
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਿਲਣੀ ਦੌਰਾਨ ਮਾਨਸਾ ਵਾਸੀ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਵਿਦੇਸ਼ ਜਾਣ ਦੇ ਨਾਮ ’ਤੇ ਉਨ੍ਹਾਂ ਕੋਲੋਂ ਪੈਸੇ ਲਏ ਸਨ ਅਤੇ ਇਸ ਮਾਮਲੇ ਵਿੱਚ ਕਰੀਬ 60 ਲੱਖ ਰੁਪਏ ਦੀ ਠੱਗੀ ਹੋ ਚੁੱਕੀ ਹੈ। ਉਨ੍ਹਾਂ ਦੇ ਪੁੱਤਰ ਦੀ ਜ਼ਹਿਰੀਲੀ ਚੀਜ਼ ਪੀਣ ਕਾਰਨ ਮੌਤ ਹੋ ਚੁੱਕੀ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਪ੍ਰਵਾਸੀ ਪੰਜਾਬੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਬੁੱਧਵਾਰ ਨੂੰ ਬਠਿੰਡਾ ਦੇ ਇਕ ਨਿੱਜੀ ਹੋਟਲ ਵਿਚ ਕਰਵਾਈ ਗਈ ਪ੍ਰਵਾਸੀ ਮਿਲਣੀ ਉਸ ਸਮੇਂ ਹੰਗਾਮੇ ਵਿਚ ਬਦਲ ਗਈ, ਜਦੋਂ ਆਪਣੀਆਂ ਫਰਿਆਦਾਂ ਲੈ ਕੇ ਪਹੁੰਚੇ ਲੋਕਾਂ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਖੁੱਲ੍ਹ ਕੇ ਸਵਾਲ ਖੜ੍ਹੇ ਕੀਤੇ। ਰਾਜ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ।
ਮਿਲਣੀ ਦੌਰਾਨ ਮਾਨਸਾ ਵਾਸੀ ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਵਿਦੇਸ਼ ਜਾਣ ਦੇ ਨਾਮ ’ਤੇ ਉਨ੍ਹਾਂ ਕੋਲੋਂ ਪੈਸੇ ਲਏ ਸਨ ਅਤੇ ਇਸ ਮਾਮਲੇ ਵਿੱਚ ਕਰੀਬ 60 ਲੱਖ ਰੁਪਏ ਦੀ ਠੱਗੀ ਹੋ ਚੁੱਕੀ ਹੈ। ਉਨ੍ਹਾਂ ਦੇ ਪੁੱਤਰ ਦੀ ਜ਼ਹਿਰੀਲੀ ਚੀਜ਼ ਪੀਣ ਕਾਰਨ ਮੌਤ ਹੋ ਚੁੱਕੀ ਹੈ। ਇੰਨੀ ਗੰਭੀਰ ਸਥਿਤੀ ਦੇ ਬਾਵਜੂਦ ਪੁਲਿਸ ਵੱਲੋਂ ਉਨ੍ਹਾਂ ਦੀ ਸ਼ਿਕਾਇਤ ’ਤੇ ਉਮੀਦ ਮੁਤਾਬਕ ਕਾਰਵਾਈ ਨਹੀਂ ਕੀਤੀ ਗਈ। ਉਲਟਾ ਉਨ੍ਹਾਂ ਨੂੰ ਹੀ ਝੂਠੇ ਮਾਮਲਿਆਂ ਵਿਚ ਫਸਾਉਣ ਦਾ ਦਬਾਅ ਬਣਾਇਆ ਜਾ ਰਿਹਾ ਹੈ। ਪ੍ਰਵਾਸੀ ਮਿਲਣੀ ਵਿਚ ਜ਼ਮੀਨ ਅਤੇ ਇੰਤਕਾਲ ਨਾਲ ਸਬੰਧਤ ਮਾਮਲੇ ਵੀ ਪ੍ਰਮੁੱਖ ਤੌਰ ’ਤੇ ਸਾਹਮਣੇ ਆਏ। ਕਸ਼ਮੀਰ ਸਿੰਘ ਨੇ ਦੱਸਿਆ ਕਿ ਜ਼ਮੀਨ ਦਾ ਇੰਤਕਾਲ ਕਰਵਾਉਣ ਲਈ ਉਹ ਕਰੀਬ ਇਕ ਸਾਲ ਤੋਂ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਨੇ ਕਈ ਵਾਰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਏ, ਪਰ ਸਮੱਸਿਆ ਦਾ ਹੱਲ ਨਹੀਂ ਹੋਇਆ। ਉਹ ਇੱਕ ਦਫ਼ਤਰ ਤੋਂ ਦੂਜੇ ਦਫ਼ਤਰ ਦੇ ਚੱਕਰ ਲਗਾਉਣ ਲਈ ਮਜਬੂਰ ਹਨ।
ਛੇ ਜ਼ਿਲ੍ਹਿਆਂ ਤੋਂ ਪਹੁੰਚੇ ਫਰਿਆਦੀ
ਪ੍ਰਵਾਸੀ ਮਿਲਣੀ ਵਿਚ ਬਠਿੰਡਾ ਸਮੇਤ ਛੇ ਜ਼ਿਲ੍ਹਿਆਂ ਤੋਂ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚੇ। ਵੱਖ-ਵੱਖ ਮਾਮਲਿਆਂ ਵਿਚ ਲੋਕਾਂ ਨੇ ਪੁਲਿਸ, ਮਾਲ ਵਿਭਾਗ ਤੇ ਹੋਰ ਸਰਕਾਰੀ ਦਫ਼ਤਰਾਂ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਕਈ ਫਰਿਆਦੀਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਹੱਲ ਲਈ ਇੱਕ ਦਫ਼ਤਰ ਤੋਂ ਦੂਜੇ ਦਫ਼ਤਰ ਭੇਜਿਆ ਜਾਂਦਾ ਹੈ, ਜਿਸ ਕਾਰਨ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੋ ਰਹੇ ਹਨ। ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।