ਪਿੰਡ ਸੇਮਾ ਕਲਾਂ ਵਿਚ ਗਲੀਆਂ-ਨਾਲੀਆਂ ਦੀ ਮਾੜੀ ਹਾਲਤ, ਮੀਂਹ ਮਗਰੋਂ ਲੋਕਾਂ ਦੀਆਂ ਮੁਸ਼ਕਲਾਂ ਵਧੀਆਂ ਪਿੰਡ ਸੇਮਾ ਕਲਾਂ ਵਿਚ ਗਲੀਆਂ-ਨਾਲੀਆਂ ਦੀ ਮਾੜੀ ਹਾਲਤ, ਮੀਂਹ ਮਗਰੋਂ ਲੋਕਾਂ ਦੀਆਂ ਮੁਸ਼ਕਲਾਂ ਵਧੀਆਂ
Publish Date: Sun, 30 Aug 2026 04:35 PM (IST)
Updated Date: Sun, 30 Aug 2026 04:37 PM (IST)
ਸੀਨੀਅਰ ਰਿਪੋਰਟਰ ਪੰਜਾਬੀ ਜਾਗਰਣ ਬਠਿੰਡਾ ਪਿੰਡ ਸੇਮਾ ਕਲਾਂ ਵਿਚ ਗਲੀਆਂ-ਨਾਲੀਆਂ ਦੀ ਮਾੜੀ ਹਾਲਤ ਕਾਰਨ ਪਿੰਡ ਵਾਸੀਆਂ ਨੂੰ ਪਿਛਲੇ ਲਗਭਗ 10 ਸਾਲਾਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿੰਡ ਵਾਸੀਆਂ ਅਨੁਸਾਰ ਗਲੀ ਵਿਚ ਗੰਦਾ ਪਾਣੀ ਖੜ੍ਹਾ ਰਹਿਣ ਕਾਰਨ ਆਮ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਮੀਂਹ ਪੈਣ ਤੋਂ ਬਾਅਦ ਹਾਲਾਤ ਹੋਰ ਵੀ ਗੰਭੀਰ ਬਣ ਜਾਂਦੇ ਹਨ। ਸਭ ਤੋਂ ਵੱਧ ਮੁਸ਼ਕਲ ਸਕੂਲ ਜਾਣ ਵਾਲੇ ਬੱਚਿਆਂ ਨੂੰ ਹੁੰਦੀ ਹੈ, ਜਿਨ੍ਹਾਂ ਨੂੰ ਗੰਦੇ ਪਾਣੀ ਵਿਚੋਂ ਲੰਘ ਕੇ ਜਾਣ ਲਈ ਮਜਬੂਰ ਹੋਣਾ ਪੈਂਦਾ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਗਲੀਆਂ-ਨਾਲੀਆਂ ਦੀ ਮੁਰੰਮਤ ਅਤੇ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਇਹ ਸਮੱਸਿਆ ਲੰਬੇ ਸਮੇਂ ਤੋਂ ਬਣੀ ਹੋਈ ਹੈ। ਉਨ੍ਹਾਂ ਸਵਾਲ ਉਠਾਇਆ ਕਿ ਮੌਜੂਦਾ ਪੰਚਾਇਤ ਅਤੇ ਪਹਿਲਾਂ ਰਹੀਆਂ ਪੰਚਾਇਤਾਂ ਵੱਲੋਂ ਇਸ ਸਮੱਸਿਆ ਦੇ ਹੱਲ ਲਈ ਗੰਭੀਰਤਾ ਨਾਲ ਕਦਮ ਕਿਉਂ ਨਹੀਂ ਚੁੱਕੇ ਗਏ। ਲੋਕਾਂ ਦਾ ਦੋਸ਼ ਹੈ ਕਿ ਪਿੰਡ ਵਿਚ ਹੋ ਰਹੇ ਵਿਕਾਸ ਕਾਰਜਾਂ ਦਾ ਲਾਭ ਹਰ ਵਰਗ ਤੱਕ ਬਰਾਬਰ ਢੰਗ ਨਾਲ ਨਹੀਂ ਪਹੁੰਚ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਗਲੀ ਵਿਚ ਰਹਿਣ ਵਾਲੇ ਲੋਕ ਆਮ ਹਨ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਨ੍ਹਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਅਣਗੌਲਿਆ ਕੀਤਾ ਜਾਵੇ। ਪਿੰਡ ਵਾਸੀਆਂ ਨੇ ਸਬੰਧਤ ਵਿਭਾਗ ਅਤੇ ਪੰਚਾਇਤ ਤੋਂ ਮੰਗ ਕੀਤੀ ਕਿ ਗਲੀ ਦੀ ਤੁਰੰਤ ਸਫ਼ਾਈ ਕਰਵਾ ਕੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ ਅਤੇ ਗਲੀਆਂ-ਨਾਲੀਆਂ ਦੀ ਮੁਰੰਮਤ ਕਰਵਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਉਹ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦੇਣ ਲਈ ਮਜਬੂਰ ਹੋਣਗੇ।