ਖੇਡਾਂ ਵਤਨ ਪੰਜਾਬ ਦੀਆਂ ਲਈ ਤਿਆਰੀਆਂ ਮੁਕੰਮਲ : ਭੱਲਾ ਖੇਡਾਂ ਵਤਨ ਪੰਜਾਬ ਦੀਆਂ ਲਈ ਤਿਆਰੀਆਂ ਮੁਕੰਮਲ-ਭੱਲਾ
Publish Date: Thu, 03 Sep 2026 05:29 PM (IST)
Updated Date: Fri, 04 Sep 2026 04:01 AM (IST)
5 ਨੂੰ ਬਠਿੰਡਾ ਤੋਂ ਮੁੱਖ ਮੰਤਰੀ ਮਾਨ ਕਰਨਗੇ ਖੇਡਾਂ ਦਾ ਆਗਾਜ਼, ਨਾਮੀ ਕਲਾਕਾਰ ਬੰਨ੍ਹਣਗੇ ਰੰਗ ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਉਦਘਾਟਨੀ ਸਮਾਰੋਹ ਨੂੰ ਲੈ ਕੇ ਬਠਿੰਡਾ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ 5 ਸਤੰਬਰ ਨੂੰ ਬਠਿੰਡਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦਾ ਰਸਮੀ ਆਗਾਜ਼ ਕਰਨਗੇ। ਚੇਅਰਮੈਨ ਭੱਲਾ ਨੇ ਕਿਹਾ ਕਿ ਉਦਘਾਟਨੀ ਸਮਾਰੋਹ ਨੂੰ ਯਾਦਗਾਰ ਬਣਾਉਣ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਮਾਰੋਹ ਵਿੱਚ ਪੰਜਾਬ ਦੇ ਨਾਮੀ ਕਲਾਕਾਰ ਵੀ ਆਪਣੀਆਂ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਉਨ੍ਹਾਂ ਕਿਹਾ ਕਿ ਸਮਾਗਮ ’ਚ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਅਤੇ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ ਅਤੇ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਖੇਡਾਂ ਵਤਨ ਪੰਜਾਬ ਦੀਆਂ’ ਨਾਲ ਨੌਜਵਾਨ ਖੇਡਾਂ ਨਾਲ ਜੁੜੇ ਭੱਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਦੀਆਂ ਰੁਚੀਆਂ ਨੂੰ ਉਸਾਰੂ ਦਿਸ਼ਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਰਾਹੀਂ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਮਿਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਖੇਡਾਂ ਨਾਲ ਪੰਜਾਬ ਵਿੱਚ ਖੇਡਾਂ ਪ੍ਰਤੀ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਨਵੀਂ ਪਨੀਰੀ ਵੱਡੀ ਗਿਣਤੀ ਵਿੱਚ ਵੱਖ-ਵੱਖ ਖੇਡਾਂ ਨਾਲ ਜੁੜ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਮਾੜੀਆਂ ਅਲਾਮਤਾਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਜਤਿੰਦਰ ਭੱਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲਕਦਮੀ ਸਦਕਾ ਪਿੰਡਾਂ ਅੰਦਰ ਨੌਜਵਾਨਾਂ ਦੀਆਂ ਰੁਚੀਆਂ ਨੂੰ ਉਸਾਰੂ ਪਾਸੇ ਲਾਉਣ ਲਈ ਖੇਡ ਗਰਾਊਂਡ ਅਤੇ ਜਿੰਮ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਬੁਨਿਆਦੀ ਖੇਡ ਸਹੂਲਤਾਂ ਉਪਲਬਧ ਹੋਣ ਨਾਲ ਨੌਜਵਾਨਾਂ ਨੂੰ ਆਪਣੇ ਨੇੜਲੇ ਇਲਾਕਿਆਂ ਵਿੱਚ ਹੀ ਅਭਿਆਸ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਲਾਭ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਖਿਡਾਰੀਆਂ ਨੂੰ ਮਿਲੇਗਾ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਭੱਲਾ ਨੇ ਬਠਿੰਡਾ ਵਾਸੀਆਂ ਅਤੇ ਸਮੂਹ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 5 ਸਤੰਬਰ ਨੂੰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਉਦਘਾਟਨੀ ਸਮਾਰੋਹ ’ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ।