ਪੱਤਰ ਪ੍ਰਰੇਰਕ, ਰਾਮਾਂ ਮੰਡੀ : ਪਿੰਡ ਰਾਮਾਂ 'ਚ ਦੋ ਦਿਨਾਂ ਦੇ ਚੈੱਕਅਪ ਦੌਰਾਨ 20 ਵਿਅਕਤੀ ਪੀਲੀਏ ਦੀ ਬਿਮਾਰੀ ਤੋਂ ਪੀੜਤ ਪਾਏ ਜਦੋਂ ਕਿ 16 ਮਰੀਜ਼ ਬੁਖਾਰ ਤੋਂ ਪੀੜਤ ਸਨ। ਸ਼ਨਿੱਚਰਵਾਰ ਨੂੰ ਲਗਾਤਾਰ ਦੂਸਰੇ ਦਿਨ 77 ਲੋਕਾਂ ਦੀ ਜਾਂਚ ਕੀਤੀ ਗਈ. ਜਿਸ ਦੌਰਾਨ ਉਕਤ ਮਰੀਜ਼ਾਂ ਦਾ ਖੁਲਾਸਾ ਹੋਇਆ ਹੈ। ਲੈਬ ਟੈਕਨੀਸ਼ੀਅਨ ਵੀਰਭਾਨ ਵੱਲੋਂ 36 ਮਰੀਜ਼ਾਂ ਦੇ ਖੂਨ ਦੇ ਸੈਂਪਲ ਲਏ, ਜਿਸ ਦੀ ਰਿਪੋਰਟ ਆਉਣੀ ਬਾਕੀ ਹੈ।ਐੱਸਐੱਮਓ ਤਲਵੰਡੀ ਡਾ. ਗੁਰਜੀਤ ਸਿੰਘ ਨੇ ਕਿਹਾ ਕਿ ਕੱਲ੍ਹ ਫਿਰ ਸਿਹਤ ਵਿਭਾਗ ਦੀ ਟੀਮ ਵੱਲੋਂ ਰਾਮਾਂ ਪਿੰਡ ਦਾ ਦੌਰਾ ਕੀਤਾ ਜਾਵੇਗਾ ਅਤੇ ਪੀਲੀਆ ਰੋਗ ਤੋਂ ਪੀੜਤ ਲੋਕਾਂ ਦੀ ਜਾਂਚ ਕੀਤੀ ਜਾਵੇਗੀ ਤਾਂ ਕਿ ਸਹੀ ਅੰਕੜਿਆਂ ਦਾ ਪਤਾ ਲੱਗ ਸਕੇ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਘਰ-ਘਰ ਕਲੋਰੀਨ ਦੀਆਂ ਗੋਲੀਆਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਰੋਗੀਆਂ ਨੂੰ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ।

ਬਾਬਾ ਸਰਬੰਗੀ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਚੇਤ ਸਿੰਘ ਸਿੱਧੂ ਵੱਲੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪਿੰਡ ਵਾਸੀ ਪਿਛਲੇ ਕਾਫੀ ਸਮੇਂ ਤੋਂ ਸੀਵਰੇਜ ਅਤੇ ਦੂਸ਼ਿਤ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ।ਉਨ੍ਹਾਂ ਦੱਸਿਆ ਕਿ ਉਹ ਇਸ ਬਾਰੇ ਕਈ ਵਾਰ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਮਿਲ ਕੇ ਇਸ ਸਮੱਸਿਆ ਨੂੰ ਹੱਲ ਕਰਨ ਦੀ ਗੁਹਾਰ ਲਗਾ ਚੁੱਕੇ ਹਨ ਪ੍ਰੰਤੂ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੌਂ ਰਹੇ ਹਨ। ਪਿਛਲੇ ਦਿਨੀਂ ਇਕ ਤੀਹ ਸਾਲਾ ਨੌਜਵਾਨ ਦੀ ਪੀਲੀਏ ਕਾਰਨ ਮੌਤ ਹੋ ਚੁੱਕੀ ਹੈ ਪ੍ਰੰਤੂ ਨਾ ਤਾਂ ਸਰਕਾਰ ਅਤੇ ਨਾ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲੋਕਾਂ ਦੀ ਕੋਈ ਸਾਰ ਲਈ ਹੈ।ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਪਣੀ ਡਿਊਟੀ ਵਿਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ 'ਤੇ ਸਖਤ ਕਾਰਵਾਈ ਕੀਤੀ ਜਾਵੇ ਅਤੇ ਇਸ ਵਿਭਾਗ ਦੀ ਵਿਜੀਲੈਂਸ ਕੋਲੋਂ ਉੱਚ-ਪੱਧਰੀ ਜਾਂਚ ਕਰਵਾਈ ਜਾਵੇ।