ਪੰਜਾਬੀ ਸੂਬਾ ਦਿਵਸ ਨੂੰ ਸਮਰਪਿਤ ਕਵਿਤਾ ਤੇ ਭਾਸ਼ਣ ਮੁਕਾਬਲੇ ਕਰਵਾਏ ਅਕਾਲ ਯੂਨੀਵਰਸਿਟੀ ਵਿਖੇ ਪੰਜਾਬੀ ਸੂਬਾ ਦਿਵਸ ਨੂੰ ਸਮਰਪਿਤ ਕਵਿਤਾ ਤੇ ਭਾਸ਼ਣ ਮੁਕਾਬਲੇ ਕਰਵਾਏ
Publish Date: Mon, 09 Nov 2026 05:10 PM (IST)
Updated Date: Tue, 10 Nov 2026 04:03 AM (IST)
ਵੱਖ-ਵੱਖ ਵਿਭਾਗਾਂ ਦੇ 14 ਵਿਦਿਆਰਥੀਆਂ ਨੇ ਲਿਆ ਹਿੱਸਾ, ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਤਲਵੰਡੀ ਸਾਬੋ ਦੇ ਲਿਬਰਲ ਆਰਟਸ ਵਿਭਾਗ ਅਤੇ ਇਤਿਹਾਸ ਵਿਭਾਗ ਵੱਲੋਂ ਪੰਜਾਬੀ ਸੂਬਾ ਦਿਵਸ ਨੂੰ ਸਮਰਪਿਤ ਅੰਤਰ-ਵਿਭਾਗੀ ਕਵਿਤਾ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਪੰਜਾਬ, ਪੰਜਾਬੀ, ਪੰਜਾਬੀਅਤ ਵਿਸ਼ੇ ਅਧੀਨ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਵਿਭਾਗਾਂ ਦੇ 14 ਵਿਦਿਆਰਥੀਆਂ ਨੇ ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਆਪਣੀ ਕਲਾ ਅਤੇ ਵਿਚਾਰਾਂ ਦੀ ਸਾਂਝ ਪਾਈ। ਪ੍ਰੋਗਰਾਮ ਦੀ ਸ਼ੁਰੂਆਤ ਸ. ਅਕਾਸ਼ਬੀਰ ਸਿੰਘ ਏ.ਡੀ.ਐੱਸ.ਡਬਲਿਊ. ਵੱਲੋਂ ਕੀਤੀ ਗਈ। ਉਨ੍ਹਾਂ ਨੇ ਮਹਿਮਾਨਾਂ, ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਰਸਮੀ ਸਵਾਗਤ ਕੀਤਾ। ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਆਪਣੀਆਂ ਕਲਾਤਮਕ ਕਵਿਤਾਵਾਂ ਅਤੇ ਪ੍ਰਭਾਵਸ਼ਾਲੀ ਭਾਸ਼ਣਾਂ ਰਾਹੀਂ ਸਰੋਤਿਆਂ ਨੂੰ ਪ੍ਰਭਾਵਿਤ ਕੀਤਾ। ਮੁਕਾਬਲਿਆਂ ਵਿੱਚ ਨਿਰਣਾਇਕ ਮੰਡਲ ਦੀ ਭੂਮਿਕਾ ਡਾ. ਹਰਜਿੰਦਰ ਸਿੰਘ ਅਤੇ ਡਾ. ਅਮਨਦੀਪ ਕੌਰ, ਸਹਾਇਕ ਪ੍ਰੋਫੈਸਰ, ਪੰਜਾਬੀ ਵਿਭਾਗ ਵੱਲੋਂ ਨਿਭਾਈ ਗਈ। ਕਵਿਤਾ ਮੁਕਾਬਲੇ ਵਿੱਚ ਸੋਸ਼ਲ ਸਾਇੰਸ ਵਿਭਾਗ ਦੀ ਵਿਦਿਆਰਥਣ ਅਮਨਦੀਪ ਕੌਰ ਅਤੇ ਪੰਜਾਬੀ ਵਿਭਾਗ ਦੀ ਵਿਦਿਆਰਥਣ ਜਸਪ੍ਰੀਤ ਕੌਰ ਜੇਤੂ ਰਹੀਆਂ। ਇਸੇ ਤਰ੍ਹਾਂ ਭਾਸ਼ਣ ਮੁਕਾਬਲੇ ਵਿੱਚ ਲਿਬਰਲ ਆਰਟਸ ਵਿਭਾਗ ਦੀ ਵਿਦਿਆਰਥਣ ਪ੍ਰਭਜੋਤ ਕੌਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਦੇ ਵਿਦਿਆਰਥੀ ਜਨਜੋਤ ਸਿੰਘ ਨੇ ਜਿੱਤ ਹਾਸਲ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਡਾ. ਗੁਰਜੀਤ ਸਿੰਘ, ਮੁਖੀ ਪੰਜਾਬੀ ਵਿਭਾਗ ਨੇ ਜੇਤੂਆਂ ਸਮੇਤ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਪੰਜਾਬੀ ਬੋਲੀ ਦੇ ਨਿੱਘ ਅਤੇ ਜੀਵਨ ਵਿੱਚ ਇਸ ਦੀ ਅਹਿਮੀਅਤ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਅਤੇ ਵਿਰਸੇ ਨੂੰ ਸੰਭਾਲਣ ਤੇ ਇਸ ਤੇ ਮਾਣ ਕਰਨ ਦਾ ਸੁਨੇਹਾ ਦਿੱਤਾ। ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਡਾ. ਜਨਪ੍ਰੀਤ ਸਿੰਘ, ਡੀਨ ਵਿਦਿਆਰਥੀ ਭਲਾਈ ਨੇ ਵਿਦਿਆਰਥੀਆਂ ਨੂੰ ਅਜਿਹੇ ਕਲਾਤਮਕ ਅਤੇ ਅਕਾਦਮਿਕ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਅਖੀਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਡਾ. ਬਿਲਾਲ ਮਾਜਿਦ, ਸਹਾਇਕ ਪ੍ਰੋਫੈਸਰ, ਇਤਿਹਾਸ ਵਿਭਾਗ ਨੇ ਸਮੂਹ ਮਹਿਮਾਨਾਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਅਬਦੁਲ ਹਸੀਬ ਮੀਰ, ਮੁਖੀ ਲਿਬਰਲ ਆਰਟਸ ਵਿਭਾਗ ਅਤੇ ਇਤਿਹਾਸ ਵਿਭਾਗ, ਡਾ. ਸੁਖਦਰਸ਼ਨ ਸਿੰਘ, ਮਿਸ ਅੰਮ੍ਰਿਤਪਾਲ ਕੌਰ, ਰਾਹੁਲ ਕੁਮਾਰ, ਸੂਰਜ ਭਾਨ, ਮਨਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਹਾਜ਼ਰ ਸਨ।