ਤਲਵੰਡੀ ਸਾਬੋ 'ਚ 'ਆਪ' ਨੂੰ ਸਿਆਸੀ ਝਟਕਾ, ਡਾ. ਰਾਜਵੀਰ ਸਿੰਘ ਢਿੱਲੋਂ ਨੇ ਦਿੱਤਾ ਅਸਤੀਫ਼ਾ ਤਲਵੰਡੀ ਸਾਬੋ 'ਚ 'ਆਪ' ਨੂੰ ਸਿਆਸੀ ਝਟਕਾ, ਡਾ. ਰਾਜਵੀਰ ਸਿੰਘ ਢਿੱਲੋਂ ਨੇ ਦਿੱਤਾ ਅਸਤੀਫ਼ਾ
Publish Date: Wed, 04 Nov 2026 05:13 PM (IST)
Updated Date: Wed, 04 Nov 2026 05:14 PM (IST)
ਹਲਕੇ ਦੀਆਂ ਸਮੱਸਿਆਵਾਂ ਅਤੇ ਹਾਈਕਮਾਂਡ ਦੇ ਫ਼ੈਸਲਿਆਂ ਤੇ ਚੁੱਕੇ ਸਵਾਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਲਵੰਡੀ ਸਾਬੋ। ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਕੋਆਰਡੀਨੇਟਰ ਡਾ. ਰਾਜਵੀਰ ਸਿੰਘ ਢਿੱਲੋਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀ ਕਾਰਗੁਜ਼ਾਰੀ, ਹਲਕੇ ਦੀਆਂ ਬੁਨਿਆਦੀ ਸਮੱਸਿਆਵਾਂ ਅਤੇ ਹਾਈਕਮਾਂਡ ਦੇ ਫ਼ੈਸਲਿਆਂ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਡਾ. ਰਾਜਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੇ ਸਾਲ 2015 ਤੋਂ ਲੈ ਕੇ ਹੁਣ ਤੱਕ ਪਾਰਟੀ ਲਈ ਦਿਨ-ਰਾਤ ਮਿਹਨਤ ਕੀਤੀ, ਪਰ ਹਲਕੇ ਦੀਆਂ ਅਹਿਮ ਮੰਗਾਂ ਅਤੇ ਸਮੱਸਿਆਵਾਂ ਵੱਲ ਹਾਈਕਮਾਂਡ ਵੱਲੋਂ ਕੋਈ ਢੁੱਕਵਾਂ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਇਲਾਕੇ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਲਈ ਠੋਸ ਕਾਰਵਾਈ ਦੀ ਘਾਟ ਹੈ ਅਤੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਵੱਲ ਵੀ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਤਲਵੰਡੀ ਸਾਬੋ ਦੇ ਬੱਸ ਸਟੈਂਡ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਇਸ ਸਬੰਧੀ ਵਾਰ-ਵਾਰ ਧਿਆਨ ਦਿਵਾਉਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋਈ। ਸਰਕਾਰੀ ਅਦਾਰਿਆਂ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਪ੍ਰਬੰਧਾਂ ਦੀ ਲੋੜ ਹੈ। ਡਾ. ਢਿੱਲੋਂ ਨੇ ਤਲਵੰਡੀ ਸਾਬੋ ਇਲਾਕੇ ਵਿੱਚ ਕਥਿਤ ਤੌਰ ਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਨਾਲ ਸਬੰਧਤ 30 ਤੋਂ 40 ਅੱਡੇ ਚੱਲਣ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਤੇ ਰੋਕ ਲਗਾਉਣ ਲਈ ਸਬੰਧਤ ਅਧਿਕਾਰੀਆਂ ਅਤੇ ਜ਼ਿੰਮੇਵਾਰ ਧਿਰਾਂ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਇਨ੍ਹਾਂ ਦੋਸ਼ਾਂ ਬਾਰੇ ਸਬੰਧਤ ਧਿਰਾਂ ਦਾ ਪੱਖ ਸਾਹਮਣੇ ਆਉਣਾ ਬਾਕੀ ਹੈ। ਬਾਕਸ ਟਕਸਾਲੀ ਆਗੂਆਂ ਦੀ ਅਣਦੇਖੀ ਦਾ ਲਾਇਆ ਦੋਸ਼ ਪਾਰਟੀ ਹਾਈਕਮਾਂਡ ਪ੍ਰਤੀ ਨਾਰਾਜ਼ਗੀ ਜ਼ਾਹਰ ਕਰਦਿਆਂ ਡਾ. ਰਾਜਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਤਲਵੰਡੀ ਸਾਬੋ ਦੇ ਕਈ ਟਕਸਾਲੀ ਆਗੂ ਲੰਮੇ ਸਮੇਂ ਤੋਂ ਹਲਕੇ ਵਿੱਚ ਨਵਾਂ ਉਮੀਦਵਾਰ ਉਤਾਰਨ ਦੀ ਮੰਗ ਕਰ ਰਹੇ ਸਨ, ਪਰ ਉਨ੍ਹਾਂ ਦੀ ਰਾਇ ਨੂੰ ਅਹਿਮੀਅਤ ਨਹੀਂ ਦਿੱਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਵਿਧਾਇਕਾ ਨੂੰ ਮੁੜ ਉਮੀਦਵਾਰ ਬਣਾਉਣ ਦੇ ਫ਼ੈਸਲੇ ਨਾਲ ਪਾਰਟੀ ਦੇ ਪੁਰਾਣੇ ਆਗੂਆਂ ਦੀਆਂ ਭਾਵਨਾਵਾਂ ਨੂੰ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਆਗੂਆਂ ਵੱਲੋਂ ਵਾਰ-ਵਾਰ ਆਪਣੀ ਗੱਲ ਹਾਈਕਮਾਂਡ ਤੱਕ ਪਹੁੰਚਾਉਣ ਦੇ ਬਾਵਜੂਦ ਕੋਈ ਸੁਣਵਾਈ ਨਾ ਹੋਣ ਕਾਰਨ ਉਨ੍ਹਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਡਾ. ਰਾਜਵੀਰ ਸਿੰਘ ਢਿੱਲੋਂ ਦੇ ਇਸ ਐਲਾਨ ਨਾਲ ਤਲਵੰਡੀ ਸਾਬੋ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਹੁਣ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਅਤੇ ਸਥਾਨਕ ਲੀਡਰਸ਼ਿਪ ਦੀ ਪ੍ਰਤੀਕਿਰਿਆ ਤੇ ਨਜ਼ਰ ਰਹੇਗੀ।