ਪਾਥਫਾਈਂਡਰ ਸਕੂਲ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ ਪਾਥਫਾਈਂਡਰ ਸਕੂਲ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿੱਬੜਿਆ
Publish Date: Tue, 10 Nov 2026 05:49 PM (IST)
Updated Date: Tue, 10 Nov 2026 05:51 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਪਾਥਫਾਈਂਡਰ ਗਲੋਬਲ ਸਕੂਲ ਰਾਮਪੁਰਾ ਫੂਲ ਵਿਖੇ 6 ਨਵੰਬਰ ਨੂੰ ਸਾਲਾਨਾ ਸਮਾਗਮ ‘ਵੰਡਰਫੈਸਟ 2026’ ਬੜੇ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ, ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਗਣੇਸ਼ ਵੰਦਨਾ, ਨਵਦੁਰਗਾ, ਫਾਲੋ ਯੋਰ ਪੈਸ਼ਨ, ਪੇਰੈਂਟਿੰਗ, ਕਠਪੁਤਲੀ ਸ਼ੋਅ, ਗਿੱਧਾ, ਭੰਗੜਾ ਸਮੇਤ ਵੱਖ-ਵੱਖ ਸਿੱਖਿਆਦਾਇਕ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਪੰਜਾਬੀ ਸੱਭਿਆਚਾਰ, ਭਾਰਤੀ ਪਰੰਪਰਾਵਾਂ, ਸਮਾਜਿਕ ਕਦਰਾਂ-ਕੀਮਤਾਂ ਅਤੇ ਆਧੁਨਿਕ ਸੋਚ ਦਾ ਸੁੰਦਰ ਸੁਮੇਲ ਦੇਖਣ ਨੂੰ ਮਿਲਿਆ। ਇਸ ਮੌਕੇ ਸੈਸ਼ਨ 2025-26 ਦੌਰਾਨ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੀ ਵਿਸ਼ੇਸ਼ਤਾ ਥੀਮ ਅਨੁਸਾਰ ਕੀਤੀ ਗਈ ਸਜਾਵਟ, ਵਿਦਿਆਰਥੀਆਂ ਦੇ ਮਨਮੋਹਕ ਪਹਿਰਾਵੇ ਅਤੇ ਮੰਚ ਦੀ ਸ਼ਾਨਦਾਰ ਪੇਸ਼ਕਾਰੀ ਰਹੀ। ਸਕੂਲ ਦੇ ਚੇਅਰਮੈਨ ਸੁਨੀਲ ਬਾਂਸਲ, ਮੈਨੇਜਿੰਗ ਡਾਇਰੈਕਟਰ ਸੁਮੀਤ ਬਾਂਸਲ ਅਤੇ ਵਾਈਸ ਚੇਅਰਪਰਸਨ ਪੰਜਾਬ ਡਿਵੈਲਪਮੈਂਟ ਕਮਿਸ਼ਨ ਸੀਮਾ ਬਾਂਸਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ ਅਤੇ ਲੁਕੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਲਾ, ਸੱਭਿਆਚਾਰ ਅਤੇ ਖੇਡਾਂ ਦੇ ਖੇਤਰ ਵਿੱਚ ਵੀ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ। ਸਕੂਲ ਦੀ ਪ੍ਰਿੰਸੀਪਲ ਈਸ਼ੂ ਰਾਣੀ ਅਤੇ ਸਮੁੱਚੀ ਮੈਨੇਜਮੈਂਟ ਨੇ ਸਮਾਗਮ ਦੀ ਸਫ਼ਲਤਾ ਲਈ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਅਤੇ ਕੋਰੀਓਗ੍ਰਾਫਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੌਜੂਦ ਮਾਪਿਆਂ ਨੇ ਵੀ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ। ਅਧਿਆਪਕਾਂ ਦੀ ਮਿਹਨਤ, ਵਿਦਿਆਰਥੀਆਂ ਦੇ ਸਮਰਪਣ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਇਹ ਸਮਾਗਮ ਯਾਦਗਾਰੀ ਹੋ ਨਿਬੜਿਆ।