11 ਹੈਰੋਇਨ ਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ, 11 ਹੈਰੋਇਨ ਤੇ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ
Publish Date: Fri, 20 Nov 2026 03:26 PM (IST)
Updated Date: Fri, 20 Nov 2026 03:28 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਾ ਖੇਤਰਾਂ ਵਿੱਚ ਕਾਰਵਾਈ ਕਰਦਿਆਂ 11 ਵਿਅਕਤੀਆਂ ਨੂੰ ਹੈਰੋਇਨ ਅਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂ ਵੱਖ-ਵੱਖ ਮਾਤਰਾ ਵਿੱਚ ਹੈਰੋਇਨ ਅਤੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਡੋਪ ਟੈਸਟ ਪਾਜ਼ੇਟਿਵ ਆਉਣ ਦੇ ਮਾਮਲਿਆਂ ਵਿੱਚ ਪੰਜ ਹੋਰ ਕੇਸ ਦਰਜ ਕੀਤੇ ਗਏ ਹਨ। ਪੁਲਿਸ ਅਨੁਸਾਰ ਪਹਿਲੇ ਮਾਮਲੇ ’ਚ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਜਨਤਾ ਨਗਰ ਤੋਂ ਵਿਸ਼ਾਲ ਨੂੰ 6 ਗ੍ਰਾਮ ਹੈਰੋਇਨ ਤੇ 5200 ਰੁਪਏ ਦੀ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਮਨਜ਼ੂਰ ਸ਼ਾਹ ਅਤੇ ਪ੍ਰਦੀਪ ਸਿੰਘ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਸਿਟੀ ਰਾਮਪੁਰਾ ਪੁਲਿਸ ਨੇ ਰਾਹੁਲ ਨੂੰ 10 ਗ੍ਰਾਮ ਅਤੇ ਸਦਰ ਰਾਮਪੁਰਾ ਪੁਲਿਸ ਨੇ ਲਵਪ੍ਰੀਤ ਸਿੰਘ ਨੂੰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਬਾਲਿਆਂਵਾਲੀ ਪੁਲਿਸ ਨੇ ਮੇਜਰ ਸਿੰਘ ਕੋਲੋਂ 3.30 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਲੜੀ ਤਹਿਤ ਥਾਣਾ ਸੰਗਤ ਪੁਲਿਸ ਨੇ ਨਰ ਸਿੰਘ ਕਾਲੋਨੀ ਤੋਂ ਰਾਜਕੁਮਾਰ ਅਤੇ ਸੁਨੀਲ ਭਾਰਤੀ ਨੂੰ 260 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਮੁਲਾਜ਼ਮਾਂ ਕੋਲੋ ਹੋਰ ਪੁਛਗਿੱਛ ਕਰ ਰਹੀ ਹੈ। ਭਗਤਾ ਭਾਈਕਾ ਪੁਲਿਸ ਨੇ ਪਿੰਡ ਮਲੂਕਾ ਤੋਂ ਗੁਰਚਰਨ ਸਿੰਘ ਨੂੰ 45 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ। ਇਸ ਤੋਂ ਇਲਾਵਾ ਥਾਣਾ ਮੌੜ ਪੁਲਿਸ ਨੇ ਗੁਰਸੇਵਕ ਸਿੰਘ ਕੋਲੋਂ 40 ਅਤੇ ਨੰਦਗੜ੍ਹ ਪੁਲਿਸ ਨੇ ਸੋਨੂੰ ਸਿੰਘ ਕੋਲੋਂ 30 ਨਸ਼ੀਲੇ ਕੈਪਸੂਲ ਬਰਾਮਦ ਕੀਤੇ। -- ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਪੰਜ ਹੋਰ ਕੇਸ ਦਰਜ ਦੂਜੇ ਪਾਸੇ ਡੋਪ ਟੈਸਟ ਪਾਜ਼ੇਟਿਵ ਆਉਣ ਦੇ ਮਾਮਲਿਆਂ ਵਿੱਚ ਵੀ ਪੁਲਿਸ ਨੇ ਕਾਰਵਾਈ ਕੀਤੀ ਹੈ। ਥਾਣਾ ਕੋਤਵਾਲੀ ਪੁਲਿਸ ਨੇ ਲਖਵਿੰਦਰ ਸਿੰਘ ਅਤੇ ਥਾਣਾ ਫੂਲ ਪੁਲਿਸ ਨੇ ਗੁਰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਦਰ ਰਾਮਪੁਰਾ ਪੁਲਿਸ ਨੇ ਅਰਸ਼ਦੀਪ ਸਿੰਘ ਨੂੰ ਨਸ਼ੇ ਦੀ ਹਾਲਤ ਵਿੱਚ ਕਾਬੂ ਕਰਕੇ ਉਸ ਦਾ ਡੋਪ ਟੈਸਟ ਕਰਵਾਇਆ। ਇਸੇ ਤਰ੍ਹਾਂ ਕੋਟਫੱਤਾ ਪੁਲਿਸ ਨੇ ਅਨੁਰਾਜ ਅਤੇ ਸਰਵਣਦੀਪ ਸਿੰਘ ਦਾ ਡੋਪ ਟੈਸਟ ਕਰਵਾਇਆ, ਜਦਕਿ ਤਲਵੰਡੀ ਸਾਬੋ ਪੁਲਿਸ ਨੇ ਗੁਰਪ੍ਰੀਤ ਸਿੰਘ ਨੂੰ ਨਸ਼ੇ ਦੀ ਹਾਲਤ ਵਿੱਚ ਗ੍ਰਿਫ਼ਤਾਰ ਕਰਕੇ ਉਸ ਦਾ ਡੋਪ ਟੈਸਟ ਕਰਵਾਇਆ। ਪੁਲਿਸ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਕੀਤੀ ਗਈ ਹੈ।