ਪੰਜਾਬ ਦੇ ਲੋਕ ਮੁੜ ਆਪ ਦੀ ਸਰਕਾਰ ਬਣਾਉਣ ਲਈ ਬੇਤਾਬ : ਭੱਲਾ ਪੰਜਾਬ ਦੇ ਲੋਕ ਮੁੜ ਆਪ ਦੀ ਸਰਕਾਰ ਬਣਾਉਣ ਲਈ ਬੇਤਾਬ-ਭੱਲਾ
Publish Date: Fri, 14 Aug 2026 03:58 PM (IST)
Updated Date: Fri, 14 Aug 2026 03:59 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਅਤੇ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਪਿੰਡ ਕੋਠਾ ਗੁਰੂ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ ਸਮੇਂ ਦੌਰਾਨ ਸੂਬਾ ਸਰਕਾਰ ਵੱਲੋਂ ਕੀਤੇ ਗਏ ਲੋਕ-ਪੱਖੀ ਫ਼ੈਸਲਿਆਂ ਅਤੇ ਵਿਕਾਸਮੁਖੀ ਉਪਰਾਲਿਆਂ ਨੂੰ ਭਰਪੂਰ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਬੁਨਿਆਦੀ ਸਹੂਲਤਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਕੀਤੇ ਕੰਮਾਂ ਕਾਰਨ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਵਿਚ ਹੋਰ ਮਜ਼ਬੂਤ ਹੋਇਆ ਹੈ ਅਤੇ ਪੰਜਾਬ ਦੀ ਜਨਤਾ ਮੁੜ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੀ ਹੈ। ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਨੀਤੀ ਅਪਣਾਈ ਹੈ ਅਤੇ ਸਰਕਾਰੀ ਪ੍ਰਣਾਲੀ ਨੂੰ ਵਧੇਰੇ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਵਿਚ ਯੋਗਤਾ ਅਤੇ ਪਾਰਦਰਸ਼ਤਾ ਨੂੰ ਪਹਿਲ ਦਿੱਤੀ ਜਾ ਰਹੀ ਹੈ, ਜਿਸ ਨਾਲ ਨੌਜਵਾਨਾਂ ਦਾ ਵਿਸ਼ਵਾਸ ਸਰਕਾਰੀ ਭਰਤੀ ਪ੍ਰਣਾਲੀ ਵਿਚ ਵਧਿਆ ਹੈ। ਇਸ ਦੇ ਨਾਲ ਹੀ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਅਤੇ ਨਿਵੇਸ਼ ਨੂੰ ਪ੍ਰੋਤਸਾਹਨ ਦੇ ਕੇ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਵੀ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਦਾ ਕੇਂਦਰ ਆਮ ਪਰਿਵਾਰ ਹੈ। ਸਰਕਾਰ ਦਾ ਹਰ ਫ਼ੈਸਲਾ ਲੋਕਾਂ ਦੀ ਭਲਾਈ, ਸਮਾਜਿਕ ਨਿਆਂ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿਚ ਰੱਖ ਕੇ ਲਿਆ ਜਾ ਰਿਹਾ ਹੈ। ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਹਰ ਵਰਗ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲ ਸਕੇ। ਚੇਅਰਮੈਨ ਭੱਲਾ ਨੇ ਕਿਹਾ ਕਿ ਵਿਰੋਧੀ ਧਿਰਾਂ ਕੋਲ ਲੋਕਾਂ ਸਾਹਮਣੇ ਰੱਖਣ ਲਈ ਕੋਈ ਠੋਸ ਵਿਕਾਸ ਏਜੰਡਾ ਨਹੀਂ ਹੈ, ਜਦਕਿ ਆਮ ਆਦਮੀ ਪਾਰਟੀ ਆਪਣੀਆਂ ਨੀਤੀਆਂ ਅਤੇ ਕੰਮਾਂ ਦੇ ਆਧਾਰ ’ਤੇ ਲੋਕਾਂ ਵਿਚ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੂਝਵਾਨ ਜਨਤਾ ਵਿਕਾਸ, ਇਮਾਨਦਾਰੀ ਅਤੇ ਪਾਰਦਰਸ਼ੀ ਸ਼ਾਸਨ ਨੂੰ ਤਰਜੀਹ ਦਿੰਦੀ ਹੈ ਅਤੇ ਇਸੇ ਵਿਸ਼ਵਾਸ ਦੇ ਆਧਾਰ ’ਤੇ ਸੂਬੇ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਅੰਤ ਵਿਚ ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਸਤ, ਖੁਸ਼ਹਾਲ, ਨਸ਼ਾ-ਮੁਕਤ ਅਤੇ ਭ੍ਰਿਸ਼ਟਾਚਾਰ-ਮੁਕਤ ਪੰਜਾਬ ਦੀ ਸਿਰਜਣਾ ਲਈ ਸਰਕਾਰ ਦੇ ਲੋਕ-ਪੱਖੀ ਯਤਨਾਂ ਦਾ ਸਾਥ ਦੇਣ ਅਤੇ ਵਿਕਾਸ ਦੀ ਇਸ ਯਾਤਰਾ ਨੂੰ ਹੋਰ ਮਜ਼ਬੂਤ ਬਣਾਉਣ। ਇਸੇ ਦੌਰਾਨ ਚੇਅਰਮੈਨ ਭੱਲਾ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਆਪਣੇ 16 ਅਗਸਤ ਨੂੰ ਜਨਮ ਦਿਨ ਮੌਕੇ ਵਾਤਾਵਰਨ ਦੀ ਸੁੱਧਤਾ ਲਈ ਪੌਦਿਆਂ ਦੀ ਵੰਡ ਕਰਨਗੇ।