ਲੋਕ ਮੁੜ ਆਪ ਦੀ ਸਰਕਾਰ ਬਣਾਉਣਗੇ : ਭੱਲਾ ਲੋਕ ਮੁੜ ਆਪ ਦੀ ਸਰਕਾਰ ਬਣਾਉਣਗੇ-ਭੱਲਾ
Publish Date: Fri, 06 Nov 2026 07:16 PM (IST)
Updated Date: Fri, 06 Nov 2026 07:17 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਨਗਰ ਸੁਧਾਰ ਟਰਸਟ ਬਠਿੰਡਾ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਆਪ ਦੀਆਂ ਵਿਰੋਧੀ ਰਵਾਇਤੀ ਪਾਰਟੀਆਂ ਮੁੱਦਾ ਰਹਿਤ ਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਸਿਆਸਤ ਕਰ ਰਹੀਆਂ ਹਨ, ਜਦਕਿ ਪੰਜਾਬ ਦੇ ਲੋਕ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਭੱਲਾ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਵੱਖ-ਵੱਖ ਪਿੰਡਾਂ ਵਿੱਚ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਦੇਖ ਰਹੇ ਹਨ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਕਾਇਮ ਕਰਨਗੇ। ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਵਿਰੋਧੀ ਪਾਰਟੀਆਂ ਦੇ ਗੁੰਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਕੋਲ ਸਰਕਾਰ ਦੀਆਂ ਨੀਤੀਆਂ ਤੇ ਵਿਕਾਸ ਕਾਰਜਾਂ ਬਾਰੇ ਕੋਈ ਠੋਸ ਮੁੱਦਾ ਨਹੀਂ ਹੈ, ਜਿਸ ਕਾਰਨ ਉਹ ਬੇਬੁਨਿਆਦ ਬਿਆਨਬਾਜ਼ੀ ਕਰਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਕਾਂਗਰਸ ਪਾਰਟੀ ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰੂਨੀ ਧੜੇਬੰਦੀ ਕਾਰਨ ਪੂਰੀ ਤਰ੍ਹਾਂ ਦੋਫਾੜ ਹੋ ਚੁੱਕੀ ਹੈ। ਇਸੇ ਤਰ੍ਹਾਂ ਅਕਾਲੀ ਦਲ ਤੇ ਭਾਜਪਾ ਦਾ ਵੀ ਪੰਜਾਬ ਵਿੱਚ ਕੋਈ ਖਾਸ ਆਧਾਰ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਭਰੋਸੇ ਤੇ ਸਹਿਯੋਗਨਾਲ ਸੂਬੇ ਵਿੱਚ ਆਪਣੀ ਸਿਆਸੀ ਪਕੜ ਹੋਰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੇ ਕੀਤੇ ਜਾ ਰਹੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ।