ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ 'ਚ ਕਟੌਤੀ ਨਾਲ ਮਰੀਜ਼ਾਂ ਨੂੰ ਮਿਲੇਗੀ ਵੱਡੀ ਰਾਹਤ : ਸਿੰਗਲਾ ਕੈਂਸਰ ਦੀਆਂ 1,364 ਦਵਾਈਆਂ ਦੀਆਂ ਕੀਮਤਾਂ 'ਚ ਕਟੌਤੀ ਨਾਲ ਮਰੀਜ਼ਾਂ ਨੂੰ ਮਿਲੇਗੀ ਵੱਡੀ ਰਾਹਤ-ਸਿੰਗਲਾ
Publish Date: Sat, 14 Nov 2026 04:30 PM (IST)
Updated Date: Sat, 14 Nov 2026 04:33 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਕੇਂਦਰ ਸਰਕਾਰ ਵੱਲੋਂ ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ ਵਿਚ ਕੀਤੀ ਗਈ ਕਟੌਤੀ ਦਾ ਸਵਾਗਤ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਦਾਅਵਾ ਕਰਦੇ ਕੈਂਸਰ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਆਰਥਿਕ ਰਾਹਤ ਦੇਣ ਵਾਲਾ ਫੈਸਲਾ ਕਰਾਰ ਦਿੱਤਾ ਹੈ। ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਚੁੱਕਿਆ ਹੈ। ਰਾਸ਼ਟਰੀ ਦਵਾਈ ਮੁੱਲ ਨਿਰਧਾਰਨ ਅਥਾਰਟੀ (ਐਨਪੀਪੀਏ) ਵੱਲੋਂ ਕੈਂਸਰ ਵਿਰੋਧੀ 137 ਦਵਾਈਆਂ ਨਾਲ ਸਬੰਧਤ 1,364 ਫਾਰਮੂਲੇਸ਼ਨਾਂ ਦੀਆਂ ਕੀਮਤਾਂ ਵਿੱਚ ਕਟੌਤੀ ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਫੈਸਲੇ ਤਹਿਤ 679 ਬ੍ਰਾਂਡਾਂ ਦੀਆਂ ਕੀਮਤਾਂ ਵਿੱਚ 50 ਫ਼ੀਸਦੀ ਤੋਂ ਵੱਧ ਦੀ ਕਮੀ ਕੀਤੀ ਗਈ ਹੈ, ਜਦਕਿ ਕੁਝ ਦਵਾਈਆਂ ਦੀਆਂ ਕੀਮਤਾਂ ਵਿੱਚ ਵੱਧ ਤੋਂ ਵੱਧ 96.45 ਫ਼ੀਸਦੀ ਤੱਕ ਦੀ ਕਟੌਤੀ ਦਰਜ ਕੀਤੀ ਗਈ ਹੈ। ਇਸ ਨਾਲ ਦੇਸ਼ ਭਰ ਦੇ ਖਪਤਕਾਰਾਂ ਨੂੰ ਸਾਲਾਨਾ ਲਗਭਗ 3,540.38 ਕਰੋੜ ਰੁਪਏ ਦੀ ਬੱਚਤ ਹੋਣ ਦਾ ਅਨੁਮਾਨ ਹੈ। ਭਾਜਪਾ ਆਗੂ ਸਿੰਗਲਾ ਨੇ ਕਿਹਾ ਕਿ ਕੈਂਸਰ ਵਰਗੀ ਗੰਭੀਰ ਬਿਮਾਰੀ ਦਾ ਇਲਾਜ ਕਰਵਾਉਣਾ ਕਿਸੇ ਵੀ ਪਰਿਵਾਰ ਲਈ ਸਰੀਰਕ ਅਤੇ ਮਾਨਸਿਕ ਪ੍ਰੇਸ਼ਾਨੀ ਦੇ ਨਾਲ-ਨਾਲ ਵੱਡੀ ਆਰਥਿਕ ਚੁਣੌਤੀ ਵੀ ਹੁੰਦਾ ਹੈ। ਲੰਬੇ ਸਮੇਂ ਤੱਕ ਚੱਲਣ ਵਾਲੇ ਇਲਾਜ ਅਤੇ ਮਹਿੰਗੀਆਂ ਦਵਾਈਆਂ ਕਾਰਨ ਕਈ ਪਰਿਵਾਰਾਂ ਤੇ ਆਰਥਿਕ ਬੋਝ ਵਧ ਜਾਂਦਾ ਹੈ। ਅਜਿਹੇ ਵਿੱਚ ਕੈਂਸਰ ਦੀਆਂ ਦਵਾਈਆਂ ਦੀਆਂ ਕੀਮਤਾਂ ਘਟਣ ਨਾਲ ਮਰੀਜ਼ਾਂ ਨੂੰ ਆਪਣਾ ਇਲਾਜ ਜਾਰੀ ਰੱਖਣ ਵਿੱਚ ਆਰਥਿਕ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਦਵਾਈਆਂ ਦੀਆਂ ਕੀਮਤਾਂ ਵਿੱਚ ਕਮੀ ਨਾਲ ਆਮ ਪਰਿਵਾਰਾਂ ਨੂੰ ਰਾਹਤ ਮਿਲੇਗੀ ਅਤੇ ਸਿਹਤ ਸੇਵਾਵਾਂ ਨੂੰ ਹੋਰ ਸੁਖਾਲਾ ਬਣਾਉਣ ਦੇ ਯਤਨਾਂ ਨੂੰ ਵੀ ਮਜ਼ਬੂਤੀ ਮਿਲੇਗੀ। ਕੇਂਦਰ ਸਰਕਾਰ ਵੱਲੋਂ ਦਵਾਈਆਂ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਚੁੱਕਿਆ ਗਿਆ ਇਹ ਕਦਮ ਮਰੀਜ਼ਾਂ ਦੇ ਹਿੱਤਾਂ ਨਾਲ ਜੁੜਿਆ ਹੋਇਆ ਹੈ। ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਕੈਂਸਰ ਦੇ ਮਰੀਜ਼ਾਂ ਨੂੰ ਸਮੇਂ ਸਿਰ ਅਤੇ ਕਿਫਾਇਤੀ ਇਲਾਜ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ। ਦਵਾਈਆਂ ਦੀਆਂ ਕੀਮਤਾਂ ਵਿੱਚ ਕਮੀ ਨਾਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਦਬਾਅ ਤੋਂ ਕੁਝ ਰਾਹਤ ਮਿਲੇਗੀ।