ਸੈਂਸਜ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਤੇਜ਼, ਸਵੈ-ਗਣਨਾ ਨੂੰ ਲੋਕ ਲਹਿਰ ਬਣਾਉਣ ਲਈ ਨਗਰ ਨਿਗਮ ਵੱਲੋਂ ਉਪਰਾਲੇ ਸੈਂਸਜ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਤੇਜ਼, ਸਵੈ-ਗਣਨਾ ਨੂੰ ਲੋਕ ਲਹਿਰ ਬਣਾਉਣ ਲਈ ਨਗਰ ਨਿਗਮ ਵੱਲੋਂ ਉਪਰਾਲੇ
Publish Date: Sat, 14 Nov 2026 04:38 PM (IST)
Updated Date: Sat, 14 Nov 2026 04:39 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ, ਸੈਂਸਜ-2027 ਦੇ ਦੂਜੇ ਪੜਾਅ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਅਤੇ ਸਵੈ-ਗਣਨਾ ਦੀ ਪ੍ਰਕਿਰਿਆ ਨੂੰ ਲੋਕ ਲਹਿਰ ਦਾ ਰੂਪ ਦੇਣ ਲਈ ਨਗਰ ਨਿਗਮ ਬਠਿੰਡਾ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਜਨਗਣਨਾ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਬਠਿੰਡਾ ਕਮ ਪ੍ਰਿੰਸੀਪਲ ਸੈਂਸਜ ਅਫ਼ਸਰ ਲਵਜੀਤ ਕਲਸੀ ਨੇ ਦੱਸਿਆ ਕਿ ਨਗਰ ਨਿਗਮ ਦਫ਼ਤਰ ਵਿਖੇ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵਿਸ਼ੇਸ਼ ਜਾਗਰੂਕਤਾ ਅਤੇ ਸਿਖਲਾਈ ਸੈਸ਼ਨ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਸਵੈ-ਗਣਨਾ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਅਤੇ ਵੱਧ ਤੋਂ ਵੱਧ ਪਰਿਵਾਰਾਂ ਨੂੰ ਇਸ ਪ੍ਰਕਿਰਿਆ ਨਾਲ ਜੋੜਨਾ ਸੀ। ਉਨ੍ਹਾਂ ਵੱਖ-ਵੱਖ ਸੰਸਥਾਵਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ, ਅਧਿਆਪਕਾਂ, ਵਿਦਿਆਰਥੀਆਂ, ਮੈਂਬਰਾਂ ਅਤੇ ਆਮ ਲੋਕਾਂ ਨੂੰ ਸਵੈ-ਗਣਨਾ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਜਨਗਣਨਾ ਦੇਸ਼ ਦੇ ਵਿਕਾਸ ਅਤੇ ਭਵਿੱਖ ਦੀਆਂ ਯੋਜਨਾਵਾਂ ਬਣਾਉਣ ਲਈ ਬਹੁਤ ਮਹੱਤਵਪੂਰਨ ਪ੍ਰਕਿਰਿਆ ਹੈ। ਇਸ ਲਈ ਹਰੇਕ ਨਾਗਰਿਕ ਨੂੰ ਇਸ ਵਿੱਚ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਸਿਖਲਾਈ ਸੈਸ਼ਨ ਦੌਰਾਨ ਸਵੈ-ਗਣਨਾ ਦੀ ਆਨਲਾਈਨ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਦੱਸਿਆ ਗਿਆ ਕਿ ਨਾਗਰਿਕ ਸਰਕਾਰੀ ਪੋਰਟਲ https://se.census.gov.in ਰਾਹੀਂ ਘਰ ਬੈਠੇ ਹੀ ਆਪਣੇ ਪਰਿਵਾਰ ਅਤੇ ਰਿਹਾਇਸ਼ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਖੁਦ ਦਰਜ ਕਰ ਸਕਦੇ ਹਨ। ਹਾਜ਼ਰੀਨ ਨੂੰ ਪੋਰਟਲ ਦੀ ਵਰਤੋਂ, ਡਿਜੀਟਲ ਜਾਣਕਾਰੀ ਭਰਨ ਅਤੇ ਆਨਲਾਈਨ ਪ੍ਰਕਿਰਿਆ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਸਬੰਧੀ ਵਿਹਾਰਕ ਸਿਖਲਾਈ ਵੀ ਦਿੱਤੀ ਗਈ। ਇਸ ਮੌਕੇ ਸੈਂਸਜ-2027 ਦੇ ਸਫ਼ਲ ਸੰਚਾਲਨ ਲਈ ਨਿਯੁਕਤ ਦਸ ਫ਼ੀਲਡ ਟ੍ਰੇਨਰਾਂ ਕਪਿਲ ਕੁਮਾਰ, ਪਰਮੋਦ ਕੁਮਾਰ ਗਰਗ, ਦੀਪਕ ਗਰਗ, ਅਮਿਤ ਗਰਗ, ਗਮਦੂਰ ਸਿੰਘ, ਪਰਲਾਦ ਕੁਮਾਰ, ਰਾਕੇਸ਼ ਕੁਮਾਰ, ਅੰਕਿਤ ਰਾਜ, ਪਵਨ ਕੁਮਾਰ ਅਤੇ ਸਰਬਜੀਤ ਸ਼ਰਮਾ ਵੱਲੋਂ ਅਹਿਮ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ। ਇਹ ਟ੍ਰੇਨਰ ਜਨਗਣਨਾ ਦੇ ਵੱਖ-ਵੱਖ ਪੜਾਵਾਂ, ਡਿਜੀਟਲ ਪ੍ਰਕਿਰਿਆ, ਸਵੈ-ਗਣਨਾ ਅਤੇ ਫੀਲਡ ਵਰਕ ਸਬੰਧੀ ਤਕਨੀਕੀ ਤੇ ਵਿਹਾਰਕ ਜਾਣਕਾਰੀ ਮੁਹੱਈਆ ਕਰਵਾ ਰਹੇ ਹਨ, ਤਾਂ ਜੋ ਸਮੁੱਚਾ ਕੰਮ ਬਿਨਾਂ ਕਿਸੇ ਮੁਸ਼ਕਲ ਦੇ ਪੂਰਾ ਕੀਤਾ ਜਾ ਸਕੇ। ਇਸ ਦੌਰਾਨ ਸੈਂਸਜ-2027 ਦੇ ਦੂਜੇ ਪੜਾਅ ਲਈ ਨਿਯੁਕਤ ਕੀਤੇ ਗਏ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ ਗਏ। ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਕੰਮ ਮੁਕੰਮਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਘਰਾਂ ਦੀ ਗਣਨਾ, ਪਰਿਵਾਰਾਂ ਦੀ ਜਾਣਕਾਰੀ ਇਕੱਤਰ ਕਰਨ, ਸਟਾਫ਼ ਦੀ ਸਿਖਲਾਈ, ਤਕਨੀਕੀ ਤਿਆਰੀਆਂ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਕਮਿਸ਼ਨਰ ਲਵਜੀਤ ਕਲਸੀ ਨੇ ਕਿਹਾ ਕਿ ਸੈਂਸਜ-2027 ਦੀ ਸਫ਼ਲਤਾ ਲਈ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਮੂਹ ਅਧਿਕਾਰੀਆਂ, ਕਰਮਚਾਰੀਆਂ, ਸੰਸਥਾਵਾਂ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਅਸਿਸਟੈਂਟ ਕਮਿਸ਼ਨਰ ਨਗਰ ਨਿਗਮ ਬਠਿੰਡਾ ਸੁਨੀਲ ਮਹਿਤਾ, ਜ਼ਿਲ੍ਹਾ ਇੰਚਾਰਜ ਸੈਂਸਜ ਸੈੱਲ ਹਰਵਿੰਦਰ ਸਿੰਘ, ਜ਼ਿਲ੍ਹਾ ਮਾਸਟਰ ਟ੍ਰੇਨਰ ਮੁਕੇਸ਼ ਬਾਂਸਲ ਅਤੇ ਸੈਂਸਜ ਸੁਪਰਡੈਂਟ ਪ੍ਰਦੀਪ ਕੁਮਾਰ ਮਿੱਤਲ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਇਸ ਤੋਂ ਇਲਾਵਾ ਨਗਰ ਨਿਗਮ ਦੀ ਸੈਂਸਜ ਟੀਮ ਦੇ ਮੈਂਬਰ ਬਲਵਾਨ ਸਿੰਘ, ਰਾਜਲ ਬਾਂਸਲ, ਲਲਿਤ ਕੁਮਾਰ, ਲਖਵੀਰ ਸਿੰਘ ਅਤੇ ਇਸ਼ੂ ਬਾਂਸਲ ਵੀ ਹਾਜ਼ਰ ਰਹੇ।