ਹਰਮੇਲ ਸਾਗਰ, ਭੁੱਚੋ ਮੰਡੀ : ਹਰਿਆਣਾ ਦੇ ਟੋਲ ਪਲਾਜ਼ਾ ਖੂਹੀਆ ਵਿਖੇ ਚੱਲ ਰਹੇ ਧਰਨੇ ਵਿਚ ਰਾਤ ਇਕ ਵਜੇ ਕਿਸਾਨਾਂ ਨੂੰ ਚੁੱਕਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ 'ਚ ਭੁੱਚੋ ਖ਼ੁਰਦ ਦੇ ਬੈਸਟ ਪ੍ਰਰਾਈਜ ਮਾਲ ਅੱਗੇ ਹਰਿਆਣਾ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਬਲਜੀਤ ਸਿੰਘ ਪੂਹਲਾ, ਲਖਵੀਰ ਸਿੰਘ, ਸਿਮਰਜੀਤ ਸਿੰਘ ਚੱਕ ਫ਼ਤਹਿ ਸਿੰਘ ਵਾਲਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ 'ਤੇ ਕਿਸਾਨ ਸੰਘਰਸ਼ ਨੂੰ ਦਬਾਉਣ ਲਈ ਅਜਿਹੇ ਕਾਰਨਾਮਿਆਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਉਹ ਹਰਿਆਣੇ ਦੇ ਕਿਸਾਨਾਂ ਦੀ ਡਟਵੀਂ ਹਮਾਇਤ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਕਿਸਾਨ ਵਿਰੋਧੀ ਦਿੱਤੇ ਜਾ ਰਹੇ ਬਿਆਨਾਂ ਦੀ ਸਖਤ ਸ਼ਬਦਾਂ 'ਚ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਉਹ 26 ਨਵੰਬਰ ਨੂੰ ਦਿੱਲੀ ਵੱਲ ਕੂਚ ਕਰਨਗੇ ਅਤੇ ਮੰਗਾਂ ਨੂੰ ਮਨਵਾਉਣ ਤਕ ਸੰਘਰਸ਼ ਜਾਰੀ ਰੱਖਣਗੇ।