ਪਲਾਂਟ ਡਾਕਟਰ ਸਰਵਿਸਿਜ਼ ਐਸੋਸੀਏਸ਼ਨ ਵੱਲੋਂ ਖੇਤੀਬਾੜੀ ਦਫ਼ਤਰਾਂ ਅੱਗੇ ਧਰਨੇ ਪਲਾਂਟ ਡਾਕਟਰ ਸਰਵਿਸਿਜ਼ ਐਸੋਸੀਏਸ਼ਨ ਵੱਲੋਂ ਖੇਤੀਬਾੜੀ ਦਫ਼ਤਰਾਂ ਅੱਗੇ ਧਰਨੇ
Publish Date: Mon, 21 Sep 2026 04:58 PM (IST)
Updated Date: Mon, 21 Sep 2026 04:59 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪਲਾਂਟ ਡਾਕਟਰ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ ’ਤੇ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਵਿਚ ਮੁੱਖ ਖੇਤੀਬਾੜੀ ਦਫ਼ਤਰਾਂ ਅੱਗੇ ਰੋਸ ਧਰਨੇ ਦਿੱਤੇ ਗਏ। ਬਠਿੰਡਾ ਵਿਖੇ ਖੇਤੀ ਭਵਨ ਵਿੱਚ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਡਾ. ਮਨਜਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਐਸੋਸੀਏਸ਼ਨ ਦੀਆਂ ਨਵੀਆਂ ਭਰਤੀਆਂ, ਪਦਉੱਨਤੀਆਂ ਅਤੇ ਪੇਅ ਪੈਰਿਟੀ ਸਮੇਤ ਹੋਰ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਵਿਭਾਗ ਵਿੱਚ ਜੁਆਇੰਟ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਦੀ ਅਸਾਮੀ ’ਤੇ ਨਿਯਮਾਂ ਦੇ ਉਲਟ ਹੋਰ ਕੇਡਰ ਦੇ ਅਧਿਕਾਰੀ ਦੀ ਤਾਇਨਾਤੀ ਕੀਤੀ ਗਈ ਹੈ। ਐਸੋਸੀਏਸ਼ਨ ਨੇ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ। ਐਸੋਸੀਏਸ਼ਨ ਦੇ ਨੁਮਾਇੰਦਿਆਂ ਡਾ. ਹਰਜਸਪਾਲ ਸ਼ਰਮਾ, ਡਾ. ਗੁਰਪ੍ਰੀਤ ਸਿੰਘ, ਡਾ. ਅਸਮਾਨਪ੍ਰੀਤ ਸਿੱਧੂ, ਡਾ. ਭਰਪੂਰ ਸਿੰਘ, ਡਾ. ਸੰਦੀਪ ਸਿੰਘ, ਡਾ. ਗੁਰਕੰਵਲ ਸਿੰਘ, ਡਾ. ਜਗਦੀਪ ਸਿੰਘ ਬਰਾੜ ਅਤੇ ਡਾ. ਗੁਰਪਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਿੱਚ ਕਰੀਬ 100 ਖੇਤੀਬਾੜੀ ਅਫਸਰਾਂ ਦੀਆਂ ਅਸਾਮੀਆਂ ਖਾਲੀ ਹਨ। ਉਨ੍ਹਾਂ ਕਿਹਾ ਕਿ 14 ਸਾਲ ਬੀਤਣ ਦੇ ਬਾਵਜੂਦ ਖੇਤੀਬਾੜੀ ਵਿਕਾਸ ਅਫਸਰ ਆਪਣੀ ਪਹਿਲੀ ਪਦਉੱਨਤੀ ਦੀ ਉਡੀਕ ਕਰ ਰਹੇ ਹਨ। ਪੰਜਾਬ ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ ਦੇ ਨੁਮਾਇੰਦੇ ਅੰਗਰੇਜ਼ ਸਿੰਘ ਸੰਦੋਹਾ ਨੇ ਕਿਹਾ ਕਿ ਵਿਭਾਗ ਵਿੱਚ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਭਰਤੀਆਂ ਨਾ ਹੋਣ ਕਾਰਨ ਖੇਤੀਬਾੜੀ ਦੀਆਂ ਉੱਚ ਡਿਗਰੀਆਂ ਪ੍ਰਾਪਤ ਨੌਜਵਾਨ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਮੰਗਾਂ ਦਾ ਹੱਲ ਨਾ ਹੋਣ ’ਤੇ 28 ਸਤੰਬਰ ਨੂੰ ਅੰਮ੍ਰਿਤਸਰ, 5 ਅਕਤੂਬਰ ਨੂੰ ਬਠਿੰਡਾ ਅਤੇ 14 ਅਕਤੂਬਰ ਨੂੰ ਲੁਧਿਆਣਾ ਵਿਖੇ ਜੋਨ ਪੱਧਰੀ ਰੋਸ ਧਰਨੇ ਦਿੱਤੇ ਜਾਣਗੇ। ਇਸ ਤੋਂ ਬਾਅਦ 19 ਅਕਤੂਬਰ ਨੂੰ ਖੇਤੀ ਭਵਨ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।