ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦਾ ਪੋਸਟਰ ਰਿਲੀਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਦਾ ਪੋਸਟਰ ਰਿਲੀਜ਼
Publish Date: Fri, 06 Nov 2026 06:56 PM (IST)
Updated Date: Fri, 06 Nov 2026 06:59 PM (IST)
ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮਾਂ ’ਚ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 22, 23 ਤੇ 24 ਨਵੰਬਰ 2026 ਨੂੰ ਤਿੰਨ ਰੋਜ਼ਾ ਗੁਰਮਤਿ ਸਮਾਗਮ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾਣਗੇ। ਇਨ੍ਹਾਂ ਸਮਾਗਮਾਂ ਸਬੰਧੀ ਵਿਸ਼ੇਸ਼ ਪੋਸਟਰ ਅੱਜ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਏਕੁ ਪਿਤਾ ਏਕਸ ਕੇ ਹਮ ਬਾਰਿਕ ਦਾ ਸਰਬਸਾਂਝਾ ਉਪਦੇਸ਼ ਦੇ ਕੇ ਵੰਡੀਆਂ-ਵਿਤਕਰਿਆਂ ਵਿੱਚ ਘਿਰੀ ਲੋਕਾਈ ਨੂੰ ਆਪਸੀ ਪ੍ਰੇਮ, ਨਾਮ ਜਪਣ, ਕਿਰਤ ਕਰਨ ਤੇ ਵੰਡ ਛਕਣ ਦਾ ਸੁਨਹਿਰੀ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਨਾਨਕਸ਼ਾਹੀ ਸੰਮਤ 558 ਅਨੁਸਾਰ 22, 23 ਤੇ 24 ਨਵੰਬਰ (7, 8 ਤੇ 9 ਮੱਘਰ) ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਨਗਰ ਕੀਰਤਨ ਤੇ ਗੁਰਮਤਿ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਅਮਲੀ ਜੀਵਨ ਦਾ ਹਿੱਸਾ ਬਣਾਉਣ। ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਸਵੇਰੇ 10:15 ਵਜੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 23 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਮਹਾਨ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਨਗਰ ਦੇ ਵੱਖ-ਵੱਖ ਬਾਜ਼ਾਰਾਂ ਤੇ ਮੁਹੱਲਿਆਂ ਵਿੱਚੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਸੇ ਤਰ੍ਹਾਂ 24 ਨਵੰਬਰ ਨੂੰ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਸਿੰਘ ਸਾਹਿਬ ਨੇ ਸਮੁੱਚੀ ਸੰਗਤ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਨਰਿੰਦਰਜੀਤ ਸਿੰਘ ਮੈਨੇਜਰ, ਭੋਲਾ ਸਿੰਘ ਇੰਚਾਰਜ, ਗਿਆਨੀ ਗੁਰਜੰਟ ਸਿੰਘ ਮੁੱਖ ਗ੍ਰੰਥੀ, ਮਨਦੀਪ ਸਿੰਘ ਮੈਨੇਜਰ ਸਮੇਤ ਤਖ਼ਤ ਸਾਹਿਬ ਦਾ ਸਮੁੱਚਾ ਸਟਾਫ ਹਾਜ਼ਰ ਸੀ।