ਪੰਜ ਹਲਕਿਆਂ ’ਚ ‘ਆਪ’ ਦੀਆਂ ਟਿਕਟਾਂ ਨੂੰ ਲੈ ਕੇ ਸਿਆਸੀ ਪੇਚ ਫਸਿਆ ਬਠਿੰਡਾ ਜ਼ਿਲ੍ਹੇ ਦੇ ਪੰਜ ਹਲਕਿਆਂ ਵਿਚ ‘ਆਪ’ ਦੀਆਂ ਟਿਕਟਾਂ ਨੂੰ ਲੈ ਕੇ ਸਿਆਸੀ ਪੇਚ ਫਸਿਆ
Publish Date: Sat, 31 Oct 2026 04:30 PM (IST)
Updated Date: Sat, 31 Oct 2026 04:32 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਐਲਾਨੇ ਗਏ 40 ਉਮੀਦਵਾਰਾਂ ਵਿਚ ਬਠਿੰਡਾ ਜ਼ਿਲ੍ਹੇ ਦੇ ਛੇ ਵਿਧਾਨ ਸਭਾ ਹਲਕਿਆਂ ਵਿਚੋਂ ਸਿਰਫ਼ ਤਲਵੰਡੀ ਸਾਬੋ ਹਲਕੇ ਨੂੰ ਹੀ ਸ਼ਾਮਲ ਕੀਤਾ ਗਿਆ ਹੈ। ਇੱਥੋਂ ਪਾਰਟੀ ਨੇ ਮੁੜ ਪ੍ਰੋਫੈਸਰ ਬਲਜਿੰਦਰ ਕੌਰ ’ਤੇ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਜਦਕਿ ਬਾਕੀ ਪੰਜ ਹਲਕਿਆਂ ਬਠਿੰਡਾ ਦਿਹਾਤੀ, ਬਠਿੰਡਾ ਸ਼ਹਿਰੀ, ਰਾਮਪੁਰਾ ਫੂਲ, ਭੁੱਚੋ ਮੰਡੀ ਤੇ ਮੌੜ ਤੋਂ ਉਮੀਦਵਾਰਾਂ ਦਾ ਐਲਾਨ ਅਜੇ ਬਾਕੀ ਹੈ। ਇਨ੍ਹਾਂ ਹਲਕਿਆਂ ਵਿਚ ਟਿਕਟਾਂ ਨੂੰ ਲੈ ਕੇ ਵੱਖ-ਵੱਖ ਆਗੂਆਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਅਮਿਤ ਰਤਨ ਕੋਟਫੱਤਾ ਦੀ ਟਿਕਟ ਕੱਟੇ ਜਾਣ ਦੀ ਚਰਚਾ ਹੈ। ਇਸ ਹਲਕੇ ਤੋਂ ਸਾਬਕਾ ਪੀਸੀਐਸ ਅਧਿਕਾਰੀ ਗੋਪਾਲ ਸਿੰਘ ਕੋਟਫੱਤਾ ਦਾ ਨਾਂ ਸੰਭਾਵੀ ਉਮੀਦਵਾਰ ਵਜੋਂ ਉੱਭਰ ਕੇ ਸਾਹਮਣੇ ਆ ਰਿਹਾ ਹੈ। ਗੋਪਾਲ ਸਿੰਘ ਨੂੰ ਪਹਿਲਾਂ ਹੀ ਪਾਰਟੀ ਵੱਲੋਂ ਇਸ ਹਲਕੇ ਦਾ ਇੰਚਾਰਜ ਬਣਾਇਆ ਜਾ ਚੁੱਕਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀਆਂ ਸਿਆਸੀ ਸਰਗਰਮੀਆਂ ਵੀ ਵਧੀਆਂ ਹਨ। ਦੂਜੇ ਪਾਸੇ ਮੌਜੂਦਾ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਸਿਆਸੀ ਭਵਿੱਖ ਨੂੰ ਲੈ ਕੇ ਵੀ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਬਠਿੰਡਾ ਸ਼ਹਿਰੀ ਹਲਕੇ ਵਿਚ ਵੀ ਟਿਕਟ ਦੀ ਦੌੜ ਦਿਲਚਸਪ ਬਣੀ ਹੋਈ ਹੈ। ਇੱਥੋਂ ਮੌਜੂਦਾ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਟਿਕਟ ਕੱਟੇ ਜਾਣ ਦੀ ਚਰਚਾ ਹੈ। ਇਸ ਹਲਕੇ ਤੋਂ ਮਹਿਤਾ ਪਰਿਵਾਰ ਦਾ ਨਾਂ ਸੰਭਾਵੀ ਉਮੀਦਵਾਰ ਵਜੋਂ ਸਾਹਮਣੇ ਆ ਰਿਹਾ ਹੈ। ਬਠਿੰਡਾ ਸ਼ਹਿਰੀ ਹਲਕੇ ਤੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਜਾਂ ਉਹਨਾਂ ਦੇ ਸਪੁੱਤਰ ਮੇਅਰ ਪਦਮਜੀਤ ਮਹਿਤਾ ਨੂੰ ਉਮੀਦਵਾਰ ਬਣਾਉਣਾ ਲਗਭਗ ਤੇਅ ਹੈ। ਮੌੜ ਵਿਧਾਨ ਸਭਾ ਹਲਕੇ ਵਿਚ ਵੀ ਟਿਕਟ ਨੂੰ ਲੈ ਕੇ ਕਈ ਆਗੂ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਮੌਜੂਦਾ ਵਿਧਾਇਕ ਸੁਖਬੀਰ ਸਿੰਘ ਮਾਈਸਰ ਖਾਨਾ ਨੂੰ ਪਾਰਟੀ ਵੱਲੋਂ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ। ਇਸ ਕਾਰਨ ਇੱਥੋਂ ਨਵੇਂ ਉਮੀਦਵਾਰ ਨੂੰ ਮੌਕਾ ਮਿਲਣ ਦੀਆਂ ਸੰਭਾਵਨਾਵਾਂ ਦੀ ਚਰਚਾ ਹੈ। ਇਸ ਹਲਕੇ ਤੋਂ ਕਰੀਬ ਅੱਧੀ ਦਰਜਨ ਆਗੂ ਟਿਕਟ ਦੀ ਮੰਗ ਕਰ ਰਹੇ ਹਨ, ਪਰ ਸਿਆਸੀ ਹਲਕਿਆਂ ਵਿਚ ਸ਼ੂਗਰਫੈੱਡ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਦਾ ਨਾਂ ਮੂਹਰਲੀਆਂ ਸਫ਼ਾਂ ਵਿੱਚ ਮੰਨਿਆ ਜਾ ਰਿਹਾ ਹੈ। ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਵਿਚ ਵੀ ਟਿਕਟ ਦਾ ਪੇਚ ਫਸਿਆ ਹੋਇਆ ਹੈ। ਇੱਥੋਂ ਮੌਜੂਦਾ ਵਿਧਾਇਕ ਬਲਕਾਰ ਸਿੰਘ ਸਿੱਧੂ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਅਤੇ ਮਾਰਕਫੈੱਡ ਦੇ ਚੇਅਰਮੈਨ ਇੰਦਰਜੀਤ ਮਾਨ ਦੇ ਨਾਂ ਵੀ ਚਰਚਾ ਵਿਚ ਹਨ। ਤਿੰਨਾਂ ਆਗੂਆਂ ਦੀ ਦਾਅਵੇਦਾਰੀ ਕਾਰਨ ਇਸ ਹਲਕੇ ਦੀ ਟਿਕਟ ਨੂੰ ਲੈ ਕੇ ਪਾਰਟੀ ਹਾਈਕਮਾਂਡ ਸਾਹਮਣੇ ਕਈ ਸਿਆਸੀ ਪੱਖ ਵਿਚਾਰਨ ਵਾਲੇ ਹਨ। ਇਸੇ ਤਰ੍ਹਾਂ ਭੁੱਚੋ ਮੰਡੀ ਹਲਕੇ ਤੋਂ ਮੌਜੂਦਾ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਪੁੱਤਰ ਨੂੰ ਟਿਕਟ ਦਿੱਤੇ ਜਾਣ ਦੀ ਚਰਚਾ ਹੈ। ਹਾਲਾਂਕਿ ਪਾਰਟੀ ਵੱਲੋਂ ਇੱਥੋਂ ਹੋਰ ਸੰਭਾਵੀ ਉਮੀਦਵਾਰਾਂ ਦੇ ਨਾਵਾਂ ’ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਕੁੱਲ ਮਿਲਾ ਕੇ ਬਠਿੰਡਾ ਜ਼ਿਲ੍ਹੇ ਦੇ ਛੇ ਹਲਕਿਆਂ ਵਿਚੋਂ ਤਲਵੰਡੀ ਸਾਬੋ ਤੋਂ ਉਮੀਦਵਾਰ ਦਾ ਐਲਾਨ ਹੋਣ ਮਗਰੋਂ ਬਾਕੀ ਪੰਜ ਹਲਕਿਆਂ ਵਿਚ ਟਿਕਟਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ ਪਾਰਟੀ ਹਾਈਕਮਾਂਡ ਦੇ ਅਗਲੇ ਫ਼ੈਸਲੇ ’ਤੇ ਟਿਕੀਆਂ ਹੋਈਆਂ ਹਨ ਕਿ ਕਿਹੜੇ ਮੌਜੂਦਾ ਵਿਧਾਇਕਾਂ ਨੂੰ ਮੁੜ ਮੌਕਾ ਮਿਲਦਾ ਹੈ ਅਤੇ ਕਿਹੜੇ ਹਲਕਿਆਂ ਵਿਚ ਨਵੇਂ ਚਿਹਰਿਆਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਂਦਾ ਹੈ।