ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
Publish Date: Tue, 27 Oct 2026 05:14 PM (IST)
Updated Date: Tue, 27 Oct 2026 05:16 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਗੁਰੂ ਕੀ ਕਾਂਸ਼ੀ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਅਸਥਾਨ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸਜਾਏ ਗਏ ਕੀਰਤਨ ਦਰਬਾਰ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਸਰਬੱਤ ਦੇ ਭਲੇ ਅਤੇ ਪੰਥ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸੰਕਟਮਈ ਅਤੇ ਗੁੰਝਲਦਾਰ ਹਾਲਾਤ ਵਿਚ ਸਮੁੱਚੀ ਕੌਮ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਫਲਸਫ਼ੇ ਤੋਂ ਸੇਧ ਲੈਣ ਦੀ ਲੋੜ ਹੈ। ਗੁਰੂ ਸਾਹਿਬ ਨੇ ਆਪਣੇ ਜੀਵਨ ਰਾਹੀਂ ਨਿਮਰਤਾ, ਸੇਵਾ, ਸਬਰ ਅਤੇ ਸਿਦਕ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੇ ਫਲਸਫ਼ੇ ਤੋਂ ਪ੍ਰੇਰਨਾ ਲੈ ਕੇ ਮਨੁੱਖਤਾ ਨੂੰ ਆਪਸੀ ਵਖਰੇਵਿਆਂ ਤੋਂ ਉੱਪਰ ਉੱਠਦਿਆਂ ਏਕਤਾ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸਬੰਧੀ ਸੰਦੇਸ਼ ਦਿੰਦਿਆਂ ਜਥੇਦਾਰ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਸਮਾਜ ਵਿਚ ਨਸ਼ਿਆਂ ਅਤੇ ਹੋਰ ਬੁਰਾਈਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਦੇ ਮਾਮਲਿਆਂ ਵਿਚ ਨਿਆਂ ਅਤੇ ਚੜ੍ਹਦੀਕਲਾ ਲਈ ਅਰਦਾਸ ਕਰਨੀ ਚਾਹੀਦੀ ਹੈ। ਉਨ੍ਹਾਂ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ 28 ਅਕਤੂਬਰ ਨੂੰ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਚੜ੍ਹਦੀਕਲਾ ਅਤੇ ਨਿਆਂ ਲਈ ਗੁਰੂ ਚਰਨਾਂ ਵਿਚ ਵਿਸ਼ੇਸ਼ ਅਰਦਾਸ ਕੀਤੀ ਜਾਵੇ। ਸਮਾਗਮ ਦੌਰਾਨ ਤਖ਼ਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਵਧੀਕ ਮੈਨੇਜਰ ਗੁਰਦੇਵ ਸਿੰਘ, ਤਖ਼ਤ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।