ਗੁਰਰਤੇਜ ਸਿੱਧੂ, ਬਠਿੰਡਾ : ਕੇਂਦਰੀ ਜੇਲ੍ਹ 'ਚ ਬੰਦ ਇਕ ਨੌਜਵਾਨ ਹਵਾਲਾਤੀ ਦੀ ਭੇਤਭਰੇ ਹਾਲਾਤ 'ਚ ਮੌਤ ਹੋ ਗਈ। 21 ਸਾਲਾ ਨੌਜਵਾਨ ਚਮਕੌਰ ਸਿੰਘ ਜ਼ਿਲ੍ਹੇ ਦੇ ਪਿੰਡ ਜੰਡੀਆਂ ਦਾ ਰਹਿਣ ਵਾਲਾ ਸੀ। ਉਕਤ ਨੌਜਵਾਨ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਗਿਆ ਸੀ ਜੋ ਪਿਛਲੇ ਕੁਝ ਸਮੇਂ ਤੋਂ ਕੇਂਦਰੀ ਜੇਲ੍ਹ 'ਚ ਬੰਦ ਸੀ। ਉਸ ਦੀ ਅਚਾਨਕ ਮੌਤ ਹੋ ਗਈ। ਸਿਵਲ ਹਸਪਤਾਲ ਬਠਿੰਡਾ ਪੁੱਜੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਹਵਾਲਾਤੀ ਚਮਕੌਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ ਪਰ ਜੇਲ੍ਹ ਦੇ ਅਧਿਕਾਰੀਆਂ ਨੇ ਉਸ ਦਾ ਸਹੀ ਢੰਗ ਨਾਲ ਇਲਾਜ ਨਹੀਂ ਕਰਵਾਇਆ ਜਿਸ ਕਾਰਨ ਉਸ ਦੀ ਮੌਤ ਹੋਈ ਹੈ।

ਪਰਿਵਾਰਕ ਮੈਂਬਰਾਂ ਨੇ ਚਮਕੌਰ ਸਿੰਘ ਦੀ ਮੌਤ ਲਈ ਜੇਲ੍ਹ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਦੱਸਦਿਆਂ ਸਿਵਲ ਹਸਪਤਾਲ 'ਚ ਰੋਸ ਪ੍ਰਦਰਸ਼ਨ ਕੀਤਾ। ਇਸ ਮਾਮਲੇ ਸਬੰਧੀ ਜੇਲ੍ਹ ਅਧਿਕਾਰੀਆਂ ਦਾ ਕਹਿਣਾ ਸੀ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਾਏ ਜਾ ਰਹੇ ਦੋਸ਼ ਸਹੀ ਨਹੀਂ ਹਨ। ਦੂਜੇ ਪਾਸੇ ਇਸ ਮਾਮਲੇ ਦੀ ਮੈਜਿਸਟਰੇਟੀ ਜਾਂਚ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਅੱਜ ਮਿ੍ਤਕ ਦਾ ਤਿੰਨ ਡਾਕਟਰਾਂ ਦੇ ਪੈਨਲ ਵੱਲੋਂ ਪੋਸਟਮਾਰਟਮ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਨੇ ਪੋਸਟਮਾਰਟਮ ਮੌਕੇ ਵੀਡੀਓਗ੍ਰਾਫੀ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਹਨ। ਡਾਕਟਰਾਂ ਦਾ ਕਹਿਣਾ ਸੀ ਕਿ ਪੋਸਟ ਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮਿ੍ਤਕ ਦੀ ਮੌਤ ਦੇ ਕਾਰਨਾਂ ਦਾ ਪਤਾ ਚੱਲ ਸਕੇਗਾ।

ਭੜਕੇ ਪਰਿਵਾਰਕ ਮੈਂਬਰਾਂ ਲਾਇਆ ਜਾਮ

ਚਮਕੌਰ ਸਿੰਘ ਦੀ ਮੌਤ ਤੋਂ ਬਾਅਦ ਭੜਕੇ ਪਰਿਵਾਰਕ ਮੈਂਬਰਾਂ ਨੇ ਬਠਿੰਡਾ-ਮਾਨਸਾ-ਡੱਬਵਾਲੀ ਓਵਰ ਬਰਿੱਜ 'ਤੇ ਜਾਮ ਲਗਾ ਦਿੱਤਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਤੇ ਮੈਂਬਰ ਵੀ ਵੱਡੀ ਗਿਣਤੀ ਪੁੱਜੇ ਹੋਏ ਸਨ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਬੀਕੇਯੂ ਦੇ ਵਰਕਰਾਂ ਨੇ ਇਸ ਮੌਕੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੌਤ ਦੇ ਮਾਮਲੇ 'ਚ ਦੋਸ਼ੀ ਪਾਏ ਜਾਣ ਵਾਲੇ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Posted By: Seema Anand