ਸਿੰਘ ਏਟੀਐੱਮ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।